Ludhiana News: ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਤ ਕਰਦੇ ਹੋਏ, ਸੱਤਾ ਸੰਭਾਲਣ ਦੇ ਸਿਰਫ਼ 36 ਮਹੀਨਿਆਂ ਦੇ ਅੰਦਰ-ਅੰਦਰ ਸੂਬੇ ਦੇ ਨੌਜਵਾਨਾਂ ਨੂੰ 52,606 ਨੌਕਰੀਆਂ ਪ੍ਰਦਾਨ ਕਰਕੇ ਇਤਿਹਾਸ ਰਚ ਦਿੱਤਾ ਹੈ। ਇੱਥੇ ਗੁਰੂ ਨਾਨਕ ਦੇਵ ਭਵਨ ਵਿੱਚ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਪੰਜਾਬ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਵਿੱਚ ਸਹਾਇਤਾ ਕਰੇਗਾ।
ਮੁੱਖ ਮੰਤਰੀ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾਈਆਂ ਤੱਕ ਪਹੁੰਚਾ ਕੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਰਾਜਦੂਤ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਆਧੁਨਿਕ ਸਿੱਖਿਆ ਵਿਧੀਆਂ ਨਾਲ ਲੈਸ ਇਹ ਅਧਿਆਪਕ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਗੇ ਤਾਂ ਜੋ ਉਹ ਆਪਣੇ ਜੀਵਨ ਵਿੱਚ ਨਵੀਆਂ ਉਚਾਈਆਂ ਪ੍ਰਾਪਤ ਕਰ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ, ਕਿਉਂਕਿ ਇਹ ਅਧਿਆਪਕ ਸਿੱਖਿਆ ਖੇਤਰ ਨੂੰ ਬਿਹਤਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
ਅਧਿਆਪਕਾਂ ਦੀਆਂ ਸੇਵਾਵਾਂ ਸਿਰਫ਼ ਅਧਿਆਪਨ ਦੇ ਉਦੇਸ਼ਾਂ ਲਈ ਵਰਤੀਆਂ ਜਾਣੀਆਂ ਚਾਹੀਦੀਆਂ
ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਦ ਇੱਕ ਅਧਿਆਪਕ ਦੇ ਪੁੱਤਰ ਹਨ ਅਤੇ ਚੰਗੀ ਤਰ੍ਹਾਂ ਜਾਣਦੇ ਹਨ ਕਿ ਅਧਿਆਪਕ ਰਾਸ਼ਟਰ ਨਿਰਮਾਤਾ ਹਨ ਜੋ ਵਿਦਿਆਰਥੀਆਂ ਨੂੰ ਅਫਸਰ, ਇੰਜੀਨੀਅਰ, ਡਾਕਟਰ ਅਤੇ ਹੋਰ ਨੇਤਾ ਬਣਨ ਲਈ ਤਿਆਰ ਕਰਦੇ ਹਨ। ਸਰਕਾਰੀ ਸਕੂਲਾਂ ਦੇ ਅਧਿਆਪਕ ਬਹੁਤ ਹੀ ਯੋਗ ਅਤੇ ਕਾਬਲ ਹੁੰਦੇ ਹਨ ਪਰ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਨੂੰ ਕੁਝ ਗੈਰ-ਅਕਾਦਮਿਕ ਕੰਮਾਂ ਵਿੱਚ ਵੀ ਲਗਾਇਆ ਸੀ। ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਅਧਿਆਪਕਾਂ ਦੀਆਂ ਸੇਵਾਵਾਂ ਸਿਰਫ਼ ਅਧਿਆਪਨ ਦੇ ਉਦੇਸ਼ਾਂ ਲਈ ਹੀ ਵਰਤੀਆਂ ਜਾਣ। ਇਸ ਤੋਂ ਪਹਿਲਾਂ, ਕਾਨਵੈਂਟ ਸਕੂਲਾਂ ਵਿੱਚ ਪੜ੍ਹੇ ਲਿਖੇ ਆਗੂਆਂ ਨੇ, ਸੂਬੇ ਦੀ ਜ਼ਮੀਨੀ ਹਕੀਕਤ ਤੋਂ ਅਣਜਾਣ, ਇਸ ਮਹੱਤਵਪੂਰਨ ਖੇਤਰ ਨੂੰ ਨਜ਼ਰਅੰਦਾਜ਼ ਕਰ ਦਿੱਤਾ ਸੀ, ਜਿਸ ਕਾਰਨ ਪੰਜਾਬ ਵਿਕਾਸ ਦੀ ਦੌੜ ਵਿੱਚ ਪਿੱਛੇ ਰਹਿ ਗਿਆ ਸੀ। ਮੁੱਖ ਮੰਤਰੀ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਆਪਣੀ ਰੁਚੀ ਅਨੁਸਾਰ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਉਹ ਆਪਣੇ ਲਈ ਢੁਕਵਾਂ ਕਰੀਅਰ ਚੁਣ ਸਕਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।