Punjab News: ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਅਹਿਮ ਖ਼ਬਰ ਹੈ। ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਖੇਤਰ ਦੇ ਸਬੰਧਤ ਐਸਡੀਐਮ ਦਫ਼ਤਰ ਜਾਂ ਡੀਸੀ ਦਫ਼ਤਰ ਵਿੱਚ ਮੁਆਵਜ਼ੇ ਲਈ ਅਰਜ਼ੀਆਂ ਦੇਣ।


ਡਿਪਟੀ ਕਮਿਸ਼ਨਰ ਸਾਹਨੀ ਨੇ ਹੜ੍ਹਾਂ ਸਬੰਧੀ ਜਾਇਜ਼ਾ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਸਿਰਤੋੜ ਯਤਨ ਕਰ ਰਿਹਾ ਹੈ। ਮੁੱਖ ਮੰਤਰੀ ਦੇ ਹੁਕਮਾਂ ਅਨੁਸਾਰ ਡਰੇਨੇਜ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਡਰੋਨ ਸਰਵੇ ਕੀਤਾ ਗਿਆ।


ਪਟਵਾਰੀਆਂ ਵੱਲੋਂ ਖੇਤਾਂ ਵਿੱਚ ਫ਼ਸਲਾਂ ਦੇ ਨੁਕਸਾਨ ਦਾ ਵੀ ਜਾਇਜ਼ਾ ਲਿਆ ਜਾ ਰਿਹਾ ਹੈ। ਜੇਕਰ ਕਿਸੇ ਕਿਸਾਨ ਨੂੰ ਆਪਣੇ ਖੇਤ ਵਿੱਚ ਦੁਬਾਰਾ ਫ਼ਸਲ ਬੀਜਣੀ ਪਵੇ, ਪਰ ਕਿਸੇ ਕਾਰਨ ਉਸ ਦੇ ਖੇਤਾਂ ਦਾ ਸਰਕਾਰੀ ਪੱਧਰ 'ਤੇ ਮੁਆਇਨਾ ਨਹੀਂ ਕੀਤਾ ਗਿਆ, ਤਾਂ ਕਿਸਾਨ ਖ਼ੁਦ ਫੋਟੋ ਖਿੱਚ ਸਕਦਾ ਹੈ ਅਤੇ ਨਿਸ਼ਾਨ ਦੇ ਨਾਲ ਆਪਣੇ ਖੇਤਾਂ ਦੀ ਵੀਡੀਓ ਬਣਾ ਸਕਦਾ ਹੈ।


ਜ਼ਿਕਰ ਕਰ ਦਈਏ ਕਿ ਮੌਸਮ ਵਿਭਾਗ ਨੇ ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿੱਚ ਅੱਜ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨ ਤਾਰਨ, ਕਪੂਰਥਲਾ ਤੇ ਅੰਮ੍ਰਿਤਸਰ ਵਿੱਚ ਮੀਂਹ ਪੈ ਸਕਦਾ ਹੈ। ਕੁਝ ਇਲਾਕਿਆਂ 'ਚ ਸਵੇਰੇ ਹੋਈ ਬਾਰਸ਼ ਨੇ ਘੱਟੋ-ਘੱਟ ਤਾਪਮਾਨ ਨੂੰ ਹੇਠਾਂ ਲਿਆਂਦਾ ਪਰ ਹਿਮਾਚਲ 'ਚ ਮੀਂਹ ਨੇ ਭਾਖੜਾ ਡੈਮ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ।


 ਮੌਸਮ ਵਿਭਾਗ ਨੇ ਅੱਜ ਤੋਂ ਲਗਾਤਾਰ ਤਿੰਨ-ਚਾਰ ਦਿਨ ਤੱਕ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ। ਸੋਮਵਾਰ ਨੂੰ ਵੀ ਸੂਬੇ ਦੇ ਕਈ ਸ਼ਹਿਰਾਂ ਜਿਵੇਂ ਚੰਡੀਗੜ੍ਹ, ਅੰਮ੍ਰਿਤਸਰ, ਗੁਰਦਾਸਪੁਰ, ਜਲੰਧਰ, ਮੋਗਾ ਤੇ ਫਰੀਦਕੋਟ ਦੇ ਕੁੱਝ ਇਲਾਕਿਆਂ ਵਿੱਚ ਮੀਂਹ ਪਿਆ। ਮੌਸਮ ਵਿਭਾਗ ਨੇ 25 ਜੁਲਾਈ ਤੋਂ 28 ਜੁਲਾਈ ਤੱਕ ਕਈ ਥਾਈ ਗਰਜ ਤੇ ਚਮਕ ਨਾਲ ਛਿੱਟੇ ਪੈਣ ਤੇ ਕਈ ਥਾਈਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।