Ludhiana News: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸੂਬੇ ਭਰ ਵਿੱਚੋਂ ਆਏ ਖਿਡਾਰੀਆਂ ਨੂੰ ਅੱਜ 17 ਨਵੰਬਰ ਨੂੰ ਲੁਧਿਆਣਾ ਵਿਖੇ ਸਨਮਾਨਿਤ ਕਰਨਗੇ। ਇਸ ਸਬੰਧੀ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਮਾਪਤੀ ਸਮਾਗਮ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਖੇਡ ਮੇਲੇ ਕਰਵਾਏ ਗਏ ਹਨ। ਹੁਣ ਇਨ੍ਹਾਂ ਖੇਡਾਂ ਦੇ ਜੇਤੂਆਂ ਨੂੰ ਸਨਮਾਨਤ ਕੀਤਾ ਜਾਏਗਾ।

ਹਾਸਲ ਜਾਣਕਾਰੀ ਮੁਤਾਬਕ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਵਧਾਉਣ ਦੇ ਮਕਸਦ ਨਾਲ ਪੰਜਾਬ ਭਰ ਵਿੱਚ ਚੱਲ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਮਾਪਤੀ ਸਮਾਗਮ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਅੱਜ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਖਿਡਾਰੀਆਂ ਨੂੰ ਸਨਮਾਨਿਤ ਕਰਨਗੇ। ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵੱਲੋਂ ਉੱਚ ਅਧਿਕਾਰੀਆਂ ਨਾਲ ਸਟੇਡੀਅਮ ਦਾ ਦੌਰਾ ਕੀਤਾ ਗਿਆ।


 ਇਹ ਵੀ ਪੜ੍ਹੋ : Sidhu Moose Wala: ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਸਿਹਤ ਮੰਤਰੀ ਨਾਲ ਕੀਤੀ ਮੁਲਾਕਾਤ, ਮੰਤਰੀ ਜੌੜਾਮਾਜਰਾ ਕੋਲ ਰੱਖੀ ਇਹ ਮੰਗ

ਡਿਪਟੀ ਕਮਿਸ਼ਨਰ ਵੱਲੋਂ ਵਧੀਕ ਡਿਪਟੀ ਕਮਿਸ਼ਨਰਾਂ ਅਮਿਤ ਕੁਮਾਰ ਪੰਚਾਲ, ਰਾਹੁਲ ਚਾਬਾ, ਅਮਰਜੀਤ ਬੈਂਸ ਤੇ ਅਨੀਤਾ ਦਰਸ਼ੀ ਸਮੇਤ ਵੱਖ-ਵੱਖ ਅਧਿਕਾਰੀਆਂ ਨਾਲ ਸਟੇਡੀਅਮ ਵਿਖੇ ਵਿਚਾਰ-ਵਟਾਂਦਰਾ ਕਰਦੇ ਹੋਏ ਦਿਸ਼ਾ-ਨਿਰਦੇਸ਼ ਦਿੱਤੇ ਤੇ ਮੈਗਾ ਸਮਾਪਤੀ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕਰਨ ਲਈ ਵੀ ਕਿਹਾ।

ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਲੋਕਾਂ ਦੇ ਬੈਠਣ ਲਈ, ਗੱਡੀਆਂ ਦੀ ਪਾਰਕਿੰਗ, ਮੈਡੀਕਲ ਅਤੇ ਫਾਇਰ ਫਾਈਟਿੰਗ ਟੀਮਾਂ ਦੀ ਤਾਇਨਾਤੀ, ਸੁਰੱਖਿਆ ਤੇ ਹੋਰ ਢੁਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ ਤੇ ਇਸ ਦੀ ਪੂਰੀ ਯੋਜਨਾਬੰਦੀ ਕੀਤੀ ਜਾਵੇ। ਮਲਿਕ ਨੇ ਦੱਸਿਆ ਕਿ ਟ੍ਰੈਫਿਕ ਡਾਇਵਰਸ਼ਨ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ, ਮੈਡੀਕਲ ਅਤੇ ਹੋਰ ਸਹੂਲਤਾਂ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ।

ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਪਤਵੰਤੇ, ਵਿਦਿਆਰਥੀਆਂ, ਆਮ ਲੋਕਾਂ ਆਦਿ ਨੂੰ ਸਮਾਗਮ ਵਿੱਚ ਸ਼ਮੂਲੀਅਤ ਦੌਰਾਨ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਸਮੂਹ ਸਟਾਫ਼ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ।