Patiala News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਡਰੱਗ ਮਾਮਲੇ ਵਿੱਚ ਅੱਜ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਣ ਲਈ ਪਟਿਆਲਾ ਪਹੁੰਚੇ। ਇਸ ਦੌਰਾਨ ਮਜੀਠੀਆ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਦਾ ਮੁਖੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਣਾ ਦੇਣਾ ਚਾਹੀਦਾ ਹੈ, ਕਿਉਂਕਿ ਇਹ ਸਭ ਕੁਝ ਉਨ੍ਹਾਂ ਦੇ ਇਸ਼ਾਰੇ 'ਤੇ ਹੀ ਹੋ ਰਿਹਾ ਹੈ।


ਮਜੀਠੀਆ ਨੇ ਕਿਹਾ ਕਿ ਜਿਸ ਤਰ੍ਹਾਂ ਵਿਸ਼ੇਸ਼ ਜਾਂਚ ਟੀਮ ਮੈਨੂੰ ਵਾਰ-ਵਾਰ ਜਾਂਚ ਲਈ ਬੁਲਾ ਰਹੀ ਹੈ, ਉਸ ਤੋਂ ਸਾਫ਼ ਪਤਾ ਚੱਲਦਾ ਹੈ ਕਿ ਉਨ੍ਹਾਂ 'ਤੇ ਕਿੰਨਾ ਦਬਾਅ ਹੈ, ਜਦਕਿ ਮੇਰਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਹੀ ਨਹੀਂ। ਉਨ੍ਹਾਂ ਕਿਹਾ ਕਿ ਖਰੜ ਜੇਲ੍ਹ ਵਿੱਚ ਹੋਈ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਸੱਚ ਸਾਹਮਣੇ ਆ ਗਿਆ ਹੈ। 


ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸਾਫ਼ ਕਿਹਾ ਸੀ ਕਿ ਇਹ ਇੰਟਰਵਿਊ ਪੰਜਾਬ ਵਿੱਚ ਨਹੀਂ ਹੋਈ ਪਰ ਹੁਣ ਹਾਈਕੋਰਟ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਦੀ ਜਾਂਚ ਵਿੱਚ ਸੱਚਾਈ ਸਾਹਮਣੇ ਆ ਗਈ ਹੈ। ਇਸ ਵਿੱਚ ਸਪਸ਼ਟ ਹੋ ਗਿਆ ਹੈ ਕਿ ਸਿੱਧੂ ਮੂਸੇਵਾਲਾ ਦੇ ਕਾਤਲ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਵਿੱਚ ਹੋਈ ਸੀ। 


ਮਜੀਠੀਆ ਨੇ ਕਿਹਾ ਸਭ ਨੂੰ ਪਤਾ ਹੈ ਕਿ ਮੈਂ ਭਗਵੰਤ ਮਾਨ ਸਰਕਾਰ ਦੇ ਖਿਲਾਫ ਬੋਲਦਾ ਰਹਾਂਗਾ। ਉਹ ਮੇਰੀ ਆਵਾਜ਼ ਨੂੰ ਦਬਾ ਨਹੀਂ ਸਕਦੇ। ਉਨ੍ਹਾਂ ਨੇ ਕਿਹਾ ਕਿ ਮੇਰੀ ਆਵਾਜ਼ ਦਬਾਉਣ ਲਈ ਹੀ ਮੈਨੂੰ ਇਸ ਮਾਮਲੇ ਵਿੱਚ ਘਸੀਟਿਆ ਗਿਆ ਹੈ ਪਰ ਮੈਂ ਡਰਦਾ ਨਹੀਂ।