Patiala News: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਨਿਵਾਸੀਆਂ ਸਮੇਤ ਦੇਸ਼-ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਨੂੰ ਦਿਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੱਤੀ ਹੈ। 


ਆਪਣੇ ਸੰਦੇਸ਼ ਵਿੱਚ ਲੋਕ ਸੰਪਰਕ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਉਹ ਪਰਮਾਤਮਾ ਕੋਲ ਅਰਦਾਸ ਕਰਦੇ ਹਨ ਕਿ ਰੋਸ਼ਨੀਆਂ ਦਾ ਤਿਉਹਾਰ ਦਿਵਾਲੀ ਸਾਰਿਆਂ ਦੇ ਜੀਵਨ ਵਿੱਚ ਖੁਸ਼ੀਆਂ ਖੇੜੇ ਤੇ ਖੁਸ਼ਹਾਲੀ ਲੈਕੇ ਆਵੇ।


ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪਟਾਕੇ ਵੀ ਗਰੀਨ ਹੀ ਚਲਾਉਣ ਤਾਂ ਕਿ ਸਾਡਾ ਵਾਤਾਵਰਣ ਪ੍ਰਦੂਸ਼ਣ ਤੋਂ ਬਚ ਸਕੇ। ਉਨ੍ਹਾਂ ਕਿਹਾ ਕਿ ਪਵਿੱਤਰ ਤਿਉਹਾਰ ਦਿਵਾਲੀ ਤੇ ਬੰਦੀ ਛੋੜ ਦਿਵਸ ਦੀ ਸਦੀਆਂ ਤੋਂ ਸਾਡੇ ਦੇਸ਼ ਵਿੱਚ ਮਹਾਨਤਾ ਅਤੇ ਮਹੱਤਤਾ ਹੈ, ਇਸ ਤਿਉਹਾਰ ਤੋਂ ਅਗਲੇ ਦਿਨ ਮਨਾਏ ਜਾਣ ਵਾਲੇ ਪਵਿੱਤਰ ਵਿਸ਼ਵਕਰਮਾ ਦਿਵਸ ਮੌਕੇ ਕਿਰਤੀ ਭਾਈਚਾਰੇ ਵੱਲੋਂ ਭਗਵਾਨ ਸ੍ਰੀ ਵਿਸ਼ਵਕਰਮਾ ਦੀ ਪੂਜਾ ਕੀਤੀ ਜਾਂਦੀ ਹੈ।


ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਤੇ ਸੁਤੰਤਰਤਾ ਸੰਗਰਾਮੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਗੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾਵੇ।


ਕੈਬਨਿਟ ਮੰਤਰੀ ਨੇ ਬਲਜੀਤ ਕੌਰ ਨੇ ਵੀ ਦਿੱਤੀਆਂ ਵਧਾਈਆਂ


ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਤਿਉਹਾਰ  ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਸਾਨੂੰ ਆਪਣੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਉਣ ਲਈ ਗਰੀਨ ਦੀਵਾਲੀ  ਮਨਾਉਣੀ ਚਾਹੀਦੀ ਹੈ।      


ਮੰਤਰੀ ਨੇ ਸਮੂਹ ਲੋਕਾਂ ਖ਼ਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਮੁਬਾਰਕਬਾਦ ਦਿੱਤੀ। ਇਹ ਦਿਵਸ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲ੍ਹੇ ਤੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਮੌਕੇ ਵਜੋਂ ਮਨਾਇਆ ਜਾਂਦਾ ਹੈ।  ਉਨਾਂ  ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਪੰਜਾਬ ਅਤੇ ਭਾਰਤ ਦੇ ਲੋਕਾਂ ਲਈ ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ।