(Source: ECI/ABP News/ABP Majha)
Ludhiana News: 12,700 ਅਧਿਆਪਕਾਂ ਨੂੰ ਤੋਹਫੇ ਮਗਰੋਂ ਆਂਗਣਵਾੜੀ ਵਰਕਰਾਂ ਲਈ ਅਹਿਮ ਐਲਾਨ
ਡਾ. ਬਲਜੀਤ ਕੌਰ ਖੰਨਾ ਦੇ ਦੋਰਾਹਾ ਵਿਖੇ ਇੱਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਆਏ ਸੀ। ਇਸ ਦੇ ਨਾਲ ਹੀ ਡਾ: ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਇੱਕ ਮਹੀਨੇ ਦੇ ਅੰਦਰ 6 ਹਜ਼ਾਰ ਨਵੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਕਰਨ ਜਾ ਰਹੀ ਹੈ।
Ludhiana News: ਹਾਲ ਹੀ 'ਚ ਰੈਗੂਲਰ ਕੀਤੇ ਗਏ 12,700 ਠੇਕਾ ਆਧਾਰਤ ਅਧਿਆਪਕਾਂ ਨੂੰ ਵੱਡਾ ਤੋਹਫਾ ਦੇਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਲਈ ਅਹਿਮ ਐਲਾਨ ਕਰਨ ਜਾ ਰਹੀ ਹੈ। ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਨਵੇਂ ਮਾਣ ਭੱਤੇ ਦੀ ਰਾਸ਼ੀ ਜਾਰੀ ਕਰਨ ਲਈ 8 ਕਰੋੜ ਰੁਪਏ ਰਿਲੀਜ਼ ਕੀਤੇ ਜਾਣਗੇ। ਡਾਟਾ ਅਪਲੋਡ ਕਰਨ ਲਈ ਮੋਬਾਈਲ ਦੀ ਮੰਗ ਵੀ ਜਲਦੀ ਪੂਰੀ ਹੋਵੇਗੀ। ਇਹ ਐਲਾਨ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕੀਤਾ ਹੈ।
ਡਾ. ਬਲਜੀਤ ਕੌਰ ਖੰਨਾ ਦੇ ਦੋਰਾਹਾ ਵਿਖੇ ਇੱਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਆਏ ਸੀ। ਇਸ ਦੇ ਨਾਲ ਹੀ ਡਾ: ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਇੱਕ ਮਹੀਨੇ ਦੇ ਅੰਦਰ 6 ਹਜ਼ਾਰ ਨਵੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਕਰਨ ਜਾ ਰਹੀ ਹੈ। ਇਸ ਨਾਲ ਸਟਾਫ਼ ਦੀ ਘਾਟ ਦੂਰ ਹੋ ਜਾਵੇਗੀ। ਆਂਗਣਵਾੜੀ ਵਰਕਰਾਂ ਦੀ ਮੋਬਾਈਲ ਫੋਨਾਂ ਦੀ ਲੰਬੀ ਮੰਗ ਵੀ ਜਲਦੀ ਪੂਰੀ ਕੀਤੀ ਜਾਵੇਗੀ। ਉਹ ਇਸ 'ਤੇ ਡਾਟਾ ਅਪਲੋਡ ਕਰਨਗੇ।
ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਦੀ ਹਾਲਤ ਕਾਫੀ ਸਮੇਂ ਤੋਂ ਖਸਤਾ ਬਣੀ ਹੋਈ ਹੈ। ਪਹਿਲਾਂ ਕਿਸੇ ਵੀ ਸਰਕਾਰ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ। 'ਆਪ' ਸਰਕਾਰ ਸੂਬੇ 'ਚ 1000 ਨਵੇਂ ਕੇਂਦਰ ਬਣਾ ਰਹੀ ਹੈ। ਨਵੀਆਂ ਇਮਾਰਤਾਂ ਬਣਾਈਆਂ ਜਾਣਗੀਆਂ। ਜਿਹੜੇ ਕੇਂਦਰ ਬਿਲਕੁਲ ਮਾੜੇ ਹਾਲਾਤ ਵਾਲੇ ਹਨ, ਉਨ੍ਹਾਂ ਨੂੰ ਨਵੀਆਂ ਇਮਾਰਤਾਂ ਵਿੱਚ ਤਬਦੀਲ ਕੀਤਾ ਜਾਵੇਗਾ। ਬਾਕੀ ਆਂਗਣਵਾੜੀ ਕੇਂਦਰਾਂ ਵਿੱਚ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇਗਾ।
ਮੰਤਰੀ ਨੇ ਕਿਹਾ ਕਿ ਰਾਜ ਵਿੱਚ ਸਮਾਜ ਸੇਵਾ ਵਿੱਚ ਵਧੀਆ ਕੰਮ ਕਰ ਰਹੀਆਂ ਗੈਰ ਸਰਕਾਰੀ ਸੰਸਥਾਵਾਂ ਦੀ ਕਾਰਜਸ਼ੈਲੀ ਤੋਂ ਪ੍ਰੇਰਨਾ ਲੈ ਕੇ ਸਰਕਾਰੀ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਅਜਿਹੇ ਅਦਾਰਿਆਂ ਨੂੰ ਸਰਕਾਰ ਵੱਲੋਂ ਮਦਦ ਵੀ ਦਿੱਤੀ ਜਾਵੇਗੀ। ਪੰਜਾਬ ਵਿੱਚ ਔਰਤਾਂ ਕੋਲੋਂ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਵਿੱਚ ਹੋ ਰਹੇ ਵਾਧੇ ਬਾਰੇ ਡਾ: ਬਲਜੀਤ ਨੇ ਕਿਹਾ ਕਿ ਇਹ ਇੱਕ ਗੰਭੀਰ ਮਾਮਲਾ ਹੈ।
ਇਸ ਬਾਰੇ ਪਹਿਲਾਂ ਵੀ ਉਨ੍ਹਾਂ ਨੇ ਡੀਜੀਪੀ ਗੁਰਪ੍ਰੀਤ ਕੌਰ ਦਿਓ ਨਾਲ ਮੀਟਿੰਗ ਕੀਤੀ ਸੀ। ਜਿਸ ਵਿੱਚ ਮਹਿਲਾ ਮਿੱਤਰ ਥਾਣਿਆਂ ਦੀ ਗਿਣਤੀ ਵਧਾਉਣ ’ਤੇ ਜ਼ੋਰ ਦਿੱਤਾ ਗਿਆ ਸੀ। ਇਸਤੋਂ ਇਲਾਵਾ ਸਨੈਚਿੰਗ ਦੀਆਂ ਘਟਨਾਵਾਂ ਪ੍ਰਤੀ ਜਾਗਰੂਕਤਾ ਵੀ ਬਹੁਤ ਜ਼ਰੂਰੀ ਹੈ। ਔਰਤਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਗਲਤ ਰਸਤੇ 'ਤੇ ਚੱਲ ਰਹੇ ਨੌਜਵਾਨਾਂ ਨੂੰ ਵੀ ਜਾਗਰੂਕ ਕੀਤਾ ਜਾਵੇਗਾ।
ਜਾਅਲੀ ਸਰਟੀਫਿਕੇਟਾਂ 'ਤੇ ਨੌਕਰੀਆਂ ਦੇ ਮੁੱਦੇ 'ਤੇ ਮੰਤਰੀ ਨੇ ਕਿਹਾ ਕਿ ਹੁਣ ਤੱਕ 93 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿਚੋਂ 40 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਅਤੇ ਜਾਅਲੀ ਸਰਟੀਫਿਕੇਟਾਂ 'ਤੇ ਨੌਕਰੀ ਕਰਨ ਵਾਲਿਆਂ ਨੂੰ ਸਖ਼ਤ ਕਾਰਵਾਈ ਕਰਦਿਆਂ ਨੌਕਰੀ ਤੋਂ ਕੱਢਿਆ ਗਿਆ। ਉਨ੍ਹਾਂ ਤੋਂ ਲਾਭ ਵੀ ਵਾਪਸ ਲਏ ਜਾਣਗੇ। ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।