Kila Raipur Rural Olympics: ਲੁਧਿਆਣਾ ਦੇ ਕਿਲਾ ਰਾਏਪੁਰ ਵਿੱਚ ਪੇਂਡੂ ਓਲੰਪਿਕ ਖੇਡਾਂ ਅੱਜ ਸ਼ੁਰੂ ਹੋਣ ਜਾ ਰਹੀਆਂ ਹਨ। ਅੱਜ ਪੰਜਾਬੀ ਗਾਇਕ ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ ਆਪਣੀ ਗੀਤਕਾਰੀ ਪੇਸ਼ ਕਰਨਗੇ। 13 ਫਰਵਰੀ ਨੂੰ ਗੀਤਕਾਰ ਦੇਬੀ ਮਖਸੂਸਪੁਰੀ ਆਪਣੀ ਗਾਇਕੀ ਦੇ ਜੌਹਰ ਦਿਖਾਉਣਗੇ। ਗਾਇਕ ਅੰਮ੍ਰਿਤ ਮਾਨ 14 ਫਰਵਰੀ ਨੂੰ ਲੋਕਾਂ ਦਾ ਮਨੋਰੰਜਨ ਕਰਨਗੇ। ਮੰਤਰੀ ਅਨਮੋਲ ਗਗਨ ਖੇਡਾਂ ਦੇ ਆਖਰੀ ਦਿਨ 14 ਫਰਵਰੀ ਨੂੰ ਮਾਨ ਮੇਲੇ ਵਿੱਚ ਸ਼ਿਰਕਤ ਕਰਨਗੇ।
ਓਧਰ ਦੂਜੇ ਪਾਸੇ ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਭਾਰਤ ਦੀਆਂਪੇਂਡੂ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲਾ ਰਾਏਪੁਰ ਖੇਡਾਂ ਵਿਖੇ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕਰਵਾਉਣ ਲਈ ਦਖਲ ਦੀ ਮੰਗ ਕਰਦਿਆਂ ਨਵੀਂ ਦਿੱਲੀ ਵਿਖੇ ਕੇਂਦਰੀ ਹਾਊਸਿੰਗ ਤੇ ਅਰਬਨ ਮਾਮਲਿਆਂ ਤੇ ਪੈਟਰੋਲੀਅਮ ਤੇ ਨੈਚੁਰਲ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੁਲਾਕਾਤ ਕੀਤੀ।
ਸ਼ੇਰਗਿੱਲ ਨੇ ਕਿਹਾ ਕਿ ਮੰਤਰੀ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੇ ਪੁਰੀ ਨੂੰ 'ਦ ਪਰਵੈਂਸ਼ਨ ਆਫ ਕਰੁਐਲਿਟੀ ਟੂ ਐਨੀਮਲ (ਪੰਜਾਬ ਅਮੈਂਡਮੈਂਟ) ਬਿੱਲ 2019’ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਦਿਲਾਉਣ ਲਈ ਬੇਨਤੀ ਕੀਤੀ, ਜਿਸ ਨਾਲ ਸਲਾਨਾ ਕਿਲਾ ਰਾਏਪੁਰ ਰੂਰਲ ਓਲੰਪਿਕਸ ਚ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਵਾਉਣ ਦਾ ਰਸਤਾ ਖੁੱਲ ਜਾਵੇਗਾ।
