Governor praised the Bhagwant Mann - ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਗਵੰਤ ਮਾਨ ਸਰਕਾਰ ਪ੍ਰਤੀ ਸੁਰ ਅੱਜ ਥੋੜ੍ਹੇ ਨਰਮ ਦਿਖਾਈ ਦਿੱਤੇ ਹਨ।  ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਇੱਕ ਮੁੱਦੇ 'ਤੇ ਪੰਜਾਬ ਸਰਕਾਰ ਦੀ ਤਾਰੀਫ਼ ਕੀਤੀ ਗਈ ਹੈ। ਹਲਾਂਕਿ ਇਸ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਅਤੇ ਰਾਜਪਾਲ ਵਿਚਾਲੇ ਤਲਖ ਤੇਵਰ ਹੀ ਦਿਖਾਈ ਦਿੰਦੇ ਸਨ।


ਰਾਜਪਾਲ ਬਨਵਾਰੀ ਲਾਲ ਪੁਰੋਹਿਤ ਬੁੱਧਵਾਰ ਨੂੰ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਲੋਕਾਂ ਨੂੰ ਮਿਲਣ ਲਈ ਪਹੁੰਚੇ। ਇੱਥੇ ਉਨ੍ਹਾਂ ਬਾਦਸ਼ਾਹਪੁਰ ਦੇ ਆਸ-ਪਾਸ ਦੇ ਪਿੰਡਾਂ ਦਾ ਦੌਰਾ ਕੀਤਾ ਅਤੇ ਨੁਕਸਾਨੀ ਫ਼ਸਲ ਦਾ ਜਾਇਜ਼ਾ ਲਿਆ। 


ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕੁਝ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ। ਇਸ ਦੌਰਾਨ ਪਹਿਲੀ ਵਾਰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕਰਦਿਆਂ ਰਾਜਪਾਲ ਨੇ ਕਿਹਾ ਕਿ ਇਸ ਆਫ਼ਤ ਤੋਂ ਬਾਅਦ ਜਿਸ ਤਰ੍ਹਾਂ ਨਾਲ ਸਰਕਾਰ ਨੇ ਸਥਿਤੀ ਨੂੰ ਸੰਭਾਲਿਆ ਹੈ, ਉਹ ਸ਼ਲਾਘਾਯੋਗ ਹੈ।


ਪਟਿਆਲਾ ਵਿੱਚ 50 ਹਜ਼ਾਰ ਏਕੜ ਫਸਲ ਦਾ ਨੁਕਸਾਨ ਹੋਇਆ ਹੈ।  ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ  ਜੇਕਰ ਪ੍ਰਸ਼ਾਸਨ ਨੇ ਸਮੇਂ ਸਿਰ ਸਥਿਤੀ ਨੂੰ ਨਾ ਸੰਭਾਲਿਆ ਹੁੰਦਾ ਤਾਂ ਇਹ ਨੁਕਸਾਨ ਹੋਰ ਵੀ ਹੋ ਸਕਦਾ ਸੀ। ਰਾਜਪਾਲ ਨੇ ਕਿਹਾ ਕਿ ਉਹ ਆਪਣੀ ਰਿਪੋਰਟ ਕੇਂਦਰ ਨੂੰ ਸੌਂਪਣਗੇ। ਜਲਦੀ ਹੀ ਕੇਂਦਰ ਦੀ ਟੀਮ ਵੀ ਸਥਿਤੀ ਦਾ ਜਾਇਜ਼ਾ ਲੈਣ ਲਈ ਆਵੇਗੀ। 



ਓਧਰ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਹੜ੍ਹਾਂ ਨਾਲ ਨਜਿੱਠਣ ਦੇ ਲਈ 218 ਕਰੋੜ ਦੀ ਵਿੱਤੀ ਸਹਾਇਤਾ ਦਿੱਤੀ ਹੈ। ਹਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਰੀ ਕੈਬਨਿਟ ਦੀ ਟੀਮ ਆਖ ਰਹੀ ਹੈ ਕਿ ਕੇਂਦਰ ਵੱਲੋਂ ਭੇਜੇ ਫੰਡ ਬਹੁਤ ਘੱਟ ਹਨ ਕਿਉਂਕਿ ਸੂਬੇ ਵਿੱਚ ਹੜ੍ਹਾ ਨਾਲ ਨੁਕਸਾਲ ਬਹੁਤ ਹੋਇਆ ਹੈ। 


ਜਦੋਂ  ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕੇਂਦਰ ਵੱਲੋਂ ਭੇਜੀ 218 ਕਰੋੜ ਦੀ ਵਿੱਤੀ ਸਹਾਇਤਾ ਦਿੱਤੀ ਬਾਰੇ ਸਵਾਲ ਕੀਤਾ ਤਾਂ ਰਾਜਪਾਲ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਹੋਰ ਮਦਦ ਦੀ ਲੋੜ ਹੈ ਤਾਂ ਕੇਂਦਰ ਸਰਕਾਰ ਉਹ ਵੀ ਦੇਣ ਲਈ ਤਿਆਰ ਹੈ। ਮੈਂ ਹੜ੍ਹਾਂ ਨਾਲ ਜੋ ਜੋ ਸੂਬੇ ਵਿੱਚ ਨੁਕਸਾਨ ਹੋਇਆ ਹੈ ਉਹ ਰਿਪੋਰਟ ਕੇਂਦਰ ਨੂੰ ਭੇਜ ਦੇਵਾਂਗਾ। ਪੰਜਾਬ ਸਰਕਾਰ ਆਪਣੀ ਮੰਗ ਰੱਖੇ ਕੇਂਦਰ ਸਰਕਾਰ ਪੂਰੀ ਕਰਨ ਨੂੰ ਤਿਆਰ ਹੈ।