Patiala News: ਪੰਜਾਬ ਵਿੱਚ ਮਾਨਸੂਨ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਐਤਵਾਰ ਨੂੰ ਪੰਜਾਬ ਦੇ 6 ਇਲਾਕਿਆਂ 'ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਯਾਨੀ ਇੱਥੇ ਭਾਰੀ ਬਾਰਸ਼ ਤਾਂ ਹੋਵੇਗੀ ਹੀ ਸਗੋਂ ਨਾਲ ਹੀ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਮੀਂਹ ਨਾਲ ਪਟਿਆਲਾ ਵਿੱਚ ਹੜ੍ਹ ਵਰਗੇ ਹਲਾਤ ਬਣੇ ਹੋਏ ਹਨ ਜਿਸ ਤੋਂ ਬਾਅਦ ਪਟਿਆਲਾ ਤੋਂ ਮੰਤਰੀ ਡਾ ਬਲਬੀਰ ਸਿੰਘ ਨੇ ਹੜ੍ਹ ਸੰਵੇਦਨਸ਼ੀਲ ਇਲਾਕਿਆਂ ਦਾ ਜਾਇਜ਼ਾ ਲਿਆ।
ਡਾ ਬਲਬੀਰ ਸਿੰਘ ਨੇ ਟਵੀਟ ਕਰਦਿਆਂ ਕਿਹਾ, ਸਾਨੂੰ ਮਾਣਯੋਗ ਮੁੱਖ ਮੰਤਰੀ ਦੁਆਰਾ ਸਾਰੇ ਹੜ੍ਹ ਸੰਵੇਦਨਸ਼ੀਲ ਸਥਾਨਾਂ ਦਾ ਦੌਰਾ ਕਰਨ ਅਤੇ ਸਮੇਂ ਸਿਰ ਦਖਲਅੰਦਾਜ਼ੀ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਸਥਿਤੀ ਕਾਬੂ ਹੇਠ ਹੈ ਅਤੇ ਨਿਕਾਸੀ ਨੂੰ ਰੋਕਿਆ ਜਾ ਰਿਹਾ ਹੈ। ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਲੋੜੀਂਦੀ ਅਗਾਊਂ ਯੋਜਨਾਬੰਦੀ ਅਤੇ ਪ੍ਰਬੰਧ ਕੀਤੇ ਗਏ ਹਨ। ਪਟਿਆਲਾ ਲਈ ਫਲੱਡ ਕੰਟਰੋਲ ਰੂਮ ਨੰਬਰ: 0175 2350550 ਜਾਂ 0175 2311321 ਹਨ।
ਜ਼ਿਕਰ ਕਰ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਸੀ ਕਿ ਪੰਜਾਬ 'ਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਰਕੇ ਨੀਵੇਂ ਇਲਾਕਿਆਂ ਤੇ ਖਾਸ ਤੌਰ 'ਤੇ ਦਰਿਆਵਾਂ ਨਾਲ ਲੱਗਦੇ ਇਲਾਕਿਆਂ 'ਚ ਲੋਕਾਂ ਨੂੰ ਮੁਸ਼ਕਿਲਾਂ ਪੇਸ਼ ਆ ਰਹੀਆਂ ਨੇ...ਮੈਂ ਆਪਣੇ ਸਾਰੇ ਮੰਤਰੀਆਂ-ਵਿਧਾਇਕਾਂ ਤੇ ਸਾਰੇ ਜ਼ਿਲ੍ਹਿਆਂ ਦੇ DCs ਤੇ SSPs ਨੂੰ ਲੋਕਾਂ ਦੇ ਵਿਚਕਾਰ ਜਾਣ ਦੀ ਹਦਾਇਤ ਜਾਰੀ ਕੀਤੀ ਹੈ...
ਇਸ ਤੋਂ ਬਾਅਦ ਪੰਜਾਬ ਦੇ ਮੰਤਰੀ ਤੇ ਵਿਧਾਇਕਾਂ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਲੋਕਾਂ ਤੱਕ ਪਹੁੰਚ ਕੀਤੀ ਹੈ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ।