Patiala News: ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਅੱਜ ਰਾਜਪੁਰਾ ਬਾਈਪਾਸ ਨੇੜੇ ਉਸਾਰੀ-ਅਧੀਨ ਪਟਿਆਲਾ ਦੇ ਨਵੇਂ ਅਤਿ-ਆਧੁਨਿਕ ਬੱਸ ਅੱਡੇ ਦੀ ਉਸਾਰੀ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਇਸ ਨਵੇਂ ਬੱਸ ਅੱਡੇ ਦੇ ਉਦਘਾਟਨ ਲਈ ਅਪ੍ਰੈਲ ਮਹੀਨੇ ਦੇ ਦੂਜੇ ਹਫ਼ਤੇ 'ਚ ਸਮਾਂ ਲਿਆ ਜਾਵੇਗਾ। ਚੇਅਰਮੈਨ ਹਡਾਣਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਦੌਰਾਨ ਦੱਸਿਆ ਕਿ ਬੱਸ ਅੱਡੇ ਦਾ 95 ਫ਼ੀਸਦੀ ਕੰਮ ਮੁਕੰਮਲ ਹੈ ਤੇ ਵਰਕਸ਼ਾਪ ਦਾ ਕੰਮ 70 ਫ਼ੀਸਦੀ ਮੁਕੰਮਲ ਹੋਇਆ ਹੈ।


ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਕਰੀਬ 60.67 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 8.51 ਏਕੜ ਰਕਬੇ 'ਚ ਬਣ ਰਹੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਸ ਨਮੂਨੇ ਦੇ ਬੱਸ ਅੱਡੇ ਦੇ ਚੱਲ ਰਹੇ ਕੰਮ ਦੀ ਤੇਜੀ 'ਤੇ ਤਸੱਲੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਇਸ ਪ੍ਰਾਜੈਕਟ ਦੀ ਸਮੀਖਿਆ ਕਰਕੇ ਗਏ ਸਨ ਤੇ ਇਸ ਦਾ ਕੰਮ ਮੁੱਖ ਮੰਤਰੀ ਦੇ ਆਦੇਸ਼ਾਂ ਮੁਤਾਬਕ ਸਮੇਂ ਸਿਰ ਮੁਕੰਮਲ ਕਰ ਲਿਆ ਜਾਵੇਗਾ।


ਪੀ.ਆਰ.ਟੀ.ਸੀ. ਚੇਅਰਮੈਨ ਨੇ ਏ.ਐਮ.ਡੀ. ਚਰਨਜੋਤ ਸਿੰਘ ਵਾਲੀਆ, ਪੀ.ਆਰ.ਟੀ.ਸੀ. ਦੇ ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਗਰੇਵਾਲ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ ਤੇ ਹੋਰ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਨਵੇਂ ਬੱਸ ਅੱਡੇ ਦੇ ਪ੍ਰਾਜੈਕਟ 'ਤੇ ਵਿਸਥਾਰ 'ਚ ਚਰਚਾ ਕੀਤੀ।


ਰਣਜੋਧ ਸਿੰਘ ਹਡਾਣਾ ਨੇ ਇੱਕ ਸਵਾਲ ਦੇ ਜਵਾਬ 'ਚ ਅੱਗੇ ਦੱਸਿਆ ਕਿ ਪੀ.ਆਰ.ਟੀ.ਸੀ. ਘਾਟੇ ਵਾਲਾ ਅਦਾਰਾ ਨਹੀਂ ਹੈ ਬਲਕਿ ਅਗਲੇ ਚਾਰ ਮਹੀਨਿਆਂ 'ਚ ਇਸ ਦੀ ਕਾਰਗੁਜ਼ਾਰੀ ਨੂੰ ਹੋਰ ਵੀ ਬਿਹਤਰ, ਲੋਕ ਹਿੱਤੂ ਤੇ ਕਮਾਊ ਅਦਾਰਾ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਦੇ ਬੇੜੇ 'ਚ 225 ਨਵੀਆਂ ਬੱਸਾਂ ਜਲਦ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਅਦਾਰੇ 'ਚ ਨਵੀਂ ਭਰਤੀ ਵੀ ਕੀਤੀ ਜਾਵੇਗੀ।


ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ 'ਤੇ ਪੀ.ਆਰ.ਟੀ.ਸੀ. 'ਚ ਵੀ ਭ੍ਰਿਸ਼ਟਾਚਾਰ ਦੇ ਮੁੱਦੇ 'ਤੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।