Beadbi in Mansurpur : ਫਿਲੌਰ ਦੇ ਪਿੰਡ ਮਨਸੂਰਪੁਰ 'ਚ ਅੱਜ ਤੜਕੇ ਇੱਕ ਵਿਅਕਤੀ ਨੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਵਿਅਕਤੀ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਕਾਫੀ ਹੰਗਾਮਾ ਕੀਤਾ ਤੇ ਗੁਰਦੁਆਰਾ ਸਾਹਿਬ ਵਿੱਚ ਪਏ ਸਾਮਾਨ ਦੀ ਵੀ ਭੰਨਤੋੜ ਕੀਤੀ। ਪਿੰਡ ਵਾਸੀਆਂ ਨੇ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਫੜ ਲਿਆ ਹੈ ਪਰ ਪੂਰੇ ਪਿੰਡ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।
ਉੱਥੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਵੱਲੋਂ ਪਹਿਲਾਂ ਗੋਲਕ ਤੋੜਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਦੇ ਨਾਲ ਹੀ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਂਦਾ ਹੈ, ਉੱਥੇ ਤੰਬਾਕੂ ਖਾਣ ਤੋਂ ਬਾਅਦ ਥੁੱਕਿਆ ਵੀ ਗਿਆ ਹੈ। ਬੇਅਦਬੀ ਦੀ ਇਸ ਘਟਨਾ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਿੱਖ ਸੰਗਤ ਦਾ ਕਹਿਣਾ ਹੈ ਕਿ ਇਹ ਸਭ ਕੁਝ ਜਾਣਬੁੱਝ ਕੇ ਲੋਕਾਂ ਦੇ ਵਿਸ਼ਵਾਸ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਕੀਤਾ ਗਿਆ ਹੈ।
ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਫਿਲੌਰ ਤਹਿਸੀਲ ਦੇ ਉੱਚ ਅਧਿਕਾਰੀ ਅਤੇ ਭਾਰੀ ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਸਥਿਤੀ ਨੂੰ ਸ਼ਾਂਤ ਕਰਨ 'ਚ ਜੁਟੀ ਹੋਈ ਹੈ। ਪੰਜਾਬ ਪੁਲਿਸ ਨੇ ਟਵੀਟ ਕਰਕੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਕਾਂਡ ਨਾਲ ਸਬੰਧਤ ਮੁਲਜ਼ਮ ਪੀ.ਐਸ ਗੁਰਾਇਆ ਜ਼ਿਲ੍ਹਾ ਜਲੰਧਰ (ਦਿਹਾਤੀ) ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਮਾਮਲਾ ਦਰਜ ਕਰਕੇ ਤਫਤੀਸ਼ ਜਾਰੀ ਹੈ, ਸਥਿਤੀ ਕਾਬੂ ਹੇਠ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰਕੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਆਪਣੇ ਟਵੀਟ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਨੂੰ ਟੈਗ ਕਰਦਿਆਂ ਲਿਖਿਆ ਹੈ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਡੀਜੀਪੀ ਨੂੰ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦੇਵੇ। ਇਹ ਬਹੁਤ ਹੀ ਦੁਖਦਾਈ ਘਟਨਾ ਹੈ ਅਤੇ ਇਹ ਅਪਰਾਧ ਮੁਆਫ਼ ਕਰਨ ਯੋਗ ਨਹੀਂ ਹੈ।