Ludhiana News: ਅੰਮ੍ਰਿਤਸਰ ਦੇ ਬਾਰਡਰ ਏਰੀਆ ਤੋਂ ਹੈਰੋਇਨ ਲਿਆ ਕੇ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ 'ਚ ਸਪਲਾਈ ਕਰਨ ਵਾਲੇ ਮੁਲਜ਼ਮ ਨੂੰ ਐਸਟੀਐਫ (STF) ਦੀ ਟੀਮ ਨੇ ਗ੍ਰਿਫਤਾਰ ਕੀਤਾ ਹੈ।
ਗੁਪਤ ਸੂਚਨਾ ਦੇ ਆਧਾਰ 'ਤੇ ਸਖ਼ਸ਼ ਚੜ੍ਹਿਆ ਹੱਥੇ
ਜਾਣਕਾਰੀ ਦਿੰਦਿਆਂ ਐਸਟੀਐਫ ਦੇ ਲੁਧਿਆਣਾ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਦੇ ਕਬਜ਼ੇ 'ਚੋਂ 1 ਕਿਲੋ 720 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਐਸਟੀਐਫ ਦੇ ਟੀਮ ਨੇ ਮੁਲਜ਼ਮ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਉਸ ਵੇਲੇ ਗ੍ਰਿਫਤਾਰ ਕੀਤਾ ਜਦੋਂ ਉਹ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਗਾਹਕਾਂ ਨੂੰ ਹੈਰੋਇਨ ਦੇਣ ਲਈ ਲੁਹਾਰਾ ਤੋਂ ਈਸ਼ਰ ਨਗਰ ਵੱਲ ਜਾ ਰਿਹਾ ਸੀ।
ਐਸਟੀਐਫ ਦੇ ਇੰਚਾਰਜ ਹਰਬੰਸ ਸਿੰਘ ਦੇ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮ ਦੀ ਪਹਿਚਾਣ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਦੇ ਰਹਿਣ ਵਾਲੇ ਮਨੀਸ਼ ਸ਼ਰਮਾ ਉਰਫ ਮਨੀ ਵਜੋਂ ਹੋਈ ਹੈ। ਐਸਟੀਐਫ ਦੀ ਟੀਮ ਨੇ ਮੁਲਜ਼ਮ ਦੇ ਖਿਲਾਫ ਮੁਕਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਰਾਜਪਾਲ ਪੁਰੋਹਿਤ ਨੇ ਸੂਬੇ 'ਚ ਨਸ਼ਿਆਂ ਦੇ ਪਾਸਾਰ ਲਈ ਗੁਆਂਢੀ ਮੁਲਕ ਪਾਕਿਸਤਾਨ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੂਬੇ ਵਿੱਚ ਨਸ਼ਿਆਂ ਦੇ ਪਾਸਾਰ ਲਈ ਗੁਆਂਢੀ ਮੁਲਕ ਪਾਕਿਸਤਾਨ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਂਦਿਆਂ ਨੌਜਵਾਨਾਂ ਨੂੰ ਸੂਬੇ ਵਿਚੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਰਕਾਰ ਅਤੇ ਸੁਰੱਖਿਆ ਬਲਾਂ ਦਾ ਅੱਗੇ ਹੋ ਕੇ ਸਾਥ ਦੇਣ ਦਾ ਸੱਦਾ ਦਿੱਤਾ ਹੈ। ਰਾਜਪਾਲ ਵੱਲੋਂ ਕਲਾਨੌਰ ਦੇ ਨਜ਼ਦੀਕੀ ਸਰਹੱਦੀ ਪਿੰਡ ਨੜਾਂਵਾਲੀ ਵਿੱਚ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰਾਂ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ। ਉਪਰੰਤ ਉਨ੍ਹਾਂ ਵੱਲੋਂ ਪਠਾਨਕੋਟ ਦੇ ਸਰਕਾਰੀ ਆਡੀਟੋਰੀਅਮ ਵਿੱਚ ਵਿਲੇਜ ਡਿਫੈਂਸ ਕਮੇਟੀ ਦੇ ਅਧਿਕਾਰੀਆਂ ਅਤੇ ਮੋਹਤਬਰਾਂ ਨਾਲ ਮੀਟਿੰਗ ਕੀਤੀ ਗਈ। ਸ੍ਰੀ ਪੁਰੋਹਿਤ ਨੇ ਕਿਹਾ ਕਿ ਉਹ ਪਿਛਲੇ ਇਕ ਸਾਲ ਤੋਂ ਸਰਹੱਦੀ ਖੇਤਰ ਨਾਲ ਜੁੜੇ ਛੇ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ। ਇਸ ਦਾ ਮੁੱਖ ਕਾਰਨ ਇਹ ਹੈ ਕਿ ਉਕਤ ਜ਼ਿਲ੍ਹਿਆਂ ਵਿੱਚ ਜਿੱਥੇ ਨਸ਼ਿਆਂ ਦਾ ਕਾਰੋਬਾਰ ਜ਼ਿਆਦਾ ਹੁੰਦਾ ਹੈ, ਉਥੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਗੈਰਕਾਨੂੰਨੀ ਮਾਈਨਿੰਗ ਵੀ ਹੁੰਦੀ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਇਨ੍ਹਾਂ ਦੋਹਾਂ ’ਤੇ ਨਕੇਲ ਕੱਸਣ ਦੇ ਉਦੇਸ਼ ਲਈ ਵਿਲੇਜ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਜਿਸ ਦਾ ਮਕਸਦ ਗੁਆਂਢੀ ਦੇਸ਼ ਤੋਂ ਆਉਣ ਵਾਲੇ ਨਸ਼ਿਆਂ ਦੀ ਸਪਲਾਈ ’ਤੇ ਰੋਕ ਲਗਾਉਣਾ ਹੈ।