Ludhiana News: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅੱਜ ਲੁਧਿਆਣਾ ਪਹੁੰਚੇ। ਇੱਥੇ ਉਨ੍ਹਾਂ ਨੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਰਾਜਾ ਵੜਿੰਗ ਨੇ ਕਿਸਾਨਾਂ ਦੇ ਸੰਘਰਸ਼ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਂ ਵਿੱਚ ਹਾਂ ਮਲਾਈ। ਉਨ੍ਹਾਂ ਕਿਹਾ ਕਿ ਕਿਸਾਨ ਸੜਕਾਂ ਜਾਮ ਕਰਕੇ ਲੋਕਾਂ ਨੂੰ ਪ੍ਰੇਸ਼ਾਨ ਨਾ ਕਰਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੀ ਕਿਸਾਨਾਂ ਨੂੰ ਅਜਿਹੀ ਹੀ ਅਪੀਲ ਕਰ ਚੁੱਕੇ ਹਨ।


ਰਾਜਾ ਵੜਿੰਗ ਨੇ ਕਿਸਾਨਾਂ ਤੇ ਸਰਕਾਰ 'ਚ ਵਧ ਰਹੀ ਤਲਖੀ ਨੂੰ ਲੈ ਕੇ ਕਿਸਾਨਾਂ 'ਤੇ ਵੀ ਨਾਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਕਿ ਕਿਸਾਨ ਸੜਕਾਂ ਜਾਮ ਕਰਕੇ ਲੋਕਾਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਨਾ ਕਰਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ, ਪਰ ਕਿਸਾਨਾਂ ਨੂੰ ਬੇਵਜ੍ਹਾ ਸੜਕਾਂ ਜਾਮ ਨਹੀਂ ਕਰਨੀਆਂ ਚਾਹੀਦੀਆਂ, ਜਿਸ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ। 


ਲੁਧਿਆਣਾ ਦੇ ਆਤਮ ਨਗਰ ਵਿੱਚ ਪੁੱਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਜਿੱਥੇ ਵਰਕਰਾਂ ਨਾਲ ਮੀਟਿੰਗ ਕੀਤੀ, ਉੱਥੇ ਹੀ ਮੁੜ ਆਮ ਆਦਮੀ ਪਾਰਟੀ ਤੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ। ਇਸ ਬਾਰੇ ਸਰਕਾਰ ਨੂੰ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਗੁਜਰਾਤ ਤੇ ਹਿਮਾਚਲ ਇਲੈਕਸ਼ਨ ਦੀ ਚਿੰਤਾ ਹੈ। ਪੰਜਾਬ ਵਿੱਚ ਰੇਤਾ ਮਹਿੰਗੇ ਭਾਅ ਮਿਲਣ ਤੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਦੋਂ ਤੋਂ ਹੀ ਰੇਤ ਦੇ ਰੇਟ ਅਸਮਾਨੀ ਚੜ੍ਹ ਗਏ ਹਨ।


ਇਸ ਤੋਂ ਇਲਾਵਾ ਵੜਿੰਗ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ ਤਹਿਤ ਰਾਹੁਲ ਗਾਂਧੀ ਵੀ ਲੁਧਿਆਣਾ ਆ ਕੇ ਵਰਕਰਾਂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਉਹ ਵੱਖ-ਵੱਖ ਹਲਕਿਆਂ ਵਿੱਚ ਵਰਕਰਾਂ ਨਾਲ ਮੀਟਿੰਗਾਂ ਕਰਕੇ ਚੋਣ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਹਨ।


ਹਰਿਆਣਾ ਵੱਲੋਂ ਵੱਖਰੀ ਵਿਧਾਨ ਸਭਾ ਦੀ ਮੰਗ ਸਬੰਧੀ ਉਨ੍ਹਾਂ ਕਿਹਾ ਕਿ ਪੰਜਾਬ ਨਾਲ ਧੱਕਾ ਕੀਤਾ ਜਾ ਰਿਹਾ ਹੈ ਤੇ ਸਾਡੇ ਹੱਕਾਂ 'ਤੇ ਡਾਕਾ ਮਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਉਹ ਕਿਸਾਨ ਅੰਦੋਲਨ ਦਾ ਰੂਪ ਹੋਵੇ ਜਾਂ ਬੀਬੀਐਮਬੀ ਦਾ ਮੁੱਦਾ ਤੇ ਸਿਟੀ ਯੂਨੀਵਰਸਿਟੀ ਵਰਗੇ ਮੁੱਦੇ ਜਿਸ ਬਾਰੇ ਕੇਂਦਰ ਸਰਕਾਰ ਪੰਜਾਬ ਨਾਲ ਧੱਕਾ ਤੇ ਪੱਖਪਾਤ ਕਰ ਰਹੀ ਹੈ।