Ludhiana News: ਸੋਸ਼ਲ ਮੀਡੀਆ ਉੱਪਰ ਚਰਚਾ ਵਿੱਚ ਰਹਿਣ ਵਾਲੇ ਕਾਂਗਰਸੀ ਆਗੂ ਗੁਰਸਿਮਰਨ ਮੰਡ ਦੀ ਸੁਰੱਖਿਆ ਵਿੱਚ ਤਾਇਨਾਤ ਪੰਜ ਪੁਲਿਸ ਮੁਲਾਜ਼ਮਾਂ ਨੂੰ ਪੁਲਿਸ ਕਮਿਸ਼ਨਰ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ। ਪਤਾ ਲੱਗਾ ਹੈ ਕਿ ਇਹ ਪੁਲਿਸ ਮੁਲਜ਼ਮ ਗਾਇਬ ਸਨ ਜਿਸ ਕਰਕੇ ਉਨ੍ਹਾਂ ਨੂੰ ਸਸਪੈਂਡ ਕੀਤਾ ਗਿਆ ਹੈ। ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਹੱਤਿਆ ਮਗਰੋਂ ਗੁਰਸਿਮਰਨ ਮੰਡ ਨੂੰ ਵੀ ਧਮਕੀਆਂ ਮਿਲੀਆਂ ਸੀ।


ਹਾਸਲ ਜਾਣਕਾਰੀ ਅਨੁਸਾਰ ਬੀਤੇ ਦਿਨ ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਹੱਤਿਆ ਤੋਂ ਬਾਅਦ ਪਾਕਿਸਤਾਨ ਬੈਠੇ ਗਰਮ ਖ਼ਿਆਲੀ ਗੋਪਾਲ ਸਿੰਘ ਵੱਲੋਂ ਇੱਕ ਵੀਡੀਓ ਸੰਦੇਸ਼ ਜਾਰੀ ਕਰ ਕੇ ਮੰਡ ਸਮੇਤ ਕੁੱਝ ਹੋਰ ਆਗੂਆਂ ਨੂੰ ਵੀ ਧਮਕੀਆਂ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਮੰਡ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ ਤੇ ਉਸ ਨੂੰ ਬੁਲਟ ਪਰੂਫ਼ ਜੈਕੇਟ ਵੀ ਦਿੱਤੀ ਗਈ ਸੀ। 


ਮੰਡ ਦੀ ਸੁਰੱਖਿਆ ਦਾ ਨਿਰੀਖਣ ਕਰਨ ਬੀਤੀ ਰਾਤ ਜੁਆਇੰਟ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਮੰਡ ਦੇ ਘਰ ਪਹੁੰਚੇ ਤਾਂ ਉਥੇ ਮੰਡ ਦੀ ਸੁਰੱਖਿਆ ਵਿਚ ਲੱਗੇ ਪੰਜ ਪੁਲਿਸ ਮੁਲਾਜ਼ਮ ਗੈਰ ਹਾਜ਼ਰ ਸਨ। ਰਵਚਰਨ ਸਿੰਘ ਬਰਾੜ ਵੱਲੋਂ ਇਹ ਸਾਰਾ ਮਾਮਲਾ ਪੁਲਿਸ ਕਮਿਸ਼ਨਰ ਡਾ. ਕੌਸ਼ਤਬ ਸ਼ਰਮਾ ਦੇ ਧਿਆਨ ਵਿਚ ਲਿਆਂਦਾ ਤਾਂ ਉਨ੍ਹਾਂ ਨੇ ਫ਼ੌਰੀ ਕਾਰਵਾਈ ਕਰਦਿਆਂ ਇਨ੍ਹਾਂ ਪੰਜ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਤੇ ਵਿਭਾਗੀ ਜਾਂਚ ਦੇ ਹੁਕਮ ਦਿੱਤੇ।


ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਡਿਊਟੀ ਵਿਚ ਕੋਤਾਹੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਅਜਿਹੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਜੁਆਇੰਟ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੂੰ ਵਿਸਥਾਰਤ ਰਿਪੋਰਟ ਭੇਜਣ ਲਈ ਕਿਹਾ ਗਿਆ ਹੈ।


ਉਨ੍ਹਾਂ ਦੱਸਿਆ ਕਿ ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪਿਛਲੇ ਕੁਝ ਸਮੇਂ ਤੋਂ ਮੰਡ ਆਪਣੀ ਸੁਰੱਖਿਆ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਤੋਂ ਸੰਤੁਸ਼ਟ ਨਹੀਂ ਸਨ ਤੇ ਇਸ ਸਬੰਧੀ ਉਨ੍ਹਾਂ ਨੇ ਕਈ ਵਾਰ ਉੱਚ ਪੁਲਿਸ ਅਧਿਕਾਰੀਆਂ ਦੇ ਧਿਆਨ ਵਿਚ ਇਹ ਮਾਮਲਾ ਲਿਆਂਦਾ ਸੀ। ਜ਼ਿਲ੍ਹਾ ਪੁਲਿਸ ਵੱਲੋਂ ਹੁਣ ਮੰਡ ਦੀ ਸੁਰੱਖਿਆ ਵਿੱਚ ਨਵੇਂ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾ ਰਹੇ ਹਨ।