Patiala News: ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ 'ਬੇਰੰਗ' ਮੋੜਿਆ, 5 ਦਸੰਬਰ ਤੱਕ ਦਾ ਅਲਟੀਮੇਟਮ
Patiala News: ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਜੇਲ੍ਹ ਅੰਦਰ ਮੁਲਾਕਾਤ ਕਰਨ ਗਏ ਵਫਦ ਨੂੰ ਬੇਰੰਗ ਮੋੜ ਦਿੱਤਾ ਹੈ।
Patiala News: ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਜੇਲ੍ਹ ਅੰਦਰ ਮੁਲਾਕਾਤ ਕਰਨ ਗਏ ਵਫਦ ਨੂੰ ਬੇਰੰਗ ਮੋੜ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਵਫਦ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ ਰਾਜੋਆਣਾ ਨਾਲ ਮੁਲਾਕਾਤ ਕੀਤੀ ਪਰ ਰਾਜੋਆਣਾ ਸ਼੍ਰੋਮਣੀ ਕਮੇਟੀ ਵੱਲੋਂ ਦਾਇਰ ਕੀਤੀ ਰਹਿਮ ਦੀ ਅਪੀਲ ਵਾਪਸ ਕਰਵਾਉਣ ਲਈ ਬਜ਼ਿੱਦ ਰਹੇ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ 5 ਦਸੰਬਰ ਤੱਕ ਦਾ ਅਲਟੀਮੇਟਮ ਦਿੰਦਿਆਂ ਸਪਸ਼ਟ ਕੀਤਾ ਹੈ ਕਿ ਜੇ 4 ਦਸੰਬਰ ਤੱਕ ਇਹ ਪਟੀਸ਼ਨ ਵਾਪਸ ਨਾ ਲਈ ਤਾਂ ਉਹ 5 ਦਸੰਬਰ ਤੋਂ ਭੁੱਖ ਹੜਤਾਲ ਸ਼ੁਰੂ ਕਰ ਦੇਣਗੇ।
ਦੱਸ ਦਈਏ ਕਿ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਸਬੰਧੀ ਰਾਜੋਆਣਾ ਨੂੰ 2007 ਵਿੱਚ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ, ਜਿਸ ਸਬੰਧੀ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਵਿੱਚ ਫਾਂਸੀ ਦੇਣ ਲਈ 30 ਮਾਰਚ 2012 ਦਾ ਦਿਨ ਮੁਕੱਰਰ ਕੀਤਾ ਗਿਆ ਸੀ ਪਰ ਰਾਜੋਆਣਾ ਫਾਂਸੀ ਦੀ ਸਜ਼ਾ ਰੁਕਵਾਉਣ ਲਈ ਖੁਦ ਕੋਈ ਵੀ ਕਾਨੂੰਨੀ ਚਾਰਾਜੋਈ ਕਰਨ ਤੋਂ ਇਨਕਾਰੀ ਰਹੇ। ਇਸ ਕਾਰਨ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਰਹਿਮ ਦੀ ਅਪੀਲ ਦਾਇਰ ਕੀਤੀ ਗਈ, ਜਿਸ ਸਬੰਧੀ ਹੀ ਫਾਂਸੀ ਤੋਂ ਦੋ ਦਿਨ ਪਹਿਲਾਂ ਰਾਸ਼ਟਰਪਤੀ ਵੱਲੋਂ ਫਾਂਸੀ ਦੀ ਸਜ਼ਾ ‘ਤੇ ਰੋਕ ਲਾ ਦਿੱਤੀ ਗਈ ਸੀ।
ਰਾਜੋਆਣਾ ਦਾ ਕਹਿਣਾ ਹੈ ਕਿ 12 ਸਾਲਾਂ ਤੋਂ ਉਸ ਦੀ ਇਸ ਪਟੀਸ਼ਨ ‘ਤੇ ਕੋਈ ਵੀ ਫੈਸਲਾ ਨਹੀਂ ਹੋਇਆ। ਉਹ ਤਿਲ ਤਿਲ ਕਰਕੇ ਮਰਨ ਦੀ ਬਜਾਏ ਫਾਂਸੀ ਦੇ ਫੰਦੇ ’ਤੇ ਚੜ੍ਹਨ ਲਈ ਤਿਆਰ ਹਨ। ਇਸੇ ਲਈ ਉਨ੍ਹਾਂ ਵੱਲੋਂ ਅਕਾਲ ਤਖ਼ਤ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਜਾਰੀ ਕਰਨ ਕਿ ਉਹ ਰਹਿਮ ਦੀ ਅਪੀਲ ਸਬੰਧੀ ਪਟੀਸ਼ਨ ਵਾਪਸ ਲਵੇ। ਇਸ ਲਈ ਐਡਵੋਕੇਟ ਧਾਮੀ ਨੇ ਅੱਜ ਰਾਜੋਆਣਾ ਦੇ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਰਜਿੰਦਰ ਸਿੰਘ ਮਹਿਤਾ, ਭਗਵੰਤ ਸਿੰਘ, ਜਸਮੇਰ ਸਿੰਘ ਲਾਛੜੂ ਤੇ ਹੋਰ ਵੀ ਮੌਜੂਦ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।