Ludhiana: ਸੂਬਾ ਸਰਕਾਰ ਵੱਲੋਂ ਸਿਰਫ਼ ਨੌਂ ਮਹੀਨਿਆਂ ਵਿੱਚ ਰਿਕਾਰਡ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵੱਡਾ ਵਾਅਦਾ ਪੂਰਾ ਕਰਨ ਦੀ ਗੱਲ ਆਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਲ 2023 ਸਿੱਖਿਆ, ਰੋਜ਼ਗਾਰ ਤੇ ਸਿਹਤ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦਾ ਗਵਾਹ ਬਣਨ ਜਾ ਰਿਹਾ ਹੈ।
ਇੱਥੇ 3910 ਮਾਸਟਰ ਕੇਡਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਸਰਕਾਰ ਬਣਨ ਤੋਂ ਬਾਅਦ ਵਾਅਦਾ ਕੀਤਾ ਸੀ ਕਿ ਪਹਿਲੇ ਸਾਲ ਦੌਰਾਨ 25 ਹਜ਼ਾਰ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਮੇਰੇ ਲਈ ਬੇਹੱਦ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਵੱਖ-ਵੱਖ ਮਹਿਕਮਿਆਂ ਵਿੱਚ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਇਸ ਵਾਅਦੇ ਨੂੰ ਸਿਰਫ਼ ਨੌਂ ਮਹੀਨਿਆਂ ਵਿੱਚ ਹੀ ਪੂਰਾ ਕਰ ਲਿਆ ਗਿਆ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੌਕਰੀਆਂ ਲਈ ਸਿਰਫ਼ ਇੱਕੋ-ਇੱਕ ਮਾਪਦੰਡ ਮੈਰਿਟ ਤੇ ਯੋਗਤਾ ਰੱਖਿਆ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ ਸਿੱਖਿਆ ਖੇਤਰ ਵਿੱਚ ਹੀ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ, ਜਦੋਂ ਕਿ 5994 ਹੋਰ ਅਧਿਆਪਕਾਂ ਦੀ ਭਰਤੀ ਦਾ ਨਵਾਂ ਇਸ਼ਤਿਹਾਰ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਸੁਚਾਰੂ ਤਰੀਕੇ ਨਾਲ ਛੇਤੀ ਮੁਕੰਮਲ ਕਰ ਲਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਤਕਰੀਬਨ 23 ਹਜ਼ਾਰ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਰੈਗੁਲਰ ਕੀਤੀਆਂ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ, ਸਿਹਤ ਤੇ ਰੋਜ਼ਗਾਰ ਵਰਗੇ ਤਿੰਨ ਖੇਤਰ ਸਾਡੀ ਸਰਕਾਰ ਦੇ ਤਰਜੀਹੀ ਖੇਤਰ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਾਲ ਦੌਰਾਨ ਇਹ ਤਿੰਨੇ ਖੇਤਰ ਅਹਿਮ ਤਬਦੀਲੀਆਂ ਦਾ ਗਵਾਹ ਬਣਨਗੇ ਕਿਉਂਕਿ ਸੂਬਾ ਸਰਕਾਰ ਇਨ੍ਹਾਂ ਖੇਤਰਾਂ ਦੇ ਵਿਕਾਸ ਲਈ ਉਤਸ਼ਾਹ ਨਾਲ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਧਿਆਨ ਇਨ੍ਹਾਂ ਖੇਤਰਾਂ ਵਿੱਚ ਮੁਲਾਜ਼ਮਾਂ ਦੀ ਭਰਤੀ ਤੇ ਬੁਨਿਆਦੀ ਢਾਂਚੇ ਦਾ ਵਿਕਾਸ ਕਰ ਕੇ ਸੂਬੇ ਦੇ ਹੁਨਰਮੰਦ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਉਤੇ ਕੇਂਦਰਤ ਹੈ।
ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਅਧਿਆਪਕਾਂ ਦੀ ਤੁਲਨਾ ‘ਦੂਜੇ ਮਾਤਾ-ਪਿਤਾ’ ਵਜੋਂ ਕੀਤੀ, ਜੋ ਇਕ ਬੱਚੇ ਦੇ ਸਮੁੱਚੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨਵ-ਨਿਯੁਕਤ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਭਵਿੱਖ ਦੇ ਨਕਸ਼ ਘੜਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣੀ ਚਾਹੀਦੀ ਤਾਂ ਕਿ ਉਹ ਕਿਸੇ ਵੀ ਖੇਤਰ ਵਿੱਚ ਨਾਮਣਾ ਖੱਟਣ ਦੇ ਯੋਗ ਬਣ ਸਕਣ।
ਮੁੱਖ ਮੰਤਰੀ ਨੇ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਵਿਚਾਲੇ ਬਿਹਤਰ ਤਾਲਮੇਲ ਦੀ ਲੋੜ ਉਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੰਤਵ ਦੀ ਪੂਰਤੀ ਲਈ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ਉਤੇ ਅਧਿਆਪਕ-ਮਾਪੇ ਮਿਲਣੀ ਕਰਵਾਉਣ ਦਾ ਇਤਿਹਾਸਕ ਕਦਮ ਚੁੱਕਿਆ ਤਾਂ ਜੋ ਮਾਪੇ ਤੇ ਅਧਿਆਪਕ ਵਿਦਿਆਰਥੀਆਂ ਦੀਆਂ ਰੁਚੀਆਂ ਬਾਰੇ ਚੰਗੀ ਸੂਝ-ਬੂਝ ਬਣਾਉਣ ਦੇ ਯੋਗ ਹੋ ਸਕਣ। ਭਗਵੰਤ ਮਾਨ ਨੇ ਕਿਹਾ ਕਿ ਬੱਚੇ ਦਾ ਉਸ ਦੀ ਰੁਚੀ ਮੁਤਾਬਕ ਸਮੁੱਚਾ ਵਿਕਾਸ ਯਕੀਨੀ ਬਣਾਉਣ ਲਈ ਇਹ ਪਹਿਲਕਦਮੀ ਸਮੇਂ ਦੀ ਲੋੜ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਮਾਣ ਹੈ ਕਿ ਇੱਥੋਂ ਦੇ ਬੱਚੇ ਮਿਹਨਤੀ ਦੇ ਹੁਸ਼ਿਆਰ ਹਨ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਆਪਣੇ ਘਰ ਨੇੜੇ ਬਦਲੀਆਂ ਕਰਵਾਉਣ ਲਈ ਸਮਾਂ ਬਰਬਾਦ ਕਰਨ ਦੀ ਥਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਉਤੇ ਧਿਆਨ ਕੇਂਦਰਤ ਕਰਨ। ਭਗਵੰਤ ਮਾਨ ਨੇ ਕਿਹਾ ਕਿ ਅਧਿਆਪਕਾਂ ਨੂੰ ਭਵਿੱਖ ਵਿੱਚ ਆਪਣੇ ਪੜ੍ਹਾਏ ਬੱਚਿਆਂ ਉਤੇ ਮਾਣ ਹੋਵੇਗਾ ਕਿਉਂਕਿ ਵਿਦਿਆਰਥੀਆਂ ਦੀ ਸਫ਼ਲਤਾ ਨੂੰ ਕਦੇ ਵੀ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ।