Patiala News: ਸਰਕਾਰ ਬੇਨਕਾਬ! ਹੁਣ ਰੇਲਾਂ-ਬੱਸਾਂ ਰਾਹੀਂ ਆ ਰਹੇ ਕਿਸਾਨਾਂ ਦੀ ਕਿਉਂ ਹੋ ਰਹੀ ਗ੍ਰਿਫਤਾਰੀ? ਕਿਸਾਨ ਲੀਡਰ ਪੰਧੇਰ ਦਾ ਵੱਡਾ ਦਾਅਵਾ
Farmers protest: ਪੰਜਾਬ ਤੇ ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰ 'ਤੇ ਹਜ਼ਾਰਾਂ ਕਿਸਾਨ ਡਟੇ ਹਨ। ਹਰਿਆਣਾ ਦੀਆਂ ਹੱਦਾਂ ਉਪਰ ਅੱਜ 7 ਮਾਰਚ ਨੂੰ ਕਿਸਾਨ ਅੰਦੋਲਨ-2 ਦਾ 24ਵਾਂ ਦਿਨ ਹੈ। ਉਧਰ, ਸੰਯੁਕਤ ਕਿਸਾਨ ਮੋਰਚਾ ...
Patiala News: ਪੰਜਾਬ ਤੇ ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰ 'ਤੇ ਹਜ਼ਾਰਾਂ ਕਿਸਾਨ ਡਟੇ ਹਨ। ਹਰਿਆਣਾ ਦੀਆਂ ਹੱਦਾਂ ਉਪਰ ਅੱਜ 7 ਮਾਰਚ ਨੂੰ ਕਿਸਾਨ ਅੰਦੋਲਨ-2 ਦਾ 24ਵਾਂ ਦਿਨ ਹੈ। ਉਧਰ, ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ 'ਤੇ ਰਾਜਸਥਾਨ, ਮੱਧ ਪ੍ਰਦੇਸ਼ ਤੇ ਪੱਛਮੀ ਬੰਗਾਲ ਸਮੇਤ ਹੋਰ ਰਾਜਾਂ ਦੀਆਂ ਕਿਸਾਨ ਜਥੇਬੰਦੀਆਂ ਦਿੱਲੀ ਵੱਲ ਕੂਚ ਕਰ ਰਹੀਆਂ ਹਨ, ਪਰ ਕਈ ਕਿਸਾਨ ਆਗੂਆਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੱਜ ਸ਼ੰਭੂ ਤੇ ਖਨੌਰੀ ਵਿਖੇ ਅੰਦੋਲਨ ਦਾ 24ਵਾਂ ਦਿਨ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਾਡੀਆਂ ਗੱਲਾਂ ਕੱਲ੍ਹ ਸੱਚ ਸਾਬਤ ਹੋਈਆਂ ਕਿ ਸਰਕਾਰ ਟਰੈਕਟਰ-ਟਰਾਲੀਆਂ ਬਾਰੇ ਸਿਰਫ਼ ਬਹਾਨੇ ਬਣਾ ਰਹੀ ਹੈ। ਅਸਲੀਅਤ ਇਹ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਨੂੰ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਹੀ ਨਹੀਂ ਦੇਣਾ ਚਾਹੁੰਦੀ। ਕਿਸਾਨ ਲੀਡਰ ਨੇ ਕਿਹਾ ਕਿ ਸਾਨੂੰ ਸੂਚਨਾ ਮਿਲੀ ਹੈ ਕਿ ਕਰੀਬ 147 ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਜੰਤਰ-ਮੰਤਰ 'ਤੇ ਧਾਰਾ 144 ਲਾਗੂ ਕਰ ਦਿੱਤੀ ਹੈ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 8 ਮਾਰਚ ਨੂੰ ਕੌਮਾਂਤਰੀ ਮਜ਼ਦੂਰ ਮਹਿਲਾ ਦਿਵਸ ਮੌਕੇ ਦੇਸ਼ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਔਰਤਾਂ ਸ਼ੰਭੂ ਤੇ ਖਨੌਰੀ ਮੋਰਚੇ ਵਿੱਚ ਪੁੱਜਣਗੀਆਂ। ਪੰਧੇਰ ਨੇ ਦੱਸਿਆ ਕਿ ਰਾਜਸਥਾਨ ਦੇ ਬਾਰਾਨ ਜ਼ਿਲ੍ਹੇ ਦੇ ਧਰਮਾ ਧਾਕੜ ਤੇ ਉਨ੍ਹਾਂ ਦੇ 50 ਸਾਥੀਆਂ ਨੂੰ ਬੀਤੀ ਰਾਤ ਰਾਜਸਥਾਨ ਪੁਲਿਸ ਨੇ ਹਿਰਾਸਤ ਵਿੱਚ ਲਿਆ। ਪਿਛਲੇ ਕੁਝ ਦਿਨਾਂ ਤੋਂ ਮੱਧ ਪ੍ਰਦੇਸ਼ ਤੇ ਦੱਖਣੀ ਭਾਰਤ ਦੇ ਰਤਲਾਮ ਜ਼ਿਲ੍ਹੇ ਤੋਂ ਆ ਰਹੀਆਂ ਕਿਸਾਨ ਜਥੇਬੰਦੀਆਂ ਤੇ ਆਗੂਆਂ ਨਾਲ ਕੋਈ ਸੰਪਰਕ ਨਹੀਂ ਹੋ ਸਕਿਆ।
ਉਨ੍ਹਾਂ ਨੇ ਦੱਸਿਆ ਪੱਛਮੀ ਬੰਗਾਲ ਦਾ ਇੱਕ ਸਮੂਹ ਜਲਦੀ ਹੀ ਦਿੱਲੀ ਲਈ ਰਵਾਨਾ ਹੋਵੇਗਾ। ਰਾਜਸਥਾਨ ਦੇ ਦੌਸਾ, ਡੂੰਗਰਪੁਰ, ਜੈਪੁਰ ਤੇ ਕੋਟਾ-ਬੁੰਡੀ ਤੋਂ ਕਿਸਾਨ ਸਮੂਹ ਦਿੱਲੀ ਵੱਲ ਜਾ ਰਹੇ ਹਨ। ਸਵਾਈ ਮਾਧੋਪੁਰ ਵਿੱਚ ਇੱਕ ਸਮੂਹ ਨੂੰ ਰੇਲ ਗੱਡੀ ਤੋਂ ਉਤਾਰ ਕੇ ਗ੍ਰਿਫਤਾਰ ਕੀਤਾ ਗਿਆ। ਮੱਧ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਤੋਂ ਗਰੁੱਪ ਰਵਾਨਾ ਹੋਏ ਹਨ ਤੇ ਕੁਝ ਗਰੁੱਪ ਅੱਜ ਵੀ ਰਵਾਨਾ ਹੋਣਗੇ। ਕਰਨਾਟਕ, ਕੇਰਲ, ਤਾਮਿਲਨਾਡੂ, ਆਂਧਰਾ ਪ੍ਰਦੇਸ਼, ਤੇਲੰਗਾਨਾ ਤੇ ਮਹਾਰਾਸ਼ਟਰ ਦੇ ਲੋਕ ਵੀ ਰੇਲਾਂ ਰਾਹੀਂ ਰਵਾਨਾ ਹੋਏ ਹਨ।
ਦੱਸ ਦਈਏ 3 ਮਾਰਚ ਨੂੰ ਬਠਿੰਡਾ ਵਿੱਚ ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਸੀ ਕਿ 10 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿੱਚ ਰੇਲਾਂ ਰੋਕੀਆਂ ਜਾਣਗੀਆਂ। ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ (SKM) ਨੇ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਦਾ ਐਲਾਨ ਕੀਤਾ ਹੈ। ਇਸ ਦਾ ਨਾਂ ਕਿਸਾਨ-ਮਜ਼ਦੂਰ ਮਹਾਪੰਚਾਇਤ ਰੱਖਿਆ ਗਿਆ ਹੈ।