Ludhiana News: ਲੁਧਿਆਣਾ ਵਿੱਚ ਦਫਾ 144 ਤਹਿਤ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਸੰਯੁਕਤ ਕਮਿਸ਼ਨਰ ਪੁਲਿਸ ਵੱਲੋਂ ਜਾਰੀ ਹੁਕਮਾਂ ਮੁਤਾਬਕ ਸ਼ਹਿਰ ਅੰਦਰ ਤੈਅ ਸਥਾਨ ਤੋਂ ਬਗੈਰ ਰੋਸ ਮੁਜ਼ਾਹਰੇ, ਧਰਨੇ, ਰੈਲੀਆਂ ਉੱਪਰ ਪੂਰਨ ਪਾਬੰਦੀ ਲਾਈ ਗਈ ਹੈ। ਧਰਨਿਆਂ ਲਈ ਤੈਅ ਕੀਤੀ ਜਗ੍ਹਾ ਉੱਪਰ ਵੀ ਜਲਨਸ਼ੀਲ ਪਦਾਰਥ, ਅਸਲਾ ਤੇ ਮਾਰੂ ਹਥਿਆਰ ਆਦਿ ਲੈ ਕੇ ਚੱਲਣ ’ਤੇ ਪੂਰਨ ਤੌਰ ’ਤੇ ਮਨਾਹੀ ਹੋਵੇਗੀ।
ਹਾਸਲ ਜਾਣਕਾਰੀ ਮੁਤਾਬਕ ਸੰਯੁਕਤ ਕਮਿਸ਼ਨਰ ਪੁਲਿਸ ਸੌਮਿਆ ਮਿਸ਼ਰਾ ਆਈਪੀਐਸ ਨੇ ਜਾਬਤਾ ਫ਼ੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਸੀਆਰਪੀਸੀ ਅਧੀਨ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਵੱਖ-ਵੱਖ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਸੰਯੁਕਤ ਕਮਿਸ਼ਨਰ ਪੁਲਿਸ ਵੱਲੋਂ ਜਾਰੀ ਕੀਤੇ ਹੁਕਮਾਂ ਵਿੱਚ ਉਨ੍ਹਾਂ ਕਿਹਾ ਹੈ ਕਿ ਆਮ ਜਨਤਾ ਵੱਲੋਂ ਆਪਣੇ ਨਿੱਜੀ ਹੱਕਾਂ ਲਈ ਸਰਕਾਰ ਦੇ ਵਿਰੋਧ ਵਿੱਚ ਰੋਸ ਮੁਜ਼ਾਹਰੇ, ਧਰਨੇ, ਰੈਲੀਆਂ ਆਦਿ ਕੀਤੀਆਂ ਜਾਂਦੀਆਂ ਹਨ। ਅਜਿਹੇ ਰੋਸ ਮੁਜ਼ਾਹਰੇ, ਧਰਨੇ, ਰੈਲੀਆਂ ਆਦਿ ਵਿੱਚ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਮੌਕੇ ਦਾ ਫਾਇਦਾ ਚੁੱਕ ਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜ਼ਾਮ ਦਿੱਤਾ ਜਾ ਸਕਦਾ ਹੈ। ਇਸ ਲਈ ਪਬਲਿਕ ਹਿੱਤ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਰੋਸ ਮੁਜ਼ਾਹਰੇ, ਧਰਨੇ, ਜਲੂਸ ਵਗੈਰਾ ’ਤੇ ਪੂਰਨ ਤੌਰ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਣ ਦੀ ਜ਼ਰੂਰਤ ਹੈ।
ਸਿਵਲ ਰਿੱਟ ਪਟੀਸ਼ਨ ਨੰਬਰ 28061 ਆਫ਼ 2017 ਵਿੱਚ ਮਾਨਯੋਗ ਅਦਾਲਤ ਵੱਲੋਂ ਜਾਰੀ ਹੁਕਮਾਂ ਅਨੁਸਾਰ ਰੋਸ ਮੁਜ਼ਾਹਰੇ, ਰੈਲੀਆਂ, ਧਰਨੇ ਤੇ ਜਲੂਸ ਆਦਿ ਲਈ ਸੈਕਟਰ 39-ਏ, ਪੁੱਡਾ ਗਰਾਊਂਡ, ਸਾਹਮਣੇ ਵਰਧਮਾਨ ਮਿੱਲ, ਚੰਡੀਗੜ੍ਹ ਰੋਡ ’ਤੇ ਮੁਕੱਰਰ ਕੀਤੀ ਗਈ ਹੈ ਪਰ ਇਸ ਜਗ੍ਹਾ ’ਤੇ ਵੀ ਜਲਨਸ਼ੀਲ ਪਦਾਰਥ, ਅਸਲਾ ਤੇ ਮਾਰੂ ਹਥਿਆਰ ਆਦਿ ਲੈ ਕੇ ਚੱਲਣ ’ਤੇ ਪੂਰਨ ਤੌਰ ’ਤੇ ਮਨਾਹੀ ਹੋਵੇਗੀ।
ਉਨ੍ਹਾਂ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੰਜ ਜਾਂ ਪੰਜ ਤੋਂ ਵੱਧ ਬੰਦੇ ਇਕੱਤਰ ਹੋਣ, ਧਰਨੇ, ਜਲੂਸ ਤੇ ਰੈਲੀਆਂ ਵਿੱਚ ਜਲਨਸ਼ੀਲ ਪਦਾਰਥ, ਅਸਲਾ ਅਤੇ ਮਾਰੂ ਹਥਿਆਰ ਆਦਿ ਲੈ ਕੇ ਚੱਲਣ ਤੇ ਉਪਰੋਕਤ ਮੁਕੱਰਰ ਕੀਤੀ ਗਈ ਜਗ੍ਹਾ ਤੋਂ ਇਲਾਵਾ ਬਿਨਾਂ ਮਨਜ਼ੂਰੀ ਹੋਰ ਕਿਸੇ ਥਾਂ ’ਤੇ ਰੋਸ ਮੁਜ਼ਾਹਰੇ, ਧਰਨੇ, ਜਲੂਸ ਤੇ ਰੈਲੀਆਂ ਆਦਿ ਕਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ: ਮਹਾਰਾਸ਼ਟਰ 'ਚ ਤੂਫਾਨ ਤੇ ਪਾਣੀ ਨੇ ਮਚਾਈ ਤਬਾਹੀ! ਮੰਦਰ 'ਚ ਦਰੱਖਤ ਡਿੱਗਣ ਕਾਰਨ 7 ਲੋਕਾਂ ਦੀ ਦਰਦਨਾਕ ਮੌਤ, 29 ਲੋਕ ਜ਼ਖਮੀ