Patiala News: ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਬਲੂ ਪ੍ਰਿੰਟ ਤਿਆਰ, ਡਾ. ਬਲਬੀਰ ਸਿੰਘ ਨੇ ਦੱਸੀ ਪੂਰੀ ਪਲਾਨਿੰਗ
ਦੂਜੇ ਪਾਸੇ ਅਗਲੇ ਸਮੇਂ ਹੋਣ ਜਾ ਰਹੀਆਂ ਲੋਕ ਸਭਾ ਤੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਵੀ ਅਲਰਟ ਹੋ ਗਈ ਹੈ। ਸੀਐਮ ਭਗਵੰਤ ਮਾਨ ਨੇ 15 ਅਗਸਤ ਤੋਂ ਨਸ਼ਿਆਂ ਖਿਲਾਫ ਵੱਡੇ ਐਕਸ਼ਨ ਦਾ ਐਲਾਨ ਕੀਤਾ ਸੀ। ਉਧਰ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ...
Patiala News: ਪੰਜਾਬ ਅੰਦਰ ਨਸ਼ਿਆਂ ਦਾ ਮੁੱਦਾ ਮੁੜ ਭਖ ਗਿਆ ਹੈ। ਰਾਜਪਾਲ ਬਨਵਾਰੀ ਲਾਲ ਪਰੋਹਿਤ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਚੁੱਕੇ ਕਦਮਾਂ ਦੀ ਰਿਪੋਰਟ ਤਲਬ ਕਰਨ ਮਗਰੋਂ ਵਿਰੋਧੀ ਧਿਰਾਂ ਵੀ ਸਰਕਾਰ ਉੱਪਰ ਸਵਾਲ ਉਠਾਉਣ ਲੱਗੀਆਂ ਹਨ। ਵਿਰੋਧੀ ਧਿਰਾਂ ਇਲਜ਼ਾਮ ਲਾ ਰਹੀਆਂ ਹਨ ਕਿ ਭਗਵੰਤ ਮਾਨ ਸਰਕਾਰ ਆਉਣ ਮਗਰੋਂ ਪਿਛਲੇ 15 ਮਹੀਨਿਆਂ ਅੰਦਰ ਨਸ਼ਿਆਂ ਦਾ ਰੁਝਾਨ ਘਟਣ ਦੀ ਬਜਾਏ ਵਧਿਆ ਹੈ।
ਦੂਜੇ ਪਾਸੇ ਅਗਲੇ ਸਮੇਂ ਹੋਣ ਜਾ ਰਹੀਆਂ ਲੋਕ ਸਭਾ ਤੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਵੀ ਅਲਰਟ ਹੋ ਗਈ ਹੈ। ਸੀਐਮ ਭਗਵੰਤ ਮਾਨ ਨੇ 15 ਅਗਸਤ ਤੋਂ ਨਸ਼ਿਆਂ ਖਿਲਾਫ ਵੱਡੇ ਐਕਸ਼ਨ ਦਾ ਐਲਾਨ ਕੀਤਾ ਸੀ। ਉਧਰ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਦਾਅਵਾ ਕੀਤਾ ਹੈ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਬਲੂ ਪ੍ਰਿੰਟ ਤਿਆਰ ਕਰ ਲਿਆ ਹੈ।
ਡਾ. ਬਲਬੀਰ ਸਿੰਘ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਮਨੋਰੋਗ ਵਿਭਾਗ ਦੇ ਮਾਡਲ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕਰਨ ਮੌਕੇ ਕਿਹਾ ਕਿ ਨਵੀਂ ਪਹੁੰਚ ਤਹਿਤ ਸੂਬੇ ਵਿੱਚ ਨਸ਼ਿਆਂ ਦੀ ਕਿਸਮ ਅਤੇ ਵਰਤੋਂ ਬਾਰੇ, ਸਕੂਲਾਂ ਦੇ ਵਿਦਿਆਰਥੀਆਂ ਤੇ ਨੌਜਵਾਨਾਂ ਦਾ ਸੈਂਪਲ ਸਰਵੇਖਣ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਦੀ ਸ਼ੁਰੂਆਤ ਪਟਿਆਲਾ ਤੋਂ ਕੀਤੀ ਜਾਵੇਗੀ।
