Ludhiana News : ਪੁਰਾਣੀ ਪੈਨਸ਼ਨ ਨੂੰ ਲੈ ਕੇ ਮੁਲਾਜ਼ਮ ਅਜੇ ਵੀ ਭੰਬਲਭੂਸੇ ਵਿੱਚ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਨੋਟੀਫਿਕੇਸ਼ਨ ਵਿੱਚ ਕਈ ਕੁਝ ਸਪਸ਼ਟ ਨਹੀਂ ਕੀਤਾ ਜਿਸ ਕਰਕੇ ਅਜੇ ਕਈ ਭੁਲੇਖੇ ਖੜ੍ਹੇ ਹਨ। ਮੁਲਾਜ਼ਮ ਲੀਡਰਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜਨਵਰੀ 2004 ਤੋਂ ਪਹਿਲਾਂ ਲਾਗੂ ਤੇ ਪੈਨਸ਼ਨ ਨਿਯਮ 1972 ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਹਦਾਇਤਾਂ ਜਲਦੀ ਜਾਰੀ ਕੀਤੀਆਂ ਜਾਣ।


ਇਸ ਬਾਰੇ ਮੁਲਾਜ਼ਮ ਲੀਡਰਾਂ ਦਾ ਕਹਿਣਾ ਹੈ ਕਿ ਭਾਵੇਂ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਫੈਸਲਾ ਲਿਆ ਗਿਆ ਹੈ ਪਰ ਨੋਟੀਫਿਕੇਸ਼ਨ ਅਨੁਸਾਰ ਇਸ ਸਬੰਧੀ ਬਾਕੀ ਪ੍ਰਬੰਧ ਤੇ ਨਿਯਮ ਬਾਅਦ ਵਿੱਚ ਜਾਰੀ ਕਰਨ ਬਾਰੇ ਵੀ ਲਿਖਿਆ ਹੈ ਜਿਸ ਨਾਲ ਪੰਜਾਬ ਦੇ ਮੁਲਾਜ਼ਮਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਸ਼ੱਕੀ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਨੋਟੀਫਿਕੇਸ਼ਨ ਸਥਿਤੀ ਸਪਸ਼ਟ ਨਹੀਂ ਕਰਦਾ। 


ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਜਥੇਬੰਦੀ ਦੀ 17 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ਼ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਪੈਨਲ ਮੀਟਿੰਗ ਹੋਈ ਸੀ। ਇਸ ਵਿੱਚ ਮੰਤਰੀ ਵੱਲੋਂ ਮੰਨਿਆ ਗਿਆ ਸੀ ਕਿ 01-01-2004 ਤੋਂ ਪਹਿਲਾਂ ਲਾਗੂ ਪੁਰਾਣੀ ਪੈਨਸ਼ਨ ਸਕੀਮ ਹੂ-ਬ-ਹੂ ਲਾਗੂ ਕੀਤੀ ਜਾਵੇਗੀ। 


ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ ਕਲਾਂ, ਰਣਦੀਪ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ, ਟਹਿਲ ਸਿੰਘ ਸਰਾਭਾ, ਕੰਵਲਜੀਤ ਸਿੰਘ ਰੋਪੜ, ਦਰਸ਼ੀ ਕਾਂਤ ਰਾਜਪੁਰਾ, ਗੁਰਇਕਬਾਲ ਸਿੰਘ ਪੀਏਯੂ, ਜਸਬੀਰ ਕੌਰ ਮਾਹੀ ਅਤੇ ਜਸਵਿੰਦਰ ਸਿੰਘ ਨਿਹਾਲ ਸਿੰਘ ਵਾਲਾ ਤੇ ਪ੍ਰਵੀਨ ਕੁਮਾਰ ਲੁਧਿਆਣਾ ਵੱਲੋਂ ਬਿਆਨ ਰਾਹੀਂ ਦਸਿਆ ਗਿਆ ਕਿ ਜਥੇਬੰਦੀ ਦੀ ਸੂਬਾਈ ਕਮੇਟੀ ਵੱਲੋਂ 30 ਦਸੰਬਰ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਸੂਬਾ ਪੱਧਰੀ ਮੀਟਿੰਗ ਕੀਤੀ ਜਾਵੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।