Patiala News: ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਦੇ ਦੋਸ਼ੀ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਬਿਆਨ ਨਾਲ ਸਿਆਸਤ ਮੁੜ ਗਰਮਾ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਮੁਹਾਲੀ ’ਚ ਲੱਗੇ ਇਨਸਾਫ਼ ਮੋਰਚੇ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਅਕਾਲੀ ਹਨ ਤੇ ਅਕਾਲੀ ਹੀ ਰਹਿਣਗੇ। 


ਦੱਸ ਦਈਏ ਕਿ ਅੱਜ ਦੰਦਾਂ ਦੀ ਜਾਂਚ ਲਈ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭਾਰੀ ਸੁਰੱਖਿਆ ਹੇਠ ਪਟਿਆਲਾ ਕੇਂਦਰੀ ਜੇਲ੍ਹ ਤੋਂ ਸਰਕਾਰੀ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ ਸੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੁਝ ਲੋਕਾਂ ਨੂੰ ਉਨ੍ਹਾਂ ਦੇ ਅਕਾਲੀ ਹੋਣ ਉੱਪਰ ਇਤਰਾਜ਼ ਹੈ। ਉਨ੍ਹਾਂ ਕਿਹਾ ਕਿ ਉਹ ਅਕਾਲੀ ਹਨ ਤੇ ਅਕਾਲੀ ਹੀ ਰਹਿਣਗੇ। 


ਇਸ ਦੇ ਨਾਲ ਹੀ ਰਾਜੋਆਣਾ ਨੇ ਕਿਹਾ ਕਿ ਮੁਹਾਲੀ ’ਚ ਲੱਗੇ ਇਨਸਾਫ਼ ਮੋਰਚੇ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ ਹੈ। ਦੱਸ ਦਈਏ ਕਿ ਮੁਹਾਲੀ ਤੇ ਚੰਡੀਗੜ੍ਹ ਦੀ ਹੱਦ ਉੱਪਰ ਪਿਛਲੇ ਕਈ ਦਿਨਾਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨਾ ਲੱਗਾ ਹੋਇਆ ਹੈ। ਇਸ ਧਰਨੇ ਦੀ ਹਮਾਇਤ ਕਿਸਾਨ ਜਥੇਬੰਦੀਆਂ ਵੀ ਕਰ ਰਹੀਆਂ ਹਨ। ਹੁਣ ਰਾਜੋਆਣਾ ਦੇ ਬਿਆਨ ਨੇ ਨਵੀਂ ਚਰਚਾ ਛੇੜ ਦਿੱਤੀ ਹੈ।


ਸੰਯੁਕਤ ਕਿਸਾਨ ਮੋਰਚਾ ਵੱਲੋਂ ਕੌਮੀ ਇਨਸਾਫ਼ ਮੋਰਚੇ ਦੀ ਹਮਾਇਤ ਦਾ ਐਲਾਨ


ਉਧਰ, ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਮੇਤ ਹੋਰ ਸਿੱਖ ਮਸਲਿਆਂ ਨੂੰ ਲੈ ਕੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਤੇ ਹੋਰ ਸਿੱਖ ਜਥੇਬੰਦੀਆਂ ਦਾ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪੱਕਾ ਮੋਰਚਾ ਜਾਰੀ ਹੈ। ਬੀਤੇ ਦਿਨ ਬੀਬੀਆਂ ਨੇ ਮੋਰਚਾ ਸੰਭਾਲਿਆ। ਅੱਜ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਪੱਕੇ ਮੋਰਚੇ ਵਿੱਚ ਸ਼ਾਮਲ ਹੋਏ ਪੰਜਾਬ ਦੇ ਕਿਸਾਨਾਂ ਦਾ ਕੌਮੀ ਇਨਸਾਫ਼ ਮੋਰਚੇ ਦੇ ਪ੍ਰਬੰਧਕਾਂ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ। 



ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ, ਆਲ ਇੰਡੀਆ ਕਿਸਾਨ ਸਭਾ ਦੇ ਆਗੂ ਜਸਵੀਰ ਸਿੰਘ ਝੱਜ ਤੇ ਹੋਰ ਆਗੂਆਂ ਨੇ ਦੱਸਿਆ ਕਿ ਬੰਦੀ ਸਿੰਘ ਦੀ ਰਿਹਾਈ ਲਈ ਚੱਲ ਰਹੇ ਪੱਕੇ ਮੋਰਚੇ ਦੀ ਹਮਾਇਤ ਵਿੱਚ ਅੱਜ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕਰਕੇ ਸਮਰਥਨ ਦੇਣ ਦਾ ਐਲਾਨ ਕੀਤਾ ਹੈ।