Ludhiana News: ਕੱਲ੍ਹ ਭਾਵ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਹੋਏਗਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਹੋਣਗੇ। ਇਸ ਲਈ ਲੁਧਿਆਣਾ ਵਿੱਚ ਅੱਜ ਤੋਂ ਹੀ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। 



ਇਸ ਬਾਰੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਦੌਰਾਨ ਦੇਸ਼ ਭਗਤੀ ਦੇ ਰੰਗ ਵਿੱਚ ਰੰਗੀਆਂ ਤੇ ਪੰਜਾਬ ਦੇ ਇਤਿਹਾਸ ਤੇ ਸੱਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ ਖਿੱਚ ਦਾ ਕੇਂਦਰ ਹੋਣਗੀਆਂ। ਡੀਸੀ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਸਵੇਰੇ 9:58 ਵਜੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੌਮੀ ਝੰਡਾ ਲਹਿਰਾਉਣ ਨਾਲ ਹੋਵੇਗੀ। 


Bank Holiday: ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਅੱਜ ਤੋਂ ਚਾਰ ਦਿਨ ਬੈਂਕ ਰਹਿਣਗੇ ਬੰਦ, ਜ਼ੂਰਰੀ ਕੰਮ ਲਈ ਜਾਣ ਤੋਂ ਪਹਿਲਾਂ ਫਟਾਫਟ ਚੈੱਕ ਕਰੋ Holiday List



ਇਸ ਸਬੰਧ ’ਚ ਬੁੱਧਵਾਰ ਨੂੰ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਫੁੱਲ ਡ੍ਰੈੱਸ ਰਿਹਰਸਲ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਰਿਹਰਸਲ ਦਾ ਨਿਰੀਖਣ ਕਰਨ ਉਪਰੰਤ ਕੌਮੀ ਝੰਡਾ ਲਹਿਰਾਇਆ ਤੇ ਮਾਰਚ ਪਾਸਟ ਤੋਂ ਸਲਾਮੀ ਲਈ। ਫੁੱਲ ਡਰੈੱਸ ਰਿਹਰਸਲ ਦੌਰਾਨ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਵੀ ਮੌਜੂਦ ਸਨ। 


ਫੁੱਲ ਡਰੈਸ ਰਿਹਰਸਲ ਦੌਰਾਨ ਮਾਰਚ ਪਾਸਟ ਵਿੱਚ ਪੰਜਾਬ ਪੁਲਿਸ, ਐਨਸੀਸੀ, ਪੰਜਾਬ ਹੋਮ ਗਾਰਡਜ਼ ਤੇ ਏਅਰ ਵਿੰਗ ਦੀਆਂ ਟੁਕੜੀਆਂ ਸ਼ਾਮਲ ਸਨ। ਇਸ ਮਗਰੋਂ ਸਕੂਲੀ ਵਿਦਿਆਰਥੀਆਂ ਵੱਲੋਂ ਵਿਸ਼ਾਲ ਪੀਟੀ ਸ਼ੋਅ ਵਿੱਚ ਭਾਗ ਲੈਣ ਉਪਰੰਤ ਦੇਸ਼ ਭਗਤੀ ਦੇ ਗੀਤ, ਭੰਗੜਾ ਤੇ ਗਿੱਧਾ ਤੇ ਕੋਰੀਓਗ੍ਰਾਫੀ ਸਮੇਤ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। 



ਦੱਸ ਦਈਏ ਕਿ ਕੇਂਦਰ ਵੱਲੋਂ ਗਣਤੰਤਰ ਦਿਵਸ ਪਰੇਡ ਲਈ ਰੱਦ ਕੀਤੀ ਗਈ ਪੰਜਾਬ ਦੀ ਝਾਕੀ ਹੁਣ ਲੁਧਿਆਣਾ ਵਿੱਚ ਹੋਣ ਵਾਲੇ ਸਮਾਗਮ ਦੀ ਸ਼ਾਨ ਬਣੇਗੀ। ਇਸ ਝਾਕੀ ਨੂੰ ਸਮਾਗਮ ਦੌਰਾਨ ਲੋਕਾਂ ਨੂੰ ਦਿਖਾਇਆ ਜਾਵੇਗਾ। ਝਾਕੀ ਵਿੱਚ ਜਿੱਥੇ ਸ਼ਹੀਦ ਭਗਤ ਸਿੰਘ ਦਾ ਬੁੱਤ ਹੈ, ਉਥੇ ਹੀ ਪਿੱਛੇ ਜੱਲ੍ਹਿਆਂਵਾਲੇ ਬਾਗ ਨੂੰ ਦਿਖਾਇਆ ਗਿਆ ਹੈ। 


ਯਾਦ ਰਹੇ ਦਿੱਲੀ ’ਚ ਪੰਜਾਬ ਦੀ ਝਾਕੀ ਨੂੰ ਰੱਦ ਕਰਨ ਮਗਰੋਂ ਕਾਫ਼ੀ ਹੰਗਾਮਾ ਹੋਇਆ ਸੀ। ਜਿੱਥੇ ਆਮ ਆਦਮੀ ਪਾਰਟੀ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਪੱਖਪਾਤ ਕਰਨ ਦਾ ਦੋਸ਼ ਲਾਇਆ ਸੀ, ਉਥੇ ਪੰਜਾਬ ਭਾਜਪਾ ਦੇ ਆਗੂਆਂ ਨੇ ਝਾਕੀ ’ਤੇ ਮੁੱਖ ਮੰਤਰੀ ਦੀ ਫੋਟੋ ਲੱਗੀ ਹੋਣ ਦਾ ਦੋਸ਼ ਲਾਇਆ ਸੀ। ਹੁਣ ਲੁਧਿਆਣਾ ਵਿੱਚ ਗਣਤੰਤਰ ਦਿਵਸ ਸਮਾਗਮ ਦੌਰਾਨ ਜਿੱਥੇ ਮੁੱਖ ਮੰਤਰੀ ਝੰਡਾ ਲਹਿਰਾਉਣਗੇ ਉਥੇ ਇਹ ਝਾਕੀ ਲੋਕਾਂ ਨੂੰ ਦਿਖਾਈ ਜਾਵੇਗੀ।