Ludhiana News: ਲੁਧਿਆਣਾ ਤੋਂ ਬੀਜੇਪੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਪਿੰਡਾਂ ਵਿੱਚ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਬਿੱਟੂ ਨੂੰ ਕਾਲੀਆਂ ਝੰਡੀਆਂ ਦਿਖਾਉਣ ਦੀ ਚਿਤਾਵਨੀ ਵੀ ਦਿੱਤੀ ਹੈ। ਕੁਝ ਪਿੰਡਾਂ ਵਿੱਚ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਭਾਜਪਾ ਦੇ ਬੂਥ ਨਹੀਂ ਲੱਗਣ ਦੇਣਗੇ। ਕਿਸਾਨਾਂ ਦੇ ਇਸ ਗੁੱਸੇ ਤੋਂ ਰਵਨੀਤ ਬਿੱਟੂ ਕਾਫੀ ਪ੍ਰੇਸ਼ਾਨ ਨਜ਼ਰ ਆ ਰਹੇ ਹਨ।
ਅੱਜ ਰਵਨੀਤ ਬਿੱਟੂ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਕਿਸਾਨਾਂ ਨੂੰ ਕਿਹਾ ਕਿ ਉਹ ਹਰ ਸਮੇਂ ਕਿਸਾਨਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਹਰ ਪਿੰਡ ਵਿੱਚ ਗਰਾਂਟਾਂ ਵੰਡੀਆਂ ਹਨ। ਕਦੇ ਵੀ ਕਿਸੇ ਵਿਰੁੱਧ ਝੂਠੀ ਸ਼ਿਕਾਇਤ ਦਰਜ ਨਹੀਂ ਕਰਵਾਈ। ਫਿਰ ਵੀ ਕਿਸਾਨ ਉਨ੍ਹਾਂ ਦਾ ਵਿਰੋਧ ਕਿਉਂ ਕਰ ਰਹੇ ਹਨ? ਬਿੱਟੂ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਮੰਗਾਂ ਸਬੰਧੀ ਉਨ੍ਹਾਂ ਨੂੰ ਮਿਲਣਾ ਚਾਹੀਦਾ ਹੈ।
ਬਿੱਟੂ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਉਨ੍ਹਾਂ ਨੇ ਪੂਰਾ ਸਾਲ ਫੁੱਟਪਾਥ 'ਤੇ ਤੰਬੂ ਲਾ ਕੇ ਬਿਤਾਇਆ। ਉਨ੍ਹਾਂ ਨੇ ਆਪਣੇ ਬੱਚਿਆਂ ਦਾ ਜਨਮ ਦਿਨ ਤੱਕ ਉੱਥੇ ਹੀ ਕੇਕ ਕੱਟ ਕੇ ਮਨਾਇਆ। ਬਿੱਟੂ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਕਿਸਾਨ ਅੰਦੋਲਨ ਵਿੱਚ ਉਨ੍ਹਾਂ ਵੱਲੋਂ ਦਿੱਤੇ ਗਏ ਸਹਿਯੋਗ ਨੂੰ ਦੇਖਦਿਆਂ ਹੀ ਮੁੱਲ ਮੋੜ ਦੇਣ।
ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੇ ਸਮੇਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸੀ। ਉਸ ਵੇਲੇ ਵਿਰੋਧੀ ਧਿਰ ਵਿੱਚ ਆਮ ਆਦਮੀ ਪਾਰਟੀ ਦੇ 18 ਵਿਧਾਇਕ ਸਨ। ਉਸ ਸਮੇਂ ਨਾ ਤਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਕਿਸਾਨਾਂ ਦੀ ਹਾਲਤ ਦਾ ਪਤਾ ਸੀ ਤੇ ਨਾ ਹੀ ਉਸ ਵੇਲੇ ਦੀ ਮੌਜੂਦਾ ਸਰਕਾਰ ਨੇ ਕਿਸਾਨਾਂ ਦਾ ਸਾਥ ਦਿੱਤਾ ਸੀ।
ਬਿੱਟੂ ਨੇ ਕਿਹਾ ਕਿ ਉਹ ਪੇਂਡੂ ਖੇਤਰਾਂ ਦੇ ਵਿਕਾਸ ਲਈ ਹੀ ਭਾਜਪਾ ਵਿੱਚ ਸ਼ਾਮਲ ਹੋਏ ਹਨ। ਪ੍ਰਧਾਨ ਮੰਤਰੀ ਮੋਦੀ ਹੀ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਵਿਕਾਸ ਕਰਾ ਸਕਦੇ ਹਨ। ਬਿੱਟੂ ਨੇ ਕਿਹਾ ਕਿ ਅੱਜ ਮੋਦੀ ਨੇ ਯੂਪੀ ਤੇ ਬਿਹਾਰ ਵਰਗੇ ਰਾਜਾਂ ਨੂੰ ਤਰੱਕੀ ਦੇ ਰਾਹ 'ਤੇ ਲਿਆਂਦਾ ਹੈ। ਨਰਿੰਦਰ ਮੋਦੀ ਨੇ ਹੀ ਕਰਤਾਰਪੁਰ ਲਾਂਘਾ ਖੋਲ੍ਹਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।