Ludhiana News: ਲੁਧਿਆਣਾ ਦੇ ਸਕੂਲ ਵਿੱਚ ਇਮਾਰਤ ਦਾ ਲੈਂਟਰ ਡਿੱਗਣ ਮਗਰੋਂ ਸਿੱਖਿਆ ਵਿਭਾਗ ਨੇ ਪੰਜਾਬ ਦੇ ਸਕੂਲਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕੀਤਾ ਗਿਆ ਹੈ ਕਿ ਸਾਰੇ ਸਕੂਲਾਂ ਵਿੱਚ ਚੱਲ ਰਹੇ ਉਸਾਰੀ ਤੇ ਮੁਰੰਮਤ ਦੇ ਕੰਮ ਸਕੂਲ ਵਿੱਚ ਛੁੱਟੀ ਤੋਂ ਬਾਅਦ ਹੀ ਕਰਵਾਏ ਜਾਣ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਸਕੂਲ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਲਈ ਕਮਰਿਆਂ ਦੀ ਉਸਾਰੀ, ਮੁਰੰਮਤ ਤੇ ਰੱਖ-ਰਖਾਅ ਲਈ ਵੱਖ-ਵੱਖ ਸਕੀਮਾਂ ਤਹਿਤ ਫੰਡ ਜਾਰੀ ਕੀਤੇ ਜਾਂਦੇ ਹਨ। ਇਨ੍ਹਾਂ ਫੰਡਾਂ ਦੀ ਸਹੀ ਵਰਤੋਂ ਹੋਣੀ ਚਾਹੀਦੀ ਹੈ।
ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਜਿਸ ਸਕੂਲ ਵਿੱਚ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਜਾਵੇ, ਉਸ ਸਕੂਲ ਦੇ ਪ੍ਰਿੰਸੀਪਲ ਨੂੰ ਉਸ ਕੰਮ ਦੀ ਮਹੱਤਤਾ ਨੂੰ ਸਮਝਣਾ ਚਾਹੀਦਾ ਹੈ, ਤਾਂ ਜੋ ਇਹ ਕੰਮ ਬਿਨਾਂ ਕਿਸੇ ਰੁਕਾਵਟ ਦੇ ਵਧੀਆ ਤਰੀਕੇ ਨਾਲ ਕੀਤਾ ਜਾ ਸਕੇ। ਸਕੂਲ ਮੁਖੀ ਇਸ ਗੱਲ ਦੀ ਠੋਸ ਰਿਪੋਰਟ ਦੇਣਗੇ ਕਿ ਜਿੱਥੇ ਇਹ ਉਸਾਰੀ ਜਾਂ ਮੁਰੰਮਤ ਦਾ ਕੰਮ ਚੱਲ ਰਿਹਾ ਹੈ, ਉਸ ਥਾਂ 'ਤੇ ਲੋਕ ਨਿਰਮਾਣ ਵਿਭਾਗ ਵੱਲੋਂ ਸੁਰੱਖਿਆ ਦਾ ਧਿਆਨ ਰੱਖਿਆ ਗਿਆ ਹੈ ਜਾਂ ਨਹੀਂ।
ਵਿਭਾਗ ਨੇ ਕਿਹਾ ਹੈ ਕਿ ਕਿਸੇ ਵੀ ਸਟਾਫ਼ ਮੈਂਬਰ ਜਾਂ ਵਿਦਿਆਰਥੀ ਨੂੰ ਉਸਾਰੀ ਅਧੀਨ ਥਾਂ 'ਤੇ ਨਾ ਜਾਣ ਦਿੱਤਾ ਜਾਵੇ। ਜਿਨ੍ਹਾਂ ਥਾਵਾਂ 'ਤੇ ਬਹੁ-ਮੰਜ਼ਿਲਾ ਇਮਾਰਤਾਂ ਬਣ ਰਹੀਆਂ ਹਨ, ਉਥੇ ਕੰਮ ਵਿੱਚ ਵਰਤੀ ਜਾਣ ਵਾਲੀ ਸਮੱਗਰੀ ਲੋੜ ਅਨੁਸਾਰ ਹੀ ਸਪਲਾਈ ਕੀਤੀ ਜਾਵੇ। ਇਸ ਦੇ ਨਾਲ ਹੀ ਜਿੱਥੇ ਕਿਤੇ ਵੀ ਮੁਰੰਮਤ ਆਦਿ ਦਾ ਕੰਮ ਚੱਲ ਰਿਹਾ ਹੈ, ਉੱਥੇ ਮਲਬਾ ਤੁਰੰਤ ਹਟਾਇਆ ਜਾਵੇ।
ਠੇਕੇਦਾਰ ਵੱਲੋਂ ਸਕੂਲ ਵਿੱਚ ਚੇਤਾਵਨੀ ਬੋਰਡ ਲਗਾਏ ਜਾਣ। ਸਕੂਲ ਵਿੱਚ ਜਿਸ ਥਾਂ ’ਤੇ ਉਸਾਰੀ ਦਾ ਕੰਮ ਚੱਲ ਰਿਹਾ ਹੈ, ਉਸ ਹਿੱਸੇ ਦੀ ਵਰਤੋਂ ਬਿਲਕੁਲ ਵੀ ਨਾ ਕੀਤੀ ਜਾਵੇ। ਸਬੰਧਤ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ 3 ਤੋਂ 5 ਮੈਂਬਰੀ ਕਮੇਟੀ ਬਣਾਈ ਜਾਵੇ, ਜਿਸ ਵਿੱਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਜੂਨੀਅਰ ਇੰਜੀਨੀਅਰ, ਤਕਨੀਕੀ ਮਾਹਿਰ ਅਫ਼ਸਰ ਆਦਿ ਸ਼ਾਮਲ ਹੋਣ।
ਇਹ ਅਧਿਕਾਰੀ ਆਪਣੀਆਂ ਵੱਖਰੀਆਂ ਟੀਮਾਂ ਬਣਾ ਕੇ ਹਫ਼ਤੇ ਵਿੱਚ ਘੱਟੋ-ਘੱਟ ਦੋ ਵਾਰ ਉਨ੍ਹਾਂ ਸਕੂਲਾਂ ਦੀ ਜਾਂਚ ਕਰਨਗੇ ਜਿੱਥੇ ਉਸਾਰੀ ਦਾ ਕੰਮ ਚੱਲ ਰਿਹਾ ਹੈ। ਸਿੱਖਿਆ ਵਿਭਾਗ ਅਨੁਸਾਰ ਜੇਕਰ ਕੋਈ ਵਿਅਕਤੀ ਇਨ੍ਹਾਂ ਹੁਕਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਤੁਰੰਤ ਕਾਰਵਾਈ ਕੀਤੀ ਜਾਵੇਗੀ।