ਸ਼ੇਰਗਿੱਲ ਨੇ ਦੱਸਿਆ ਕਿ ਬੈਲ ਗੱਡੀਆਂ ਦੀਆਂ ਦੌੜਾਂ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਅਤੇ ਇਸ ਦੇ ਸੱਭਿਆਚਾਰ ਅਤੇ ਵਿਰਸੇ ਨਾਲ ਸਬੰਧਤ ਪੰਜਾਬ ਦਾ ਅਹਿਮ ਮੁੱਦਾ ਰਿਹਾ ਹੈ। ਇਸ ਦਿਸ਼ਾ ਵਿੱਚ, ਜ਼ਿਲ੍ਹਾ ਲੁਧਿਆਣਾ ਦੇ ਪਿੰਡ ਕਿਲਾ ਰਾਏਪੁਰ ਵਿੱਚ ਸਾਲ 1933 ਤੋਂ ਲਗਾਤਾਰ ਕਿਲਾ ਰਾਏਪੁਰ ਪੇਂਡੂ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਵਰਤਮਾਨ ਵਿੱਚ ਇਹ ਖੇਡਾਂ ਦੁਨੀਆ ਭਰ ਵਿੱਚ ਮਿੰਨੀ ਓਲੰਪਿਕਸ ਵਜੋਂ ਜਾਣੀਆਂ ਜਾਂਦੀਆਂ ਹਨ।
ਸ਼ੇਰਗਿੱਲ ਨੇ ਪੁਰੀ ਨੂੰ ਦੱਸਿਆ ਕਿ ਪੰਜਾਬ ਵਿੱਚ ਬੈਲਗੱਡੀਆਂ ਦੀਆਂ ਦੌੜਾਂ ਦੀ ਪ੍ਰਸਿੱਧੀ ਅਤੇ ਇਨ੍ਹਾਂ ਦੀ ਇਤਿਹਾਸਕ ਅਤੇ ਸੱਭਿਆਚਾਰਕ ਮਹੱਤਤਾ ਨੂੰ ਦੇਖਦਿਆਂ ਪੰਜਾਬ ਵਿਧਾਨ ਸਭਾ ਵੱਲੋਂ 'ਦ ਪਰਵੈਂਸ਼ਨ ਆਫ ਕਰੁਐਲਿਟੀ ਟੂ ਐਨੀਮਲ (ਪੰਜਾਬ ਅਮੈਂਡਮੈਂਟ) ਬਿੱਲ 2019’ ਪਾਸ ਕਰਕੇ ਮਾਨਯੋਗ ਰਾਸ਼ਟਰਪਤੀ ਨੂੰ ਪ੍ਰਵਾਨਗੀ ਲਈ ਭੇਜਿਆ ਗਿਆ ਸੀ, ਪਰ ਅਜੇ ਤੱਕ ਬੈਲਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਲਈ ਭਾਰਤ ਸਰਕਾਰ ਤੋਂ ਕੋਈ ਪ੍ਰਵਾਨਗੀ ਨਹੀਂ ਮਿਲੀ ਹੈ।
ਸ਼ੇਰਗਿੱਲ ਨੇ ਇਹ ਵੀ ਦੱਸਿਆ ਕਿ ਬੈਲ ਗੱਡੀਆਂ ਦੀਆਂ ਦੌੜਾਂ ਸਿਰਫ਼ ਕਿਲਾ ਰਾਏਪੁਰ ਪਿੰਡ (ਲੁਧਿਆਣਾ) ਵਿੱਚ ਹੀ ਨਹੀਂ, ਸਗੋਂ ਪੰਜਾਬ ਦੇ ਕਰੀਬ 80 ਫੀਸਦੀ ਪਿੰਡਾਂ ਵਿੱਚ ਖੇਡੀਆਂ ਜਾਂਦੀਆਂ ਹਨ, ਜਿਨ੍ਹਾਂ ਦੀ ਗਿਣਤੀ 12000 ਦੇ ਕਰੀਬ ਹੈ। ਇਸ ਲਈ ਇਸ ਖੇਡ ਨੂੰ ਮੁੜ ਇਜਾਜ਼ਤ ਦੇਣ ਨਾਲ ਨਾ ਸਿਰਫ਼ ਕਿਲ੍ਹਾ ਰਾਏਪੁਰ ਪਿੰਡ ਸਗੋਂ ਪੰਜਾਬ ਦੇ ਹਰ ਪਿੰਡ 'ਤੇ ਸਕਾਰਾਤਮਕ ਪ੍ਰਭਾਵ ਪਵੇਗਾ ਜੋ ਇਸ ਖੇਡ ਨਾਲ ਭਾਵਨਾਤਮਕ ਤੌਰ 'ਤੇ ਜੁੜਿਆ ਹੋਇਆ ਹੈ।
ਜਿਸ 'ਤੇ ਉਨ੍ਹਾਂ ਨੇ ਪੁਰੀ ਨੂੰ ਬੇਨਤੀ ਕੀਤੀ ਕਿ ਉਹ 'ਦ ਪਰਵੈਂਸ਼ਨ ਆਫ ਕਰੁਐਲਿਟੀ ਟੂ ਐਨੀਮਲ (ਪੰਜਾਬ ਅਮੈਂਡਮੈਂਟ) ਬਿੱਲ 2019’ 'ਤੇ ਰਾਸ਼ਟਰਪਤੀ ਤੋਂ ਪ੍ਰਵਾਨਗੀ ਲੈਣ ਲਈ ਹਰ ਮੁਮਕਿਨ ਕੋਸ਼ਿਸ਼ ਕਰਨ, ਤਾਂ ਜੋ ਸਾਡੀ ਪੁਰਾਣੀ ਸ਼ਾਨਦਾਰ ਵਿਰਾਸਤ ਨੂੰ ਸੰਭਾਲਿਆ ਜਾ ਸਕੇ।