Ludhiana News : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਲੁਧਿਆਣਾ ਨਗਰ ਨਿਗਮ ਵਿੱਚ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ 3542 ਸਫਾਈ ਸੇਵਕਾਂ ਤੇ ਸੀਵਰਮੈਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਕੇ ਇਨਾਂ ਕਰਮੀਆਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਹੈ। ਕੈਬਨਿਟ ਮੰਤਰੀ ਡਾ ਇੰਦਰਬੀਰ ਸਿੰਘ ਨਿੱਝਰ ਨੇ ਮੰਗਲਵਾਰ ਨੂੰ ਗੁਰੂ ਨਾਨਕ ਦੇਵ ਭਵਨ ਵਿੱਚ ਹੋਏ ਸਮਾਗਮ ਦੌਰਾਨ ਕਰੀਬ 150 ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਸ਼ਹਿਰ ਵਿੱਚ ਸਾਰੇ ਨਿਯੁਕਤੀ ਪੱਤਰ ਪੜਾਅਵਾਰ ਢੰਗ ਨਾਲ ਦਿੱਤੇ ਜਾਣਗੇ।


ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਪਹਿਲਾਂ ਪਾਸ ਕੀਤੇ ਗਏ ਮਤੇ ਵਿੱਚ ਕੁਝ ਗੜਬੜੀ ਸੀ, ਜੋ ਇਨ੍ਹਾਂ ਕਰਮੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ’ਚ ਮੁੱਖ ਅੜਿੱਕਾ ਬਣ ਰਿਹਾ ਸੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ‘ਆਪ’ ਸਰਕਾਰ ਬਣਨ ਮਗਰੋਂ ਮੁਲਾਜ਼ਮਾਂ ਰੈਗੂਲਰ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਗਈ ਹੈ, ਇਸ ਲਈ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। 


ਕੋਵਿਡ-19 ਦੌਰਾਨ ਸਫ਼ਾਈ ਕਰਮੀਆਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਫ਼ਾਈ ਕਰਮੀਆਂ ਨੇ ਆਪਣੀ ਜਾਨ ਜੋਖਮ ਵਿੱਚ ਪਾ ਕੇ ਸਾਫ਼-ਸੁਥਰਾ ਮਾਹੌਲ ਯਕੀਨੀ ਬਣਾਇਆ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਤੇ ਸੀਵਰਮੈਨ ਅਤੇ ਪੁਲੀਸ ਮੁਲਾਜ਼ਮ ਸਮਾਜ ਦੀ ਬਿਹਤਰੀ ਲਈ ਹਮੇਸ਼ਾ ਡਿਊਟੀ ’ਤੇ ਰਹਿੰਦੇ ਹਨ। 



ਉਨ੍ਹਾਂ ਰੈਗੂਲਰ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵਧੀਆ ਮਿਆਰੀ ਸਿੱਖਿਆ ਉਪਲਬਧ ਕਰਾਉਣ ਕਿਉਂਕਿ ਸੂਬਾ ਸਰਕਾਰ ਵੱਲੋਂ ਵਿਸ਼ਵ ਪੱਧਰੀ ਵਿੱਦਿਅਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਨੇ ਐਲਾਨ ਕੀਤਾ ਕਿ ਨਗਰ ਨਿਗਮ ਲੁਧਿਆਣਾ ਵਿੱਚ ਡੀਸੀ ਰੇਟ ’ਤੇ ਕੰਮ ਕਰਦੇ 456 ਬੇਲਦਾਰਾਂ ਤੇ ਡਰਾਈਵਰਾਂ, ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਵੀ ਸੁਰੂ ਕਰ ਦਿੱਤੀ ਗਈ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।