Ludhiana News: ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ 10 ਫਰਵਰੀ ਨੂੰ ਬਰਨਾਲਾ ਜੇਲ੍ਹ ਤੋਂ ਰਿਹਾਅ ਹੋਣਗੇ। ਇਸ ਸਬੰਧੀ ਉਨ੍ਹਾਂ ਦੀ ਫੇਸਬੁੱਕ 'ਤੇ ਇਕ ਪੋਸਟ 'ਚ ਦੱਸਿਆ ਗਿਆ ਹੈ ਕਿ ਸਿਮਰਜੀਤ ਸਿੰਘ ਬੈਂਸ 10 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਪਹਿਲਾਂ ਜੇਲ 'ਚੋਂ ਰਿਹਾਅ ਹੋਣਗੇ। ਇਸ ਦੌਰਾਨ ਸਿਮਰਜੀਤ ਸਿੰਘ ਬੈਂਸ ਦੇ ਫੇਸਬੁੱਕ ਪੇਜ 'ਤੇ ਸਮਰਥਕਾਂ ਨੂੰ ਭਲਕੇ ਬਰਨਾਲਾ ਜੇਲ੍ਹ ਦੇ ਬਾਹਰ ਕਾਫਲੇ ਬਣਾ ਕੇ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ। ਜਿਸ ਕਰਕੇ ਬਰਨਾਲਾ ਜੇਲ੍ਹ ਦੇ ਬਾਹਰ ਵੱਡੀ ਗਿਣਤੀ ਵਿੱਚ ਸਮਰਥਕਾਂ ਦੇ ਪੁੱਜਣ ਦੀ ਸੰਭਾਵਨਾ ਹੈ।



ਹਾਸਲ ਜਾਣਕਾਰੀ ਅਨੁਸਾਰ ਸਿਮਰਜੀਤ ਸਿੰਘ ਬੈਂਸ ਭਲਕੇ ਦੁਪਹਿਰ 12 ਵਜੇ ਬਰਨਾਲਾ ਜੇਲ੍ਹ ਤੋਂ ਜ਼ਮਾਨਤ 'ਤੇ ਬਾਹਰ ਆਉਣਗੇ। ਬੈਂਸ ਨੂੰ ਬਲਾਤਕਾਰ ਦੇ ਕੇਸ ਸਮੇਤ 16 ਹੋਰ ਮਾਮਲਿਆਂ ਵਿੱਚ ਜ਼ਮਾਨਤ ਮਿਲ ਚੁੱਕੀ ਹੈ। ਇਸ ਤੋਂ ਪਹਿਲਾਂ ਬੈਂਸ ਨੇ ਸੈਸ਼ਨ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਅਤੇ ਉਸਨੂੰ ਰੱਦ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਬੈਂਸ ਨੂੰ ਇੱਥੋਂ ਰਾਹਤ ਮਿਲੀ ਹੈ। ਲੁਧਿਆਣਾ ਜੇਲ੍ਹ ਵਿੱਚ ਬੈਂਸ ਨੂੰ ਖ਼ਤਰਾ ਹੋਣ ਕਾਰਨ ਉਨ੍ਹਾਂ ਨੂੰ ਬਰਨਾਲਾ ਜੇਲ੍ਹ ਭੇਜ ਦਿੱਤਾ ਗਿਆ ਸੀ।


 ਇਹ ਵੀ ਪੜ੍ਹੋ : 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਦਾ 10 ਫਰਵਰੀ ਨੂੰ ਹੋਵੇਗਾ ਵਿਆਹ: ਸੂਤਰ

ਦੱਸ ਦੇਈਏ ਕਿ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਨੇ ਜਬਰ ਜਨਾਹ ਮਾਮਲੇ ਦੀ ਸੁਣਵਾਈ ਲਈ ਨਾ ਆਉਣ ਕਾਰਨ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ 6 ਹੋਰਾਂ ਨੂੰ ਭਗੌੜਾ ਕਰਾਰ ਦਿੱਤਾ ਸੀ। ਇਸ ਦੇ ਨਾਲ ਹੀ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲੀਸ ਨੇ ਅਦਾਲਤ ਵਿੱਚ ਪੇਸ਼ ਨਾ ਹੋਣ ’ਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। 11 ਜੁਲਾਈ ਨੂੰ ਬੈਂਸ ਨੇ ਆਪਣੇ ਚਾਰ ਸਾਥੀਆਂ ਸਮੇਤ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਇਸ ਦੇ ਨਾਲ ਹੀ ਪੁਲਿਸ ਵੱਲੋਂ ਪਹਿਲਾਂ ਵੀ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

 ਇਹ ਵੀ ਪੜ੍ਹੋ : ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਝੜਪ ਮਗਰੋਂ 39 ਜਣਿਆਂ ਖਿਲਾਫ ਕੇਸ ਦਰਜ, ਅੱਜ ਅਦਾਲਤ 'ਚ ਕੀਤਾ ਜਾਵੇਗਾ ਪੇਸ਼



ਜ਼ਿਕਰਯੋਗ ਹੈ ਕਿ 10 ਜੁਲਾਈ 2021 ਨੂੰ ਥਾਣਾ ਡਵੀਜ਼ਨ ਨੰਬਰ 6 'ਚ ਇੱਕ ਮਹਿਲਾ ਨੇ ਸਾਬਕਾ ਵਿਧਾਇਕ ਬੈਂਸ ਅਤੇ ਉਸ ਦੇ ਸਾਥੀਆਂ 'ਤੇ ਜਬਰ ਜਨਾਹ ਦਾ ਦੋਸ਼ ਲਗਾਉਂਦੇ ਹੋਏ ਮਾਮਲਾ ਦਰਜ ਕਰਵਾਇਆ ਸੀ। ਜਿਸ ਤੋਂ ਬਾਅਦ ਬੈਂਸ ਖਿਲਾਫ ਧਾਰਾ 376, 354, 354-ਏ, 506 ਅਤੇ 120 ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।