ਅੰਮ੍ਰਿਤਸਰਦੇ ਥਾਣਾ ਘਰਿੰਡਾ ਅਧੀਨ ਪੈਂਦੇ ਪਿੰਡ ਕਾਉਕੇ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਮੌਤ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਮ੍ਰਿਤਕ ਨੌਜਵਾਨ ਦੀ ਮਾਤਾ ਅਤੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਜ਼ਮੀਨ ਅਤੇ ਜਾਇਦਾਦ ਦੇ ਲਾਲਚ ਵਿੱਚ ਉਸ ਦੇ ਆਪਣੇ ਚਾਚੇ ਵੱਲੋਂ ਨੌਜਵਾਨ ਦਾ ਕਤਲ ਕੀਤਾ ਗਿਆ ਹੈ। ਪਰਿਵਾਰ ਦਾ ਇਹ ਵੀ ਦਾਅਵਾ ਹੈ ਕਿ ਮੌਤ ਤੋਂ ਬਾਅਦ ਮਾਂ ਅਤੇ ਹੋਰ ਨਜ਼ਦੀਕੀ ਰਿਸ਼ਤੇਦਾਰਾਂ ਦੀ ਉਡੀਕ ਕੀਤੇ ਬਿਨਾਂ ਹੀ ਜਲਦਬਾਜ਼ੀ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

Continues below advertisement

ਮ੍ਰਿਤਕ ਦੀ ਮਾਤਾ ਪ੍ਰਭਜੋਤ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਦਾ ਪੁੱਤਰ ਆਪਣੇ ਚਾਚੇ ਕੋਲ ਕੁਝ ਆਰਥਿਕ ਮਦਦ ਮੰਗਣ ਲਈ ਗਿਆ ਸੀ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਉੱਥੇ ਪਹਿਲਾਂ ਉਸ ਦੇ ਪੁੱਤਰ ਨਾਲ ਕੁੱਟਮਾਰ ਕੀਤੀ ਗਈ ਅਤੇ ਬਾਅਦ ਵਿੱਚ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਪ੍ਰਭਜੋਤ ਕੌਰ ਦਾ ਕਹਿਣਾ ਹੈ ਕਿ ਘਟਨਾ ਨੂੰ ਆਤਮਹੱਤਿਆ ਦਾ ਰੂਪ ਦੇਣ ਲਈ ਉਸ ਦੇ ਪੁੱਤਰ ਦੀ ਲਾਸ਼ ਨੂੰ ਫਾਹੇ ਨਾਲ ਲਟਕਾਇਆ ਗਿਆ।

ਉਨ੍ਹਾਂ ਇਹ ਵੀ ਇਲਜ਼ਾਮ ਲਗਾਇਆ ਕਿ ਪਰਿਵਾਰ ਨੂੰ ਸੂਚਿਤ ਕੀਤੇ ਬਿਨਾਂ ਹੀ ਸ਼ਾਮ ਸਮੇਂ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮਾਤਾ ਨੇ ਕਿਹਾ ਕਿ ਨਾ ਤਾਂ ਉਸ ਦੀ ਉਡੀਕ ਕੀਤੀ ਗਈ ਅਤੇ ਨਾ ਹੀ ਹੋਰ ਰਿਸ਼ਤੇਦਾਰਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੇ ਅਨੁਸਾਰ ਇਸ ਤਰ੍ਹਾਂ ਕਰਕੇ ਸੰਭਾਵਿਤ ਸਬੂਤਾਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

Continues below advertisement

ਪ੍ਰਭਜੋਤ ਕੌਰ ਨੇ ਦੱਸਿਆ ਕਿ 30 ਅਪ੍ਰੈਲ 2025 ਨੂੰ ਉਸ ਦੇ ਪਤੀ ਦੀ ਵੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਈ ਸੀ, ਪਰ ਉਸ ਮਾਮਲੇ ਵਿੱਚ ਵੀ ਪਰਿਵਾਰ ਨੂੰ ਇਨਸਾਫ ਨਹੀਂ ਮਿਲਿਆ। ਹੁਣ ਪੁੱਤਰ ਦੀ ਮੌਤ ਤੋਂ ਬਾਅਦ ਉਹ ਇਨਸਾਫ ਲਈ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੈ। ਭਾਵੁਕ ਹੁੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜ਼ਮੀਨ ਜਾਂ ਜਾਇਦਾਦ ਨਹੀਂ ਚਾਹੀਦੀ, ਸਗੋਂ ਆਪਣੇ ਪੁੱਤਰ ਲਈ ਇਨਸਾਫ ਚਾਹੀਦਾ ਹੈ।

ਇਸ ਮਾਮਲੇ ਵਿੱਚ ਵਾਲਮੀਕੀ ਆਸ਼ਰਮ ਦੇ ਚੇਅਰਮੈਨ ਮਨੋਜ ਸਿੰਘ ਭੱਟੀ ਵੀ ਪਰਿਵਾਰ ਦੇ ਹੱਕ ਵਿੱਚ ਸਾਹਮਣੇ ਆਏ ਹਨ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਪਰਿਵਾਰ ਵੱਲੋਂ ਦਿੱਤੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ ਅਤੇ ਮਾਂ ਦੇ ਬਿਆਨ ਦਰਜ ਕਰਨ ਦੀ ਬਜਾਏ ਕੇਸ ਨੂੰ ਆਤਮਹੱਤਿਆ ਵਜੋਂ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਵੱਲੋਂ ਨਿਰਪੱਖ ਜਾਂਚ ਕਰਕੇ ਕਤਲ ਦਾ ਮਾਮਲਾ ਦਰਜ ਨਾ ਕੀਤਾ ਗਿਆ ਤਾਂ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਨੂੰ ਨਾਲ ਲੈ ਕੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

ਪਰਿਵਾਰ ਅਤੇ ਸਮਾਜਿਕ ਆਗੂਆਂ ਨੇ ਮੰਗ ਕੀਤੀ ਹੈ ਕਿ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਸਾਰੇ ਤੱਥਾਂ ਨੂੰ ਸਾਹਮਣੇ ਲਿਆਂਦਾ ਜਾਵੇ ਅਤੇ ਜੇਕਰ ਕਤਲ ਸਾਬਤ ਹੁੰਦਾ ਹੈ ਤਾਂ ਦੋਸ਼ੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਉਧਰ, ਪੁਲਿਸ ਦਾ ਪੱਖ ਹਾਲੇ ਸਾਹਮਣੇ ਆਉਣਾ ਬਾਕੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਦੱਸੀ ਜਾ ਰਹੀ ਹੈ। ਇਸ ਸਬੰਧੀ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਮੀਡੀਆ ਨਾਲ ਗੱਲ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਸ ਮਾਮਲੇ ਬਾਰੇ ਜਾਣਕਾਰੀ ਉੱਚ ਅਧਿਕਾਰੀਆਂ ਵੱਲੋਂ ਦਿੱਤੀ ਜਾਵੇਗੀ।