ਸਰਵੇਖਣ ਦੌਰਾਨ ਸ਼ਾਮਲ ਕੀਤੇ ਜਾਣ ਵਾਲੇ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਦਾ ਮੰਤਵ ਨਸ਼ੇ ਦੇ ਆਦੀ ਵਿਅਕਤੀਆਂ ਤੇ ਟੀਕੇ ਲਾਉਣ ਵਾਲਿਆਂ ਨੂੰ ਯੋਜਨਾਬੱਧ ਢੰਗ ਨਾਲ ਨਸ਼ਾ ਮੁਕਤੀ ਦੀਆਂ ਗੋਲ਼ੀਆਂ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਹਰ ਤਰ੍ਹਾਂ ਦੇ ਨਸ਼ਿਆਂ ਤੋਂ ਮੁਕਤੀ ਦਿਵਾਉਂਦਿਆਂ ਤੰਦਰੁਸਤ ਬਣਾਉਣਾ ਹੈ।
ਮੰਤਰੀ ਨੇ ਦੱਸਿਆ ਕਿ ਰਾਜਿੰਦਰਾ ਹਸਪਤਾਲ ਦੇ ਮਨੋਰੋਗ ਵਿਭਾਗ ਦੇ ਮਾਡਲ ਨਸ਼ਾ ਮੁਕਤੀ ਕੇਂਦਰ ਨੂੰ ਸੈਂਟਰ ਆਫ਼ ਐਕਸੀਲੈਂਸ ਬਣਾ ਕੇ ਇਸ ਨੂੰ ਸਾਰੇ ਪੰਜਾਬ ਲਈ ਇੱਕ ਟ੍ਰੇਨਿੰਗ ਸੈਂਟਰ ਵਜੋਂ ਵੀ ਵਿਕਸਤ ਕੀਤਾ ਜਾਵੇਗਾ। ਇੱਥੇ ਔਰਤਾਂ ਤੇ ਬੱਚਿਆਂ ਲਈ ਵੀ ਨਸ਼ਾ ਮੁਕਤੀ ਦੇ ਵੱਖਰੇ ਵਾਰਡ ਹਨ। ਜਿਨ੍ਹਾਂ ਦੀ ਪੂਰੀ ਵਰਤੋਂ ਕਰ ਕੇ ਇਸ ਕੇਂਦਰ ਨੂੰ ਨਸ਼ਾ ਮੁਕਤੀ ਗਤੀਵਿਧੀਆਂ ਦੀ ਹੱਬ ਬਣਾਇਆ ਜਾਵੇਗਾ।
ਡਾ. ਬਲਬੀਰ ਸਿੰਘ ਕਿਹਾ ਕਿ ਜਿੱਥੇ ਸਰਕਾਰ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਵਚਨਬੱਧ ਹੈ, ਉੱਥੇ ਹੀ ਨਸ਼ੇ ਦੇ ਆਦੀ ਨੌਜਵਾਨਾਂ ਦੇ ਮੁੜ ਵਸੇਬੇ ਲਈ ਨੌਕਰੀਆਂ ਦੇਣ ਸਮੇਤ ਉਨ੍ਹਾਂ ਨੂੰ ਹੁਨਰਮੰਦ ਬਣਾ ਕੇ ਸਵੈ-ਰੁਜ਼ਗਾਰ ਲਈ ਸਹਾਇਤਾ ਵੀ ਦਿੱਤੀ ਜਾਵੇਗੀ। ਜਿਹੜੀਆਂ ਮੁਹੱਲਾ ਕਮੇਟੀਆਂ ਤੇ ਪੰਚਾਇਤਾਂ ਨਸ਼ਾ ਮੁਕਤੀ ਲਈ ਸਰਕਾਰ ਦਾ ਸਾਥ ਦੇਣਗੀਆਂ, ਨੂੰ ਵਿਸ਼ੇਸ਼ ਗ੍ਰਾਂਟਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੌਕੇ ਸਿਹਤ ਮੰਤਰੀ ਨੇ ਮਾਡਲ ਨਸ਼ਾ ਮੁਕਤੀ ਕੇਂਦਰ ਵਿੱਚ ਦਾਖਲ ਨੌਜਵਾਨਾਂ ਨਾਲ ਮੁਲਾਕਾਤ ਕਰਦਿਆਂ, ਉਨ੍ਹਾਂ ਨੂੰ ਨਸ਼ੇ ਛੱਡ ਕੇ ਹੋਰਨਾਂ ਲਈ ਪ੍ਰੇਰਨਾ ਸਰੋਤ ਤੇ ਰੋਲ ਮਾਡਲ ਬਣਨ ਦਾ ਸੱਦਾ ਵੀ ਦਿੱਤਾ।