Ludhiana News: ਲੁਧਿਆਣਾ ਦੇ ਨੂਰਵਾਲਾ ਰੋਡ ਸਥਿਤ ਸੰਨਿਆਸੀ ਨਗਰ ਵਿੱਚ ਬੁੱਧਵਾਰ ਰਾਤ ਸ਼ਰਾਬ ਪੀਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਹੋਰ ਦੀ ਹਾਲਤ ਗੰਭੀਰ ਹੈ। ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੈ ਕਿ ਮੌਤ ਦਾ ਕਾਰਨ ਜ਼ਹਿਰੀਲੀ ਸ਼ਰਾਬ ਹੈ, ਜਿਸਦੀ ਪੁਲਿਸ ਵੀ ਜਾਂਚ ਕਰ ਰਹੀ ਹੈ।
ਮ੍ਰਿਤਕ ਦੀ ਪਛਾਣ 40 ਸਾਲਾ ਰਿੰਕੂ ਵਜੋਂ ਹੋਈ ਹੈ, ਜੋ ਸੰਨਿਆਸੀ ਨਗਰ ਦਾ ਰਹਿਣ ਵਾਲਾ ਸੀ। ਹੋਰ ਦੋ ਵਿਅਕਤੀਆਂ ਦੀ ਪਛਾਣ ਹਾਲੇ ਨਹੀਂ ਹੋ ਸਕੀ। ਰਿੰਕੂ ਦੀ ਭਾਬੀ ਪਾਰੋ ਨੇ ਦੱਸਿਆ ਕਿ ਰਿੰਕੂ ਸਰਕਾਰੀ ਸਕੂਲ ਦੇ ਕੋਲ ਖਾਲੀ ਪਲਾਟ ਵਿੱਚ ਦੋ ਹੋਰਾਂ ਦੇ ਨਾਲ ਸ਼ਰਾਬ ਪੀ ਰਿਹਾ ਸੀ। ਸ਼ਰਾਬ ਪੀਣ ਤੋਂ ਬਾਅਦ ਤਿੰਨੋਂ ਬੇਹੋਸ਼ ਹੋ ਗਏ ਅਤੇ ਉਨ੍ਹਾਂ ਦੇ ਮੂੰਹੋਂ ਝਾਗ ਨਿਕਲਣ ਲੱਗੀ।
ਮ੍ਰਿਤਕ ਰਿੰਕੂ ਦੀ ਲਾਸ਼ ਨਗਰ ਦੇ ਲੋਕਾਂ ਵੱਲੋਂ ਰਾਤ ਨੂੰ ਸਿਵਲ ਹਸਪਤਾਲ ਪਹੁੰਚਾਈ ਗਈ। ਇੱਕ ਰਾਹਗੀਰ ਨੇ ਘਟਨਾ ਦੀ ਜਾਣਕਾਰੀ ਪਰਿਵਾਰ ਨੂੰ ਦਿੱਤੀ, ਜਿਸ ਤੋਂ ਬਾਅਦ ਰਿੰਕੂ ਨੂੰ ਰਾਤ ਦੇਰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ। ਹੋਰ ਦੋ ਗੰਭੀਰ ਵਿਅਕਤੀਆਂ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੱਖ-ਵੱਖ ਹਸਪਤਾਲਾਂ 'ਚ ਲੈ ਗਏ ਹਨ। ਰਿੰਕੂ ਦੀ ਪਤਨੀ ਦੀ ਕੁਝ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ। ਉਸਦੇ ਇਕ ਪੁੱਤ ਅਤੇ ਦੋ ਧੀਆਂ ਹਨ।
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਮੀਡੀਆ ਨੂੰ ਦੱਸਿਆ ਕਿ ਨਕਲੀ ਸ਼ਰਾਬ ਬਣਾਉਣ ਵਿੱਚ ਵਰਤੇ ਜਾਣ ਵਾਲੇ ਮਿਥੈਨੌਲ ਤੋਂ ਝਾਗ ਨਹੀਂ ਬਣਦੀ। ਉਨ੍ਹਾਂ ਕਿਹਾ ਕਿ ਸੰਭਾਵਨਾ ਹੈ ਕਿ ਵਿਅਕਤੀ ਦੀ ਮੌਤ ਜ਼ਹਿਰ ਨਾਲ ਹੋਈ ਹੋਵੇ। ਪੋਸਟਮਾਰਟਮ ਰਿਪੋਰਟ ਤੋਂ ਬਾਅਦ ਸਪੱਸ਼ਟ ਹੋਵੇਗਾ ਕਿ ਮੌਤ ਦਾ ਅਸਲ ਕਾਰਨ ਕੀ ਸੀ।
ਹਾਲ ਦੇ ਵਿੱਚ ਹੀ ਅੰਮ੍ਰਿਤਸਰ ਦੇ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਦੇਖਣ ਨੂੰ ਮਿਲਿਆ ਸੀ, ਜਿਸ ਵਿੱਚ ਕਈ ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ ਸੀ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਇਸ ਮਾਮਲੇ ਦੀ ਗਾਜ਼ ਕਈ ਅਧਿਕਾਰੀਆਂ ਉੱਤੇ ਵੀ ਡਿੱਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।