Ludhiana News: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਲੁਧਿਆਣਾ ਜ਼ੋਨ-ਡੀ ਵਿਖੇ ਤਾਇਨਾਤ ਸੈਨੇਟਰੀ ਇੰਸਪੈਕਟਰ ਜਤਿੰਦਰ ਵਿੱਜ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੈਨੇਟਰੀ ਇੰਸਪੈਕਟਰ ਨੂੰ ਮਾਹੀ ਰਾਮ ਵਾਸੀ ਟਾਵਰ ਕਲੋਨੀ, ਨੇੜੇ ਅਨਾਜ ਮੰਡੀ, ਲੁਧਿਆਣਾ (ਜੋ ਮੂਲ ਰੂਪ ਵਿੱਚ ਪਿੰਡ ਹਿੰਦਬਾਠੀ, ਜ਼ਿਲ੍ਹਾ ਦਮੋ, ਮੱਧ ਪ੍ਰਦੇਸ਼ ਦਾ ਨਿਵਾਸੀ ਹੈ) ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।


ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਹ ਬੱਸ ਸਟੈਂਡ ਲੁਧਿਆਣਾ ਨੇੜੇ ਕੂੜੇ ਦੇ ਢੇਰ ਵਿੱਚੋਂ ਕੱਚ ਦੀਆਂ ਬੋਤਲਾਂ, ਪਲਾਸਟਿਕ ਅਤੇ ਲੋਹੇ ਦਾ ਸਾਮਾਨ ਇਕੱਠਾ ਕਰਦਾ ਸੀ ਅਤੇ ਉਕਤ ਸੈਨੇਟਰੀ ਇੰਸਪੈਕਟਰ ਉਸ ਤੋਂ ਇਹ ਫਾਲਤੂ ਸਾਮਾਨ ਇਕੱਠਾ ਕਰਨ ਬਦਲੇ 15,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕਰਦਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਹੀ ਉਸ ਪਾਸੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 8,000 ਰੁਪਏ ਲੈ ਚੁੱਕਾ ਹੈ ਅਤੇ ਹੋਰ ਪੈਸਿਆਂ ਦੀ ਮੰਗ ਕਰ ਰਿਹਾ ਹੈ।


ਬੁਲਾਰੇ ਨੇ ਦੱਸਿਆ ਕਿ ਦੋਸ਼ਾਂ ਦੀ ਮੁੱਢਲੀ ਪੜਤਾਲ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 4,000 ਰੁਪਏ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਇਸ ਸੈਨੇਟਰੀ ਇੰਸਪੈਕਟਰ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।