Patiala News: ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ, ਮੰਤਰੀ ਨੇ ਕੀਤਾ ਦਾਅਵਾ, ਕਿਸਾਨ ਨਹੀਂ ਹੋਣਗੇ ਖੱਜਲ ਖੁਆਰ
ਕੈਬਨਿਟ ਮੰਤਰੀ ਚੇਤਨ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ 'ਚ ਸੁੱਕੀ ਹੋਈ ਕਣਕ ਹੀ ਲੈਕੇ ਆਉਣ ਤਾਂ ਜੋ ਮੰਡੀ 'ਚ ਆਈ ਕਣਕ ਦੀ ਨਾਲੋ ਨਾਲ ਖਰੀਦ ਕਰਕੇ ਅਦਾਇਗੀ ਕੀਤੀ ਜਾ ਸਕੇ।
Patiala News: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਦੀ ਅਨਾਜ ਮੰਡੀ 'ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ।
ਇਸ ਮੌਕੇ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ। ਇਸ ਮੌਕੇ ਉਨ੍ਹਾਂ ਪਿੰਡ ਗਾਜੀਪੁਰ ਦੇ ਕਿਸਾਨ ਗੁਰਮੀਤ ਸਿੰਘ ਦੀ ਢੇਰੀ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ।
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਿਛਲੇ ਦਿਨੀਂ ਹੋਈ ਬਰਸਾਤ ਤੇ ਗੜ੍ਹੇਮਾਰੀ ਕਾਰਨ ਸੂਬੇ ਦੇ ਕਿਸਾਨਾਂ ਦੀ ਹੋਈ ਫ਼ਸਲ ਦੇ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਵਚਨਬੱਧ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁਦ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਹੈ ਅਤੇ ਅਧਿਕਾਰੀਆਂ ਨੂੰ ਤੁਰੰਤ ਗਿਰਦਾਵਰੀ ਕਰਕੇ ਰਿਪੋਰਟ ਭੇਜਣ ਅਤੇ ਕਿਸਾਨਾਂ ਨੂੰ ਮੁਆਵਜ਼ਾ ਦੇਕੇ ਰਾਹਤ ਦੇਣ ਲਈ ਹਦਾਇਤ ਕੀਤੀ ਗਈ ਹੈ।
ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ 'ਚ ਸਥਾਪਤ 108 ਮੰਡੀਆਂ 'ਚ ਕਣਕ ਦੀ ਸੁਚਾਰੂ ਖਰੀਦ ਲਈ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ ਅਤੇ ਮੰਡੀਆਂ 'ਚ ਬਾਰਦਾਨੇ ਸਮੇਤ ਬਰਸਾਤਾਂ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਲੋੜ ਮੁਤਾਬਕ ਤਰਪਾਲਾਂ ਦੀ ਉਪਲਬਧਤਾ, ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਠਣ ਸਮੇਤ ਹੋਰ ਬੁਨਿਆਦੀ ਲੋੜਾਂ ਨੂੰ ਯਕੀਨੀ ਵੀ ਬਣਾਇਆ ਗਿਆ ਹੈ।
ਇਸ ਮੌਕੇ ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ 'ਚ ਸੁੱਕੀ ਹੋਈ ਕਣਕ ਹੀ ਲੈਕੇ ਆਉਣ ਤਾਂ ਜੋ ਮੰਡੀ 'ਚ ਆਈ ਕਣਕ ਦੀ ਨਾਲੋ ਨਾਲ ਖਰੀਦ ਕਰਕੇ ਅਦਾਇਗੀ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਰੀਦੀ ਜਿਣਸ ਦੀ ਅਦਾਇਗੀ ਨਾਲੋਂ ਨਾਲ ਕਰਵਾਈ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।