Patiala News: ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸੂਬੇ ਵਿੱਚ ਖੇਡ ਸਭਿਆਚਾਰ ਵਿਕਸਤ ਕਰਨ ਲਈ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਨਵੀਂ ਖੇਡ ਨੀਤੀ ਤਹਿਤ ਇੱਕ ਹਜ਼ਾਰ ਖੇਡ ਨਰਸਰੀਆਂ ਖੋਲ੍ਹ ਰਹੀ ਹੈ, ਜਿਸ ਤਹਿਤ ਹਰੇਕ ਚਾਰ ਕਿਲੋਮੀਟਰ 'ਤੇ ਖੇਡ ਨਰਸਰੀ ਹੋਵੇਗੀ ਜਿਥੇ ਕੋਚ ਸਮੇਤ ਖਿਡਾਰੀਆਂ ਨੂੰ ਡਾਈਟ ਵੀ ਦਿੱਤੀ ਜਾਵੇਗੀ।
ਇਹ ਪ੍ਰਗਟਾਵਾਂ ਉਨ੍ਹਾਂ ਪਟਿਆਲਾ ਦੇ ਐਨ.ਆਈ.ਐਸ ਵਿਖੇ ਦੋ ਰੋਜ਼ਾ 45ਵੀਂ ਏ.ਆਈ.ਈ.ਐਸ.ਸੀ.ਬੀ. ਅਥਲੈਟਿਕ ਮੀਟ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਇੰਜ. ਬਲਦੇਵ ਸਿੰਘ ਸਰਾਂ ਤੇ ਪੀ.ਐਸ.ਪੀ.ਸੀ.ਐਲ ਦੇ ਡਾਇਰੈਕਟਰ (ਪ੍ਰਬੰਧਕੀ) ਜਸਬੀਰ ਸਿੰਘ ਸੁਰ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਪਾਸੇ ਲਾਉਣ ਲਈ ਨਵੀਂ ਖੇਡ ਨੀਤੀ 'ਚ ਹਰੇਕ ਚਾਰ ਕਿਲੋਮੀਟਰ 'ਤੇ ਖੇਡ ਨਰਸਰੀ ਬਣਾਉਣ ਸਮੇਤ ਖੇਡ ਵਿਭਾਗ ਦਾ ਬਜਟ 100 ਕਰੋੜ ਰੁਪਏ ਤੋਂ ਵਧਾ ਕੇ 500 ਕਰੋੜ ਰੁਪਏ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਇੱਕ ਮਹੀਨੇ ਦੇ ਅੰਦਰ ਅੰਦਰ ਬਣਦੀ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਪਹੁੰਚਾਉਣ ਵਾਲੇ ਕੋਚਾਂ ਨੂੰ ਵੀ ਬਣਦਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ।
45ਵੀਂ ਆਲ ਇੰਡੀਆ ਇਲੈਕਟ੍ਰੀਸਿਟੀ ਸਪੋਰਟਸ ਕੰਟਰੋਲ ਬੋਰਡ (ਏਆਈਈਐਸਸੀਬੀ) ਐਥਲੈਟਿਕਸ ਮੀਟ ਦੇ ਉਦਘਾਟਨੀ ਸਮਾਰੋਹ ਮੌਕੇ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੇ ਬਿਜਲੀ ਵਿਭਾਗ ਵੱਲੋਂ ਖੇਡਾਂ ਦੇ ਖੇਤਰ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਿਜਲੀ ਵਿਭਾਗ ਨੇ ਮਾਧਰੀ ਸਕਸੈਨਾ ਅਤੇ ਰਾਜਕੁਮਾਰ ਵਰਗੇ ਅਰਜਨ ਐਵਾਰਡੀ ਖਿਡਾਰੀਆਂ ਸਮੇਤ ਵੱਡੀ ਗਿਣਤੀ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਬਹੁਤ ਜਲਦੀ ਪੀ.ਐਸ.ਪੀ.ਸੀ.ਐਲ ਵਿੱਚ 60 ਖਿਡਾਰੀਆਂ ਨੂੰ ਨੌਕਰੀ ਵੀ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਆਲ ਇੰਡੀਆ ਇਲੈਕਟ੍ਰੀਸਿਟੀ ਸਪੋਰਟਸ ਕੰਟਰੋਲ ਬੋਰਡ (ਏਆਈਈਐਸਸੀਬੀ) ਐਥਲੈਟਿਕਸ ਮੀਟ ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ। ਜਿਸ ਵਿੱਚ ਮਹਾਰਾਸ਼ਟਰ, ਤੇਲੰਗਾਨਾ, ਮੱਧ ਪ੍ਰਦੇਸ਼, ਗੁਜਰਾਤ, ਹਰਿਆਣਾ, ਹਿਮਾਚਲ ਪ੍ਰਦੇਸ਼, ਉਤਰਾਖੰਡ, ਰਾਜਸਥਾਨ, ਦਿੱਲੀ ਅਤੇ ਬੀਬੀਐਮਬੀ ਸਮੇਤ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਐਥਲੀਟਾਂ ਵੱਲੋਂ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਜਾ ਰਿਹਾ ਹੈ।
ਜ਼ਿਕਰ ਕਰ ਦਈਏ ਕਿ ਪਹਿਲੇ ਦਿਨ ਦੇ ਐਥਲੈਟਿਕਸ ਮੁਕਾਬਲਿਆਂ ਵਿੱਚ 800 ਮੀਟਰ ਦੌੜ, 110 ਮੀਟਰ ਹਰਡਲਸ, ਟ੍ਰਿਪਲ ਜੰਪ, ਡਿਸਕਸ ਥਰੋਅ, 200 ਮੀਟਰ ਦੌੜ, 400 ਮੀਟਰ ਹਰਡਲਸ, ਹਾਈ ਜੰਪ, 4×100 ਮੀਟਰ ਰਿਲੇਅ, ਹੈਮਰ ਥਰੋਅ ਅਤੇ 5000 ਮੀਟਰ ਦੌੜ ਦੇ ਮੁਕਾਬਲੇ ਕਰਵਾਏ ਗਏ।