Patiala News: ਪੰਜਾਬ ਵਿੱਚ ਐਸਵਾਈਐਲ ਦਾ ਮੁੱਦਾ ਗਰਮਾ ਗਿਆ ਹੈ। ਸਾਬਕਾ ਪਾਰਲੀਮੈਂਟ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕਿਹਾ ਹੈ ਕਿ ਪੰਜਾਬ ਕੋਲ ਪਾਣੀ ਨਹੀਂ ਪਰ ਸਾਨੂੰ ਸ਼ੱਕ ਹੈ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਲਾਲਸਾਵਾਂ ਕਾਰਨ ਉਸ ਦੀਆਂ ਸਿਆਸੀ ਚਾਲਾਂ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇ ਸਕਦੀਆਂ ਹਨ। ਉਨ੍ਹਾਂ ਨੇ ਪੰਜਾਬ ਦੀ ‘ਆਪ’ ਸਰਕਾਰ ਨੂੰ ਸਲਾਹ ਦਿੰਦਿਆਂ ਕਿਹਾ ਹੈ ਕਿ ਐਸਵਾਈਐਲ ਦੇ ਮੁੱਦੇ ’ਤੇ ਹਰਿਆਣਾ ਨਾਲ ਗੱਲ ਕਰਨ ਤੋਂ ਪਹਿਲਾਂ ਪੰਜਾਬ ਦੀਆਂ ਸਾਰੀ ਸਿਆਸੀ ਤੇ ਸਰਗਰਮ ਗੈਰ-ਸਿਆਸੀ ਧਿਰਾਂ ਲਾਲ ਗੱਲਬਾਤ ਕਰਕੇ ਪੰਜਾਬ ਦਾ ਪੱਖ ਰੱਖਣਾ ਚਾਹੀਦਾ ਹੈ। 



ਡਾ. ਗਾਂਧੀ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦਾ ਮਸਲਾ ਸਿਰਫ਼ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਨਹੀਂ, ਸਗੋਂ ਸਾਰੇ ਪੰਜਾਬ ਦਾ ਮਸਲਾ ਹੈ, ਇਸ ਕਰਕੇ ਇਸ ਮਸਲੇ ਤੇ ਹਰਿਆਣਾ ਨਾਲ ਗੱਲਬਾਤ ਕਰਨ ਤੋਂ ਪਹਿਲਾਂ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ, ਕਿਸਾਨ ਜਥੇਬੰਦੀਆਂ, ਪੰਜਾਬ ਪੱਖੀ ਬੁੱਧੀਜੀਵੀ ਤੇ ਪੰਜਾਬ ਦੇ ਜਲ ਮਾਹਿਰਾਂ ਨਾਲ ਗੱਲਬਾਤ ਕਰਕੇ ਸਰਬ-ਸਾਂਝੀ ਰਾਇ ਬਣਾਉਣੀ ਚਾਹੀਦੀ ਹੈ। 


ਉਨ੍ਹਾਂ ਸ਼ੰਕਾ ਜ਼ਾਹਿਰ ਕੀਤੀ ਕਿ ਅਰਵਿੰਦ ਕੇਜਰੀਵਾਲ ਜਿਵੇਂ ਦਿੱਲੀ ਦੇ ਝੂਠੇ ਵਿਕਾਸ ਨੂੰ ਪੰਜਾਬ ਵਿੱਚ ਦਿਖਾ ਕੇ ਪੰਜਾਬੀਆਂ ਨੂੰ ਗੁਮਰਾਹ ਕਰ ਰਿਹਾ ਹੈ, ਇਸੇ ਤਰ੍ਹਾਂ ਪੰਜਾਬ ਦੇ ਝੂਠੇ ਵਿਕਾਸ ਨੂੰ ਗੁਜਰਾਤ ਵਿੱਚ ਪ੍ਰਚਾਰ ਕੇ ਗੁਜਰਾਤੀਆਂ ਨਾਲ ਧੋਖਾ ਕਰ ਰਿਹਾ ਹੈ, ਇਸੇ ਤਰ੍ਹਾਂ ਅਰਵਿੰਦ ਕੇਜਰੀਵਾਲ ਤੇ ਉਸ ਦੇ ਲੀਡਰ ਪਾਣੀਆਂ ਬਾਰੇ ਪੰਜਾਬ ਵਿੱਚ ਹੋਰ ਬਿਆਨ ਦਿੰਦੇ ਹਨ ਤੇ ਹਰਿਆਣਾ ਵਿਚ ਹੋਰ ਬਿਆਨ ਦਿੰਦੇ ਹਨ। 


ਇਸ ਤੋਂ ਸ਼ੰਕਾ ਜ਼ਾਹਿਰ ਕੀਤੀ ਜਾ ਸਕਦੀ ਹੈ ਕਿ ਅਰਵਿੰਦ ਕੇਜਰੀਵਾਲ ਆਪਣੀਆਂ ਸਿਆਸੀ ਲਾਲਸਾਵਾਂ ਕਰਕੇ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਜਬੂਰ ਕਰ ਸਕਦਾ ਹੈ। ਜਦੋਂਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇੱਕ ਵੀ ਬੂੰਦ ਪਾਣੀ ਦੀ ਨਹੀਂ।


 


ਪੰਜਾਬ ਦੇ ਹਿੱਤਾਂ ਨਾਲ ਧੋਖਾ ਕਰਨ ਦੇ ਸੰਕੇਤ ਮਿਲ ਰਹੇ: ਅਕਾਲੀ ਦਲ
 
ਉਧਰ, ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਲ ਐਸਵਾਈਐਲ ਬਾਰੇ ਮੀਟਿੰਗ ਵਿੱਚ ਪੰਜਾਬ ਸਰਕਾਰ ਦਾ ਸਟੈਂਡ ਜਨਤਕ ਤੌਰ ’ਤੇ ਸਪੱਸ਼ਟ ਕਰਨ। ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਵੱਲੋਂ ਆਪਣੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਕਹਿਣ ’ਤੇ ਪੰਜਾਬ ਦੇ ਹਿੱਤਾਂ ਨਾਲ ਧੋਖਾ ਕਰਨ ਦੇ ਸੰਕੇਤ ਮਿਲ ਰਹੇ ਹਨ।


ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਹਾਲੇ ਤੱਕ ਪੰਜਾਬੀਆਂ ਨੂੰ ਆਪਣੇ ਸਟੈਂਡ ਬਾਰੇ ਨਹੀਂ ਦੱਸਿਆ ਤੇ ਨਾ ਹੀ ਇਸ ਮਾਮਲੇ ’ਤੇ ਸਰਬ ਪਾਰਟੀ ਮੀਟਿੰਗ ਸੱਦੀ ਹੈ, ਜਿਸ ਤੋਂ ਇਹ ਸਾਫ਼ ਹੋ ਰਿਹਾ ਹੈ ਕਿ ‘ਆਪ’ ਦੇ ਸਿਆਸੀ ਲਾਹੇ ਵਾਸਤੇ ਮੁੱਖ ਮੰਤਰੀ ਮਾਨ ਹਰਿਆਣਾ ਸਰਕਾਰ ਨਾਲ ਸਮਝੌਤਾ ਕਰਨ ਲਈ ਅਰਵਿੰਦ ਕੇਜਰੀਵਾਲ ਦੇ ਦਬਾਅ ਹੇਠ ਹਨ।