Punjab News: ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਪੰਜਾਬ ਵਿੱਚੋਂ ਸਿੰਥੈਟਿਕ ਨਸ਼ਿਆਂ ਦੇ ਖਾਤਮੇ ਲਈ ਰਵਾਇਤੀ ਨਸ਼ੇ ਅਫੀਮ ਤੇ ਭੁੱਕੀ ਨੂੰ ਪ੍ਰਵਾਨਗੀ ਦੇਣੀ ਚਾਹੀਦੀ ਹੈ, ਜਿਸ ਨਾਲ ਪੰਜਾਬ ਦੀ ਨੌਜਵਾਨੀ ਨੂੰ ਸਿੰਥੈਟਿਕ ਨਸ਼ਿਆਂ ਦੀ ਦਲ-ਦਲ ਵਿੱਚੋਂ ਬਾਹਰ ਕੱਢਿਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਅਮਰੀਕਾ, ਕੈਨੇਡਾ, ਬੈਲਜ਼ੀਅਮ, ਨੀਦਰਲੈਂਡ ਤੇ ਹੋਰ ਯੂਰਪੀ ਦੇਸ਼ਾਂ ਵਿੱਚ ਅਫੀਮ ਨੂੰ ਕਾਨੂੰਨੀ ਤੌਰ ’ਤੇ ਪ੍ਰਵਾਨਗੀ ਦਿੱਤੀ ਹੋਈ ਹੈ। ਉਥੇ ਲੋਕ ਕਾਨੂੰਨੀ ਨਿਯਮਾਂ ਅਨੁਸਾਰ ਖੁਦ ਅਫੀਮ ਦੀ ਪੈਦਾਵਾਰ ਕਰ ਰਹੇ ਹਨ। ਉਸੇ ਤਰਜ਼ ’ਤੇ ਪੰਜਾਬ ਵਿੱਚ ਵੀ ਸਰਕਾਰ ਨੂੰ ਐੱਨਡੀਪੀਐੱਸ ਐਕਟ ਵਿੱਚ ਸੋਧ ਕਰਕੇ ਅਫੀਮ ਤੇ ਭੁੱਕੀ ਨੂੰ ਕਾਨੂੰਨ ਅਨੁਸਾਰ ਪ੍ਰਵਾਨਗੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਲਗਾਤਾਰ ਨਸ਼ਿਆਂ ਦੇ ਨਾਂ ’ਤੇ ਬਦਨਾਮ ਕੀਤਾ ਜਾ ਰਿਹਾ ਹੈ, ਜਦੋਂਕਿ ਦੱਖਣੀ ਦੇਸ਼ਾਂ ਤੇ ਭਾਰਤ ਦੇ ਦੱਖਣੀ ਸੂਬਿਆਂ ਵਿੱਚ ਨਸ਼ਿਆਂ ਦਾ ਪਸਾਰ ਪੰਜਾਬ ਨਾਲੋਂ ਵੱਧ ਹੈ।

ਦੱਸ ਦਈਏ ਕਿ ਪੰਜਾਬ ਵਿੱਚ ਲਗਾਤਾਰ ਵਿਗੜ ਰਹੀ ਅਮਨ ਤੇ ਕਾਨੂੰਨ ਦੀ ਸਥਿਤੀ ਤੇ ਨਸ਼ਿਆਂ ਦੇ ਪਸਾਰ ਨੂੰ ਰੋਕਣ ਲਈ ਐਤਵਾਰ ਨੂੰ ਚੰਡੀਗੜ੍ਹ ਦੇ ਸੈਕਟਰ-28 ਵਿੱਚ ਸਥਿਤ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵਿਖੇ ਵਿਚਾਰ-ਚਰਚਾ ਕਰਵਾਈ ਗਈ ਸੀ। ‘ਮੈਂ ਪੰਜਾਬੀ ਮੰਚ’ ਪੰਜਾਬ ਦੇ ਪ੍ਰਧਾਨ ਸੀਨੀਅਰ ਐਡਵੋਕੇਟ ਰਾਜਵਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਕਰਵਾਏ ਸਮਾਗਮ ਮੌਕੇ ਕਈ ਪ੍ਰਸਿੱਧ ਹਸਤੀਆਂ ਨੇ ਸੰਬੋਧਨ ਕੀਤਾ।


ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ, ਅੱਜ ਮੋਹਾਲੀ 'ਚ ਖੁੱਲ੍ਹੇਗਾ ਰੇਤਾ-ਬੱਜਰੀ ਵਿਕਰੀ ਕੇਂਦਰ, ਵਧਦੀਆਂ ਕੀਮਤਾਂ 'ਤੇ ਲੱਗੇਗੀ ਲਗਾਮ

ਇਸ ਮੌਕੇ ਐਡਵੋਕੇਟ ਬੈਂਸ ਤੇ ਹੋਰਨਾਂ ਬੁੱਧੀਜੀਵੀਆਂ ਨੇ ਜ਼ੀਰਾ ਵਿੱਚ ਸ਼ਰਾਬ ਫੈਕਟਰੀ ਬਾਹਰ ਚੱਲ ਰਹੇ ਅੰਦੋਲਨ ਨੂੰ ਜਬਰੀ ਹਟਾਉਣ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸ਼ਰਾਬ ਫੈਕਟਰੀ ਕਰਕੇ ਆਲੇ-ਦੁਆਲੇ ਦੇ ਕਈ ਪਿੰਡਾਂ ਦਾ ਪਾਣੀ ਪ੍ਰਦੂਸ਼ਿਤ ਹੋ ਰਿਹਾ ਹੈ ਪਰ ਸਰਕਾਰ ਨੇ ਜਾਂਚ ਕਰਵਾਉਣ ਦੀ ਥਾਂ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਜਬਰੀ ਉਠਾ ਦਿੱਤਾ ਹੈ।

ਇਸੇ ਤਰ੍ਹਾਂ ਜਲੰਧਰ ਦੇ ਲਤੀਫਪੁਰਾ ਵਿੱਚ ਦੇਸ਼ ਦੀ ਵੰਡ ਤੋਂ ਬਾਅਦ ਵਸੇ ਲੋਕਾਂ ਨੂੰ ਹਟਾਉਣ ਦੀ ਨਿੰਦਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬਰਗਾੜੀ ਤੇ ਬਹਿਬਲ ਕਲਾਂ ਦੀਆਂ ਘਟਨਾਵਾਂ ਬਾਰੇ ਸਮਾਂਬੱਧ ਨਿਪਟਾਰੇ ਦਾ ਭਰੋਸਾ ਦਿਵਾਇਆ ਸੀ ਪਰ ਅੱਜ ਉਸ ਦਾ ਵੀ ਕੋਈ ਨਤੀਜਾ ਨਹੀਂ ਨਿਕਲਿਆ। ਬੁੱਧੀਜੀਵੀਆਂ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਤੋਂ ਲੋਕਾਂ ਨੂੰ ਬਹੁਤ ਆਸਾਂ ਸਨ ਪਰ ਇਸ ਸਰਕਾਰ ਨੇ ਲੋਕਾਂ ਦੇ ਭਰੋਸੇ ਨੂੰ ਤੋੜ ਕੇ ਰੱਖ ਦਿੱਤਾ ਹੈ।