Punjab News:  ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਦੁਸ਼ਮਣ ਤਾਕਤਾਂ ਨਸ਼ੇੜੀਆਂ ਵਜੋਂ ਪੰਜਾਬੀਆਂ ਦਾ ਕੂੜ ਪ੍ਰਚਾਰ ਕਰਨ ਲਈ ਪੱਬਾਂ ਭਾਰ ਹਨ ਤਾਂ ਕਿ ਦੇਸ਼ ਸਾਹਮਣੇ ਸੂਬੇ ਦੀ ਗਲਤ ਤਸਵੀਰ ਪੇਸ਼ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਦੀਆਂ ਤੋਂ ਪੰਜਾਬ ਦੇਸ਼ ਦੀ ਖੜਗਭੁਜਾ ਰਿਹਾ ਹੈ ਅਤੇ ਇਸ ਨੂੰ ਦੇਸ਼ ਦਾ ਰਿਜ਼ਕ ਦੇਣ ਵਾਲਾ ਸੂਬਾ ਕਿਹਾ ਜਾਂਦਾ ਹੈ ਪਰ ਪੰਜਾਬੀਆਂ ਦੇ ਇਸ ਮਹਾਨ ਯੋਗਦਾਨ ਨੂੰ ਦਰਕਿਨਾਰ ਕਰਕੇ ਕੁਝ ਸਿਆਸੀ ਪਾਰਟੀਆਂ ਸੱਚੇ ਸਪੂਤਾਂ ਨੂੰ ਨਸ਼ੇੜੀ ਗਰਦਾਨ ਕੇ ਘਟੀਆ ਪ੍ਰਾਪੇਗੰਡਾ ਕਰ ਰਹੀਆਂ ਹਨ। 


ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਪੰਜਾਬ ਨੇ ਨਸ਼ਿਆਂ ਦੇ ਖਿਲਾਫ਼ ਆਰ-ਪਾਰ ਦੀ ਲੜਾਈ ਵਿੱਢ ਦਿੱਤੀ ਹੈ ਜਿਸ ਦੀ ਸ਼ੁਰੂਆਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਤੋਂ ਅਰਦਾਸ ਕਰਕੇ ਕੀਤੀ ਗਈ ਸੀ।


ਮੁੱਖ ਮੰਤਰੀ ਨੇ ਕਿਹਾ, “ਸਾਨੂੰ ਪੰਜਾਬ ਦੇ ਸ਼ਹੀਦਾਂ ਦੀ ਗਿਣਤੀ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਦੇ ਹਰੇਕ ਪਿੰਡ ਦੀ ਮਿੱਟੀ ਉਤੇ ਇਨ੍ਹਾਂ ਨਾਇਕਾਂ ਦੇ ਨਿਸ਼ਾਨ ਹਨ।” ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਦਾ ਜਰ੍ਹਾ-ਜਰ੍ਹਾ ਮਹਾਨ ਗੁਰੂ ਸਾਹਿਬਾਨ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਛੋਹ ਪ੍ਰਾਪਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਕਰਨ ਦੇ ਜਜ਼ਬੇ ਦਾ ਸੁਭਾਗ ਹਾਸਲ ਹੈ ਜਿਸ ਕਰਕੇ ਉਹ ਹਰੇਕ ਥਾਂ ਆਪਣਾ ਮਹੱਤਵ ਕਾਇਮ ਕਰ ਲੈਂਦੇ ਹਨ। 


ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ 'ਤੇ ਵੱਡਾ ਜ਼ੋਰ ਦਿੱਤਾ ਹੈ ਜਿਸ ਨਾਲ ਨੌਜਵਾਨਾਂ ਦੀ ਅਸੀਮ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਲਈ ਅਗਾਊਂ ਫੰਡ ਦਿੱਤੇ ਗਏ ਹਨ ਤਾਂ ਜੋ ਉਹ ਖੇਡ ਮੁਕਾਬਲਿਆਂ ਵਿੱਚ ਮੱਲਾਂ ਮਾਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪੰਜਾਬੀਆਂ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਏਸ਼ੀਅਨ ਖੇਡਾਂ ਵਿੱਚ 19 ਤਗਮੇ ਜਿੱਤੇ ਹਨ, ਜੋ ਕਿ ਏਸ਼ੀਆਡ ਦੀ ਸ਼ੁਰੂਆਤ ਤੋਂ ਹੁਣ ਤੱਕ ਜਿੱਤੇ ਗਏ ਸਭ ਤੋਂ ਵੱਧ ਤਗਮੇ ਹਨ।

 

ਮੁੱਖ ਮੰਤਰੀ ਨੇ ਕਿਹਾ ਕਿ ਉਹ ਭਲੀਭਾਂਤ ਜਾਣਦੇ ਹਨ ਕਿ ‘ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ’, ਇਸੇ ਲਈ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਵਿੱਚ ਲੱਗੇ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਿੱਚ ਹਰੇਕ ਸਾਲ 2100 ਅਸਾਮੀਆਂ ਦੀ ਰੈਗੂਲਰ ਭਰਤੀ ਲਈ ਇਸ਼ਤਿਹਾਰ ਦਿੱਤਾ ਜਾ ਰਿਹਾ ਹੈ ਜਿਸ ਨਾਲ ਨੌਜਵਾਨਾਂ ਨੂੰ ਸਖ਼ਤ ਮਿਹਨਤ ਕਰਨ ਅਤੇ ਪੁਲਿਸ ਅਫ਼ਸਰ ਬਣਨ ਲਈ ਤਿਆਰੀ ਕਰਨ ਦੀ ਪ੍ਰੇਰਨਾ ਮਿਲਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ ਅਤੇ ਸਮੱਗਲਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾ ਰਿਹਾ ਹੈ।

 

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਇਸ ਵਿਸ਼ਾਲ ਸਾਈਕਲ ਰੈਲੀ ਵਿੱਚ ਹਰ ਵਰਗ ਦੇ ਲੋਕ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਪੰਜਾਬ ਵਿੱਚੋਂ ਸਮਾਜਿਕ ਬੁਰਾਈਆਂ ਦਾ ਸਫਾਇਆ ਕਰਕੇ ਸੂਬੇ ਨੂੰ ਮੋਹਰੀ ਬਣਾਉਣ ਲਈ ਲੋਕਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸ਼ੁਰੂਆਤ ਆਉਣ ਵਾਲੇ ਸਮੇਂ ਵਿੱਚ ‘ਰੰਗਲਾ ਪੰਜਾਬ’ ਸਿਰਜਣ ਵੱਲ ਇੱਕ ਵੱਡੀ ਪੁਲਾਂਘ ਹੈ।