ਪਟਿਆਲਾ ਵਿੱਚ ਪੁਲਿਸ ਮੁਲਾਜ਼ਮਾਂ ਵੱਲੋਂ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ 'ਤੇ ਹਮਲੇ ਦਾ ਮਾਮਲਾ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਘਟਨਾ ਦੇ ਵਿਰੋਧ ਵਿੱਚ ਸ਼ਨੀਵਾਰ ਨੂੰ ਸਾਬਕਾ ਫੌਜੀਆਂ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ (DC) ਦਫ਼ਤਰ ਦੇ ਬਾਹਰ ਇੱਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ।
ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਪੁਲਿਸ ਵਾਲਿਆਂ ਨੇ ਪਹਿਲਾਂ ਕਰਨਲ ਅਤੇ ਉਨ੍ਹਾਂ ਦੇ ਪੁੱਤਰ 'ਤੇ ਹਮਲਾ ਕੀਤਾ ਅਤੇ ਫਿਰ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਤੇ ਕਰਨਲ ਬਾਠ ਦੀ ਪਤਨੀ ਨੇ ਸੀਬੀਆਈ ਤੋਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।
ਜ਼ਿਕਰ ਕਰ ਦਈਏ ਕਿ ਪੁਲਿਸ ਤੇ ਫੌਜ ਦੇ ਕਰਨਲ ਵਿਚਕਾਰ ਇਹ ਝਗੜਾ ਪਟਿਆਲਾ ਦੇ ਇੱਕ ਢਾਬੇ ਤੋਂ ਸ਼ੁਰੂ ਹੋਇਆ ਸੀ। ਦੋਸ਼ ਹੈ ਕਿ ਕਰਨਲ ਪੁਸ਼ਪਿੰਦਰ ਸਿੰਘ ਬਾਠ ਤੇ ਉਨ੍ਹਾਂ ਦੇ ਪੁੱਤਰ ਦਾ ਕਾਰ ਪਾਰਕਿੰਗ ਨੂੰ ਲੈ ਕੇ 12 ਪੁਲਿਸ ਵਾਲਿਆਂ ਨਾਲ ਝਗੜਾ ਹੋ ਗਿਆ। ਕਰਨਲ ਦੇ ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਵਾਲਿਆਂ ਨੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਤੇ ਉਨ੍ਹਾਂ ਦੇ ਪੁੱਤਰ ਨੂੰ ਬੁਰੀ ਤਰ੍ਹਾਂ ਕੁੱਟਿਆ।
ਕਰਨਲ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਇਸ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਵਾਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਅਧਿਕਾਰੀਆਂ ਨੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਤੇ ਝੂਠੀ FIR ਦਰਜ ਕਰ ਲਈ।
ਮੀਡੀਆ ਨਾਲ ਗੱਲਬਾਤ ਕਰਦਿਆਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਪਤਨੀ ਨੇ ਕਿਹਾ ਕਿ ਪੁਲਿਸ ਨੇ ਸ਼ੁਰੂ ਤੋਂ ਹੀ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ। ਇਹ ਕੋਈ ਰਾਜਨੀਤਿਕ ਮੁੱਦਾ ਨਹੀਂ ਹੈ। ਇਹ ਦੋ ਤਾਕਤਾਂ ਵਿਚਕਾਰ ਮਾਮਲਾ ਹੈ। ਸਾਰਾ ਪੰਜਾਬ ਉਨ੍ਹਾਂ ਦੇ ਨਾਲ ਖੜ੍ਹਾ ਹੈ ਤੇ ਉਨ੍ਹਾਂ ਨੂੰ ਕਿਸੇ ਇੱਕ ਪਾਰਟੀ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਇਸ ਤੋਂ ਦੂਰ ਰਹਿਣ ਲਈ ਕਿਹਾ ਜਿਸ ਤਰ੍ਹਾਂ ਪੰਜਾਬ ਦੇ ਲੋਕ ਉਸ ਦੇ ਨਾਲ ਖੜ੍ਹੇ ਹਨ, ਉਸੇ ਤਰ੍ਹਾਂ ਜੇ ਕਿਸੇ ਨੂੰ ਉਸਦੀ ਲੋੜ ਹੈ, ਤਾਂ ਉਹ ਉਨ੍ਹਾਂ ਦੇ ਨਾਲ ਖੜ੍ਹੀ ਹੋਵੇਗੀ।
ਇਸ ਘਟਨਾ ਦੇ ਵਿਰੋਧ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਸੇਵਾਮੁਕਤ ਫੌਜੀ ਕਰਮਚਾਰੀਆਂ ਨੇ ਪਟਿਆਲਾ ਵਿੱਚ ਡੀਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਰਫ਼ ਇੱਕ ਕਰਨਲ ਦੇ ਸਨਮਾਨ ਨਾਲ ਸਬੰਧਤ ਨਹੀਂ ਹੈ, ਸਗੋਂ ਇਹ ਪੂਰੇ ਫੌਜੀ ਭਾਈਚਾਰੇ ਲਈ ਇੱਕ ਅਪਮਾਨਜਨਕ ਘਟਨਾ ਹੈ।
ਭਾਜਪਾ ਵਫ਼ਦ ਜਿਸ ਵਿੱਚ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ, ਕਰਨਲ ਜੈਬੰਸ ਸਿੰਘ ਤੇ ਜੈਂਦਰ ਕੌਰ ਸ਼ਾਮਲ ਸਨ, ਨੇ ਪਟਿਆਲਾ ਦੇ ਸੀਨੀਅਰ ਪੁਲਿਸ ਸੁਪਰਡੈਂਟ (SSP) ਨਾਲ ਮੁਲਾਕਾਤ ਕੀਤੀ ਅਤੇ ਦੋਸ਼ੀ ਪੁਲਿਸ ਮੁਲਾਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ।
ਇਸ ਘਟਨਾ ਸਬੰਧੀ ਇੱਕ ਸੀਆਰਪੀਐਫ ਜਵਾਨ ਦਾ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਕਰਨਲ ਬਾਠ ਦੀ ਕੁੱਟਮਾਰ ਕਰਨ ਵਾਲੇ ਚਾਰ ਪੁਲਿਸ ਮੁਲਾਜ਼ਮਾਂ ਨੂੰ ਚੁਣੌਤੀ ਦੇ ਰਿਹਾ ਹੈ। ਜਵਾਨ ਨੇ ਕਿਹਾ, "ਜੇ ਤੁਹਾਡੇ ਵਿੱਚ ਹਿੰਮਤ ਹੈ, ਤਾਂ ਮੇਰੇ ਨਾਲ ਕੁਪਵਾੜਾ ਆਓ, ਉੱਥੇ ਮੈਂ ਤੁਹਾਨੂੰ ਦਿਖਾਵਾਂਗਾ ਕਿ ਅਸਲ ਮੁਕਾਬਲਾ ਕੀ ਹੁੰਦਾ ਹੈ। ਜੇ ਤੁਸੀਂ ਉੱਥੋਂ ਬਚਕੇ ਨਿਕਲ ਗਏ, ਤਾਂ ਮੇਰੇ ਮੂੰਹ 'ਤੇ ਥੁੱਕ ਦਿਓ।"