ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਰਾਵੀ-ਬਿਆਸ ਦਰਿਆ ਦਾ ਪਾਣੀ ਸਤਲੁਜ ਯਮੁਨਾ ਲਿੰਕ ਨਹਿਰ (ਐਸ ਵਾਈ ਐਲ) ਰਾਹੀਂ ਹਰਿਆਣਾ ਲਿਜਾਣ ਵਾਸਤੇ ਕਿਸੇਵੀ ਤਰੀਕੇ ਦਾ ਸਰਵੇਖਣ ਕੇਂਦਰੀ ਟੀਮਾਂ ਨੂੰ ਨਾ ਕਰਨ ਦੇਣ।
ਇਸ ਇਤਿਹਾਸਕ ਪਿੰਡ ਜੋ ਅਕਾਲੀ ਦਲ ਵੱਲੋਂ ਐਸ ਵਾਈ ਐਲ ਦੀ ਉਸਾਰੀ ਦੇ ਵਿਰੋਧ ਵਿਚ ’ਧਰਮ ਯੁੱਧ ਮੋਰਚੇ’ ਦੀ ਸ਼ੁਰੂਆਤ ਦਾ ਕੇਂਦਰ ਹੈ, ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਪਾਰਟੀ ਪਾਣੀ ਦੀ ਇਕ ਵੀ ਬੂੰਦ ਹਰਿਆਣਾ ਨੂੰ ਨਹੀਂ ਜਾਣ ਦੇਵੇਗੀ ਭਾਵੇਂ ਜੋ ਮਰਜ਼ੀ ਹੋ ਜਾਵੇ। ਉਹਨਾਂ ਕਿਹਾ ਕਿ ਭਾਵੇਂ ਸੁਪਰੀਮ ਕੋਰਟ ਦਾ ਕੋਈ ਹੁਕਮ ਹੋਵੇ ਜਾਂ ਫਿਰ ਪ੍ਰਧਾਨ ਮੰਤਰੀ ਵੱਲੋਂ ਫੌਜ ਭੇਜ ਕੇ ਹਰਿਆਣਾ ਲਈ ਪਾਣੀ ਲੈਣ ਦਾ ਮਾਮਲਾ ਹੋਵੇ, ਅਸੀਂ ਇਸਨੂੰ ਕਦੇ ਵੀ ਸਫਲ ਨਹੀਂ ਹੋਣ ਦਿਆਂਗੇ।
ਸੁਖਬੀਰ ਸਿੰਘ ਬਾਦਲ ਨੇ ਉਤਸ਼ਾਹ ਵਿਚ ਆਏ ਲੋਕਾਂ ਦੀ ਨਾਅਰੇਬਾਜ਼ੀ ਵਿਚ ਕਿਹਾ ਕਿ ਅਕਾਲੀ ਦਲ 10 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰੇਗਾ ਤੇ ਪਾਰਟੀ ਦੇ ਹਲਕਾ ਇੰਚਾਰਜਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਤੇ ਯੂਥ ਅਕਾਲੀ ਦਲ ਦੇ ਵਾਲੰਟੀਅਰਜ਼ ਸਮੇਤ ਪਾਰਟੀ ਦੇ ਸੀਨੀਅਰ ਆਗੂ ਇਸ ਘਿਰਾਓ ਵਿਚ ਸ਼ਾਮਲ ਹੋਣਗੇ। ਉਹਨਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਪਹਿਲਾਂ ਪਾਰਟੀ ਦਫਤਰ ਵਿਖੇ ਇਕੱਤਰ ਹੋਵੇਗੀ ਤੇ ਫਿਰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰੇਗੀ।
ਉਹਨਾਂ ਕਿਹਾ ਕਿ ਪਾਰਟੀ ਉਸ ਵੇਲੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰ ਰਹੀ ਹੈ ਜਦੋਂ ਉਹ ਐਸ ਵਾਈ ਐਲ ਦੇ ਹਿੱਤ ਵੇਚਣ ਦੇ ਮਾਮਲੇ ਵਿਚ ਸਭ ਤੋਂ ਵੱਡੇ ਦਸ਼ੀ ਹਨ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਜਾਣ ਬੁੱਝ ਕੇ ਸੁਪਰੀਮ ਕੋਰਟ ਵਿਚ ਐਸ ਵਾਈ ਐਲ ਕੇਸ ਦੀ ਸੁਣਵਾਈ ਵੇਲੇ ਨਹਿਰ ਬਣਾਉਣ ਲਈ ਸਹਿਮਤੀ ਦਿੱਤੀ ਤੇ ਕਿਹਾ ਕਿ ਉਸ ’ਤੇ ਵਿਰੋਧੀ ਪਾਰਟੀਆਂ ਦਾ ਦਬਾਅ ਹੈ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੀ ਜ਼ਮੀਨ ਵਾਪਸ ਕਰਨ ਕਾਰਨ ਜ਼ਮੀਨ ਵਾਪਸ ਐਕਵਾਇਰ ਕਰਨ ਵਿਚ ਮੁਸ਼ਕਿਲਾਂ ਆ ਰਹੀਆਂ ਹਨ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਵਾਸਤੇ ਇਹ ਫੈਸਲਾ ਲਿਆ ਕਿਉਂਕਿ ਕੇਜਰੀਵਾਲ ਚਾਹੁੰਦੇ ਹਨ ਕਿ ਆਉਂਦੀਆਂ ਚੋਣਾਂ ਵਿਚ ਲਾਹਾ ਲੈਣ ਵਾਸਤੇ ਹਰਿਆਣਾ ਤੇ ਰਾਜਸਥਾਨ ਨੂੰ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ।