Punjab politics: ਕਰੋੜਾਂ ਰੁਪਏ ਦੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਬਣਾਈ ਵਿਸ਼ੇਸ਼ ਜਾਂਚ ਟੀਮ (SIT) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (bikram Singh Majithia)ਦੇ ਕਰੀਬੀ ਚਾਰ ਵਿਅਕਤੀਆਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਇਨ੍ਹਾਂ ਵਿੱਚ ਉਨ੍ਹਾਂ ਲੋਕਾਂ ਦੇ ਨਾਂ ਵੀ ਸ਼ਾਮਲ ਹਨ ਜੋ ਮਜੀਠੀਆ ਦੇ ਸਾਬਕਾ ਪੀਏ ਅਤੇ ਓਐਸਡੀ ਸਨ।


ਕਿਹੜੇ-ਕਿਹੜੇ ਲੋਕਾਂ ਦੇ ਨਾਂਅ ਹਨ ਸ਼ਾਮਲ


ਇਨ੍ਹਾਂ ਵਿਅਕਤੀਆਂ ਵਿੱਚ ਮੇਜਰ ਸ਼ਿਵਚਰਨ ਸਿੰਘ ਸ਼ਿਵੀ, ਕਰਤਾਰ ਸਿੰਘ, ਤਲਬੀਰ ਸਿੰਘ ਗਿੱਲ ਅਤੇ ਬੁੱਧ ਰਾਮ ਦੇ ਨਾਂਅ ਸ਼ਾਮਲ ਹਨ। ਇਨ੍ਹਾਂ ਲੋਕਾਂ ਨੂੰ 2 ਫਰਵਰੀ ਨੂੰ ਬਿਆਨ ਦੇਣ ਲਈ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ SIT ਨੇ ਮਜੀਠੀਆ ਤੋਂ ਪੁੱਛਗਿੱਛ ਕੀਤੀ ਸੀ। ਮਜੀਠੀਆ ਤੋਂ ਮਾਮਲੇ ਨਾਲ ਸਬੰਧਤ ਰਿਕਾਰਡ ਵੀ ਤਲਬ ਕੀਤਾ ਗਿਆ ਹੈ।


ਨਵੀਂ ਸਿੱਟ ਦਾ ਕੀਤਾ ਗਿਆ ਗਠਨ


ਮਜੀਠੀਆ ਮਾਮਲੇ 'ਚ ਪੁਲਿਸ ਵੱਲੋਂ ਨਵੀਂ SIT ਦਾ ਗਠਨ ਕੀਤਾ ਗਿਆ ਹੈ। ਹੁਣ ਐਸਆਈਟੀ ਦੀ ਜ਼ਿੰਮੇਵਾਰੀ ਪਟਿਆਲਾ ਰੇਂਜ ਦੇ ਡੀਆਈਜੀ ਐਚਐਸ ਭੁੱਲਰ ਨੂੰ ਦਿੱਤੀ ਗਈ ਹੈ। ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਸਰਕਾਰ ਨੇ ਐਸਆਈਟੀ ਦਾ ਪੁਨਰਗਠਨ ਕੀਤਾ ਸੀ।


ਐਸਆਈਟੀ ਵਿੱਚ ਡੀਆਈਜੀ ਭੁੱਲਰ ਤੋਂ ਇਲਾਵਾ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਅਤੇ ਧੂਰੀ ਦੇ ਐਸਪੀ ਯੋਗੇਸ਼ ਸ਼ਰਮਾ ਅਤੇ ਕੁਝ ਹੋਰ ਅਧਿਕਾਰੀ ਸ਼ਾਮਲ ਸਨ। ਇਸ ਤੋਂ ਪਹਿਲਾਂ ਮਜੀਠੀਆ ਨੂੰ 15 ਜਨਵਰੀ ਨੂੰ ਬੁਲਾਇਆ ਗਿਆ ਸੀ, ਐਸਆਈਟੀ ਨੇ ਉਨ੍ਹਾਂ ਤੋਂ ਸੱਤ ਘੰਟੇ ਤੱਕ ਸਵਾਲ ਪੁੱਛੇ ਸਨ। ਹਾਲਾਂਕਿ ਮਜੀਠੀਆ ਇਸ ਮਾਮਲੇ 'ਚ ਜ਼ਮਾਨਤ 'ਤੇ ਬਾਹਰ ਹਨ। ਉਸ ਦਾ ਸਪੱਸ਼ਟ ਕਹਿਣਾ ਹੈ ਕਿ ਇਹ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੈ।


ਪਿਛਲੀ ਸਰਕਾਰ ਵੇਲੇ ਦਰਜ ਕੀਤਾ ਗਿਆ ਸੀ ਕੇਸ


ਜ਼ਿਕਰ ਕਰ ਦਈਏ ਕਿ ਪੁਲਿਸ ਨੇ ਇਹ ਮਾਮਲਾ ਦੋ ਸਾਲ ਪਹਿਲਾਂ 20 ਦਸੰਬਰ 2021 ਨੂੰ ਮਜੀਠੀਆ ਵਿਰੁੱਧ ਦਰਜ ਕੀਤਾ ਸੀ, ਪਰ ਅਦਾਲਤਾਂ ਨੇ ਉਸ ਦੀ ਗ੍ਰਿਫ਼ਤਾਰੀ ਦੋ ਮਹੀਨਿਆਂ ਲਈ ਟਾਲ ਦਿੱਤੀ ਸੀ। 5 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ।


ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਜਿਸ ਕੇਸ ਵਿੱਚ ਉਹ ਜੇਲ੍ਹ ਤੋਂ ਪਰਤਿਆ ਹੈ, ਉਸ ਵਿੱਚ ਹਾਲੇ ਤੱਕ ਕੋਈ ਚਾਰਜਸ਼ੀਟ ਦਾਖ਼ਲ ਨਹੀਂ ਕੀਤੀ ਗਈ ਹੈ। ਇਹ ਉਸ 'ਤੇ ਲਗਾਇਆ ਗਿਆ ਇੱਕ ਵਿਲੱਖਣ ਐਨਡੀਪੀਐਸ ਕੇਸ ਹੈ, ਜਿਸ ਵਿੱਚ ਪੁਲਿਸ ਨੇ ਕੋਈ ਬਰਾਮਦਗੀ ਨਹੀਂ ਕੀਤੀ।