Patiala News: ਝੋਨੇ ਦੀ ਖ਼ਰੀਦ 'ਚ ਊਣਤਾਈ 'ਤੇ ਖ਼ਰੀਦ ਏਜੰਸੀ ਦੇ ਅਮਲੇ ਤੇ ਆੜ੍ਹਤੀ ਖ਼ਿਲਾਫ਼ ਐਕਸ਼ਨ
ਖ਼ੁਰਾਕ ਤੇ ਸਿਵਲ ਸਪਲਾਈਜ਼ ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗਾਂ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਰਾਜਪੁਰਾ ਅਨਾਜ ਮੰਡੀ 'ਚ ਝੋਨੇ ਦੀ ਫ਼ਸਲ ਦੀ ਖ਼ਰੀਦ 'ਚ ਊਣਤਾਈ ਸਾਹਮਣੇ ਆਉਣ 'ਤੇ ਖ਼ਰੀਦ ਏਜੰਸੀ ਦੇ ਸਬੰਧਤ ਅਮਲੇ ਤੇ ਆੜ੍ਹਤੀ ਖ਼ਿਲਾਫ਼ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।
Patiala News: ਖ਼ੁਰਾਕ ਤੇ ਸਿਵਲ ਸਪਲਾਈਜ਼ ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗਾਂ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਰਾਜਪੁਰਾ ਅਨਾਜ ਮੰਡੀ 'ਚ ਝੋਨੇ ਦੀ ਫ਼ਸਲ ਦੀ ਖ਼ਰੀਦ 'ਚ ਊਣਤਾਈ ਸਾਹਮਣੇ ਆਉਣ 'ਤੇ ਖ਼ਰੀਦ ਏਜੰਸੀ ਦੇ ਸਬੰਧਤ ਅਮਲੇ ਤੇ ਆੜ੍ਹਤੀ ਖ਼ਿਲਾਫ਼ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਮੰਗਲਵਾਰ ਨੂੰ ਰਾਹੁਲ ਭੰਡਾਰੀ ਵੱਲੋਂ ਰਾਜ ਦੀਆਂ ਮੰਡੀਆਂ 'ਚ ਝੋਨੇ ਦੀ ਫ਼ਸਲ ਦੀ ਸੁਚੱਜੀ ਤੇ ਨਿਰਵਿਘਨ ਖ਼ਰੀਦ ਲਈ ਪ੍ਰਸ਼ਾਸਨਿਕ ਪੱਧਰ 'ਤੇ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਰਾਜਪੁਰਾ ਪੁੱਜੇ ਸਨ।
ਇਸ ਮੌਕੇ ਰਾਹੁਲ ਭੰਡਾਰੀ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸਡੀਐਮ ਡਾ. ਸੰਜੀਵ ਕੁਮਾਰ, ਡਿਪਟੀ ਡਾਇਰੈਕਟਰ ਫੂਡ ਸਪਲਾਈਜ਼ ਮਨੀਸ਼ ਨਰੂਲਾ, ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਡਾ. ਰਵਿੰਦਰ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਅਜੇਪਾਲ ਸਿੰਘ ਬਰਾੜ, ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਤੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਬੈਠਕ ਕਰਕੇ ਖ਼ਰੀਦੀ ਫ਼ਸਲ ਦੀ ਅਦਾਇਗੀ ਨਾਲੋ-ਨਾਲ ਕਰਨ ਤੇ ਲਿਫ਼ਟਿੰਗ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ।
ਉਨ੍ਹਾਂ ਕਿਹਾ ਕਿ ਬਾਹਰੋਂ ਆਉਣ ਵਾਲੀ ਕਿਸੇ ਵੀ ਤਰ੍ਹਾਂ ਦੀ ਜਿਣਸ ਸੰਬੰਧੀ ਸਖ਼ਤ ਨਿਗਰਾਨੀ ਰੱਖੀ ਜਾਵੇ। ਇਸ ਮਗਰੋਂ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਰਾਹੁਲ ਭੰਡਾਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮੰਡੀਆਂ 'ਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਉਣ ਦੇਣ ਲਈ ਸਖ਼ਤ ਨਿਰਦੇਸ਼ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ ਫ਼ਸਲ ਦੀ ਖ਼ਰੀਦ ਦਾ ਕੰਮ 70 ਫ਼ੀਸਦੀ ਦੇ ਲਗਭਗ ਮੁਕੰਮਲ ਹੋ ਚੁੱਕਾ ਹੈ, ਪਰ ਬਾਕੀ ਰਹਿੰਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਉਹ ਮੰਡੀਆਂ ਦਾ ਦੌਰਾ ਕਰ ਰਹੇ ਹਨ।
ਰਾਹੁਲ ਭੰਡਾਰੀ ਨੇ ਦੱਸਿਆ ਕਿ ਰਾਜਪੁਰਾ ਦੀ ਮੰਡੀ 'ਚ ਵੱਧ ਨਮੀ ਵਾਲੀ ਤੇ ਬਿਨ੍ਹਾਂ ਸਾਫ਼-ਸਫ਼ਾਈ ਤੋਂ ਜੀਰੀ ਦੀ ਭਰਤੀ ਬੋਰੀਆਂ 'ਚ ਕੀਤੇ ਜਾਣ ਦੀ ਕੁਤਾਹੀ ਸਾਹਮਣੇ ਆਉਣ 'ਤੇ ਜ਼ਿੰਮੇਵਾਰ ਸਬੰਧਿਤ ਅਮਲੇ ਤੇ ਆੜ੍ਹਤੀਏ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਵਿੱਖ 'ਚ ਵੀ ਕੁਤਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :