Punjab News: 23 ਅਕਤੂਬਰ ਨੂੰ ਰਾਵਣ ਦੇ ਨਹੀਂ ਪੰਜਾਬ ਸਰਕਾਰ ਦੇ ਸਾੜੇ ਜਾਣਗੇ ਪੁਤਲੇ, ਜਾਣੋ ਕਿਸ ਨੇ ਕੀਤਾ ਐਲਾਨ
Punjab Government: ਮੌਜੂਦਾ ਪੰਜਾਬ ਸਰਕਾਰ ਅਤੇ ਜਲ ਸਪਲਾਈ ਵਿਭਾਗ ਦੀ ਮਨੈਜਮੇਂਟ ਵੱਲੋਂ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਦੇ ਕੱਚੇ-ਪਿੱਲੇ ਰੁਜਗਾਰ ਨੂੰ ਖੋਹਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸਨੂੰ ਯੂਨੀਅਨ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ।
Punjab News: ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਨੇ ਦੱਸਿਆ ਕਿ ਬੀਤੇ ਦਿਨ ਲੁਧਿਆਣਾ ਵਿਖੇ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਕਰਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਪਿਛਲੇ ਸਾਲਾਂਬੱਧੀ ਤੋਂ ਕੰਮ ਕਰਦੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਨੂੰ ਵਿਭਾਗ ’ਚ ਸ਼ਾਮਲ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਵਾਉਣ ਤੱਕ ਪੁਰ ਅਮਨ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਅਤੇ ਜਲ ਸਪਲਾਈ ਵਿਭਾਗ ਦੀ ਮਨੈਜਮੇਂਟ ਵੱਲੋਂ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਦੇ ਕੱਚੇ-ਪਿੱਲੇ ਰੁਜਗਾਰ ਨੂੰ ਖੋਹਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸਨੂੰ ਯੂਨੀਅਨ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਮੰਗ ਕੀਤੀ ਕਿ ਜਲ ਸਪਲਾਈ ਵਿਭਾਗ ਵਿੱਚ ਪਿਛਲੇ 15 ਤੋਂ 20 ਸਾਲਾਂ ਦੇ ਅਰਸੇ ਤੋਂ ਇੱਕ ਵਰਕਰ ਦੇ ਰੂਪ ’ਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜਮਾਂ ਨੂੰ ਤਜਰਬੇ ਦੇ ਅਧਾਰ ’ਤੇ ਸਬੰਧਤ ਵਿਭਾਗ ’ਚ ਮਰਜ ਕਰਕੇ ਬਿਨਾ ਸ਼ਰਤ ਰੈਗੂਲਰ ਕੀਤਾ ਜਾਵੇ। ਜਿਸ ਲਈ 11-01-2018 ’ਚ ਵਿਭਾਗੀ ਅਧਿਕਾਰੀਆਂ ਵੱਲੋਂ ਸਰਕਾਰ ਦੀ ਵਿਉਤਬੰਦੀ ਅਨੁਸਾਰ ਬਣਾਈ ਤਜਵੀਜ (ਪ੍ਰਪੋਜਲ) ਨੂੰ ਲਾਗੂ ਕੀਤਾ ਜਾਵੇ ਜਾਂ ਫਿਰ ਯੂਨੀਅਨ ਦੀਆਂ ਸਿਫਾਰਸਾਂ ਨੂੰ ਅਧਾਰ ਮੰਨ ਕੇ ਇਨਲਿਸਟਮੈਟ/ਆਊਟਸੋਰਸ ਠੇਕਾ ਮੁਲਾਜਮਾਂ ਨੂੰ ਵਿਭਾਗ ’ਚ ਸ਼ਾਮਲ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕੀਤਾ ਜਾਵੇ।
ਪੰਜਾਬ ਸਰਕਾਰ ਦੇ ਲੈਬਰ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਵਧਾਏ ਗਏ ਰੇਟਾਂ ਦੇ ਮੁਤਾਬਕ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਕੰਮ ਕਰਦੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਦੀਆਂ ਉਜਰਤਾਂ ਵਿਚ ਬਣਦਾ ਵਾਧਾ ਕੀਤਾ ਜਾਵੇ। ਆਗੂਆਂ ਨੇ ਦੱਸਿਆ ਕਿ ਮੀਟਿੰਗ ਦੇ ਦੌਰਾਨ ਐਲਾਨ ਕੀਤਾ ਗਿਆ ਕਿ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਪਲੇਟਫਾਰਮ ਤੇ ਉਲੀਕੇ ਪ੍ਰੋਗਰਾਮ ਜਿਵੇਂ ਕਿ 23 ਅਕਤੂਬਰ ਨੂੰ ਪੰਜਾਬ ਸਰਕਾਰ ਦੇ ਰਾਵਣ ਰੂਪੀ ਪੁਤਲੇ ਬ੍ਰਾਂਚ ਅਤੇ ਜ਼ਿਲਾ ਪੱਧਰੀ ਫੂਕੇ ਜਾਣਗੇ। ਇੰਨਲਿਸਟਮੈਟ ਤੇ ਆਊਟਸੋਰਸ ਠੇਕਾ ਮੁਲਾਜਮਾਂ ਨੂੰ ਵਿਭਾਗ ਵਿਚ ਸ਼ਾਮਿਲ ਕਰਕੇ ਪੱਕਾ ਕਰਵਾਉਣ ਲਈ 30 ਨਵੰਬਰ 2023 ਨੂੰ ਪੰਜਾਬ ’ਚ ਕੋਈ ਇਕ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਜਾਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।