Ludhiana news: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਦੇ ਫੀਲਡ ਅਫਸਰ ਵਜੋਂ ਤਾਇਨਾਤ ਜ਼ੋਰਾ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।


ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਅਦਾਲਤਾਂ ਲੁਧਿਆਣਾ ਵਿੱਚ ਵਕੀਲ ਵਜੋਂ ਵਕਾਲਤ ਕਰਦੇ ਅਮਿਤ ਰਾਏ, ਵਾਸੀ ਈਸ਼ਰ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ  ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।


ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੱਸਿਆ ਕਿ ਉਕਤ ਕਰਮਚਾਰੀ ਵੱਲੋਂ ਸ਼ਿਵ ਵਿਹਾਰ, ਪਿੰਡ ਜਸਪਾਲ ਬਾਂਗਰ, ਲੁਧਿਆਣਾ ਵਿਖੇ ਉਸ ਦੇ ਨਿਰਮਾਣ ਅਧੀਨ ਦੋ ਮਕਾਨਾਂ ਦਾ ਲੈਂਟਰ ਪਾਉਣ ਬਦਲੇ 4,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।


ਇਹ ਵੀ ਪੜ੍ਹੋ: Ludhiana news: ਪਤੀ-ਪਤਨੀ ਨੂੰ ਡੰਡਿਆਂ ਨਾਲ ਕੁੱਟਿਆ, ਫਲੈਟ 'ਤੇ ਨਜਾਇਜ਼ ਕਬਜ਼ੇ ਦੀ ਸ਼ਿਕਾਇਤ ਕਰਨ 'ਤੇ ਕੀਤਾ ਹਮਲਾ


ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਕਰਮਚਾਰੀ ਨੇ ਧਮਕੀ ਦਿੱਤੀ ਕਿ ਜੇਕਰ ਰਿਸ਼ਵਤ ਦੀ ਰਕਮ ਦੋਵਾਂ ਮਕਾਨਾਂ ਲਈ ਨਾ ਦਿੱਤੀ ਗਈ ਤਾਂ ਉਹ ਲੈਂਟਰ ਪਾਉਣ ਨਹੀਂ ਦੇਵੇਗਾ ਅਤੇ ਇਹ ਵੀ ਕਿਹਾ ਹੈ ਕਿ ਰਿਸ਼ਵਤ ਦੀ ਰਿਹ ਰਕਮ ਗਲਾਡਾ ਦੇ ਹੋਰ ਅਧਿਕਾਰੀਆਂ ਨਾਲ ਵੀ ਵੰਡੀ ਜਾਵੇਗੀ।


ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਲੁਧਿਆਣਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।


ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਕਤ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਗਲਾਡਾ ਦੇ ਹੋਰ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।


ਇਹ ਵੀ ਪੜ੍ਹੋ: Punjab vidhan sabha: ਬਜਟ ਇਜਲਾਸ ਦੌਰਾਨ 9 ਕਾਂਗਰਸੀ ਵਿਧਾਇਕਾਂ ਨੂੰ ਕੀਤਾ ਮੁਅੱਤਲ, ਸਾਹਮਣੇ ਆਈ ਆਹ ਵਜ੍ਹਾ