Patiala News : ਵਧੀਕ ਡਿਪਟੀ ਕਮਿਸ਼ਨਰ ਪਟਿਆਲਾ ਗੁਰਪ੍ਰੀਤ ਸਿੰਘ ਥਿੰਦ ਨੇ ਜ਼ਿਲ੍ਹੇ ਦੇ ਉਨ੍ਹਾਂ ਅਸਲਾ ਲਾਇਸੈਂਸ ਧਾਰਕਾਂ ਨੂੰ ਇੱਕ ਹੋਰ ਮੌਕਾ ਦਿੰਦੇ ਹੋਏ ਆਪਣਾ ਤੀਜਾ ਹਥਿਆਰ ਵੇਚਣ ਜਾਂ ਜਮ੍ਹਾਂ ਕਰਵਾਉਣ ਦੀ ਹਦਾਇਤ ਕੀਤੀ ਹੈ, ਜਿਨ੍ਹਾਂ ਨੇ ਅਜੇ ਤੱਕ ਵੀ ਆਪਣੇ ਅਸਲਾ ਲਾਇਸੈਂਸ ’ਤੇ ਦਰਜ ਤੀਜਾ ਹਥਿਆਰ ਵੇਚਿਆ ਜਾਂ ਜਮ੍ਹਾਂ ਨਹੀਂ ਕਰਵਾਇਆ ਹੈ।

ਇਸ ਲਈ ਵਿਸ਼ੇਸ਼ ਨੋਟਿਸ ਜਾਰੀ ਕਰਦਿਆਂ ਏਡੀਸੀ ਨੇ ਅਜਿਹੇ ਅਸਲਾ ਲਾਇਸੈਂਸ ਧਾਰਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ 9 ਦਸੰਬਰ 2022 ਤੱਕ ਆਪਣੇ ਅਸਲਾ ਲਾਇਸੈਂਸ ’ਤੇ ਦਰਜ ਤੀਜੇ ਹਥਿਆਰ ਨੂੰ ਵੇਚਣ ਜਾਂ ਜਮ੍ਹਾਂ ਕਰਵਾਉਣ ਸਬੰਧੀ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਉਣ। ਅਜਿਹਾ ਨਾ ਕੀਤੇ ਜਾਣ ਦੀ ਸੂਰਤ ਵਿੱਚ ਨਿਯਮਾਂ ਅਨੁਸਾਰ ਅਜਿਹੇ ਲਾਇਸੰਸ ਧਾਰਕਾਂ ਦਾ ਅਸਲਾ ਲਾਇਸੈਂਸ ਰੱਦ ਕਰਨ ਸਬੰਧੀ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਏਡੀਸੀ ਥਿੰਦ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪਹਿਲਾਂ ਅਜਿਹੇ 274 ਅਸਲਾ ਲਾਇਸੈਂਸ ਮੁਅੱਤਲ ਕਰਦੇ ਹੋਏ ਇਸ ਨੂੰ ਰੱਦ ਕਰਨ ਦੇ ਨੋਟਿਸ ਜਾਰੀ ਕੀਤੇ ਸਨ ਜਿਨ੍ਹਾਂ ਕੋਲ ਤਿੰਨ-ਤਿੰਨ ਹਥਿਆਰ ਸਨ। ਇਨ੍ਹਾਂ ਵਿੱਚੋਂ 52 ਧਾਰਕਾਂ ਨੇ ਲੋੜੀਂਦੀ ਕਾਰਵਾਈ ਮੁਕੰਮਲ ਕਰ ਲਈ ਹੈ ਜਦੋਂਕਿ ਬਾਕੀ 222 ਨੂੰ ਮੁੜ ਤੋਂ ਨੋਟਿਸ ਜਾਰੀ ਕੀਤਾ ਗਿਆ ਹੈ।

ਗੁਰਪ੍ਰੀਤ ਸਿੰਘ ਥਿੰਦ ਨੇ ਹੋਰ ਦੱਸਿਆ ਕਿ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ 18 ਦਸੰਬਰ ਨੂੰ ਅਜਿਹੇ ਅਸਲਾ ਧਾਰਕਾਂ ਦੇ ਅਸਲਾ ਲਾਇਸੈਂਸ ਮੁਅੱਤਲ ਕਰਦੇ ਹੋਏ ਅਸਲਾ ਲਾਇਸੈਂਸ ’ਤੇ ਦਰਜ ਹਥਿਆਰ ਨੂੰ ਕਿਸੇ ਅਧਿਕਾਰਤ ਅਸਲਾ ਡੀਲਰ ਜਾਂ ਸਬੰਧਤ ਥਾਣੇ ਵਿੱਚ ਜਮ੍ਹਾਂ ਕਰਵਾ ਕੇ ਰਸੀਦ ਪੇਸ਼ ਕਰਨੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਸੀ ਪਰ ਬਹੁਤੇ ਅਸਲਾ ਧਾਰਕਾਂ ਨੇ ਇਸ ਨੋਟਿਸ ਦੇ ਜਾਰੀ ਹੋਣ ਦੇ ਬਾਵਜੂਦ ਹਾਲੇ ਤੱਕ ਕੋਈ ਨਹੀਂ ਸੀ ਕਾਰਵਾਈ ਕੀਤੀ।


ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਇਹ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਲਾਇਸੈਂਸਧਾਰਕਾਂ ਦੇ ਪਤੇ ਦੀ ਤਸਦੀਕ ਕਰਨ ਦੇ ਨਾਲ-ਨਾਲ ਲਾਇਸੈਂਸਸ਼ੁਦਾ ਹਥਿਆਰਾਂ ਦੀ ਪੜਤਾਲ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲੋਕਾਂ ਨੂੰ ਹਥਿਆਰਾਂ ਦੇ ਪ੍ਰਦਰਸ਼ਨ ਤੋਂ ਰੋਕਣ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਥਿਆਰਾਂ ਨਾਲ ਆਪਣੀਆਂ ਤਸਵੀਰਾਂ ਹਟਾਉਣ ਲਈ 72 ਘੰਟਿਆਂ ਦਾ ਸਮਾਂ ਦਿੱਤਾ ਗਿਆ ਸੀ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।