'ਪਟਿਆਲਾ ਹੈਰੀਟੇਜ ਫੈਸਟੀਵਲ-2023' ਸ਼ਹਿਰ ਦੀ ਵਿਰਾਸਤ ਦੀ ਸੰਭਾਂਲ ਕਰੇਗੀ ਭਗਵੰਤ ਮਾਨ ਸਰਕਾਰ - ਪਠਾਣਮਾਜਰਾ
ਪਿਛਲੀ ਸਰਕਾਰ ਸਮੇਂ ਪਟਿਆਲਾ ਦੀ ਵਿਰਾਸਤ ਨੂੰ ਵੀ ਸੰਭਾਲਿਆ ਨਹੀਂ ਜਾ ਸਕਿਆ, ਇਸ ਲਈ ਇਨ੍ਹਾਂ ਸਾਰੀਆਂ ਵਿਰਾਸਤੀ ਥਾਵਾਂ ਨੂੰ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੰਭਾਲੇਗੀ।
Patiala Heritage Festival-2023: ਪਟਿਆਲਾ ਪ੍ਰਸ਼ਾਸਨ ਵੱਲੋਂ ਕਰਵਾਏ ਜਾ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ ਤਹਿਤ ਅੱਜ ਪਟਿਆਲਾ ਸ਼ਹਿਰ ਦੇ 260ਵੇਂ ਸਥਾਪਨਾ ਦਿਵਸ ਮੌਕੇ ਪਟਿਆਲਾ ਦੀ ਨੌਜਵਾਨ ਪੀੜ੍ਹੀ ਅਤੇ ਆਮ ਲੋਕਾਂ ਨੂੰ ਸ਼ਹਿਰ ਦੇ ਵਿਰਾਸਤੀ ਤੇ ਪੁਰਾਣੇ ਸਥਾਨਾਂ ਦਾ ਦੌਰਾ ਕਰਵਾਉਣ ਲਈ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਵਿਰਾਸਤੀ ਸੈਰ (ਹੈਰੀਟੇਜ ਵਾਕ) ਕਰਵਾਈ ਗਈ।
ਇੱਥੇ ਸ਼ਾਹੀ ਸਮਾਧਾਂ ਵਿਖੇ ਇਸ ਵਿਰਾਸਤੀ ਸੈਰ ਨੂੰ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਪਿਛਲੀ ਸਰਕਾਰ ਸਮੇਂ ਪਟਿਆਲਾ ਦੀ ਵਿਰਾਸਤ ਨੂੰ ਵੀ ਸੰਭਾਲਿਆ ਨਹੀਂ ਜਾ ਸਕਿਆ, ਇਸ ਲਈ ਇਨ੍ਹਾਂ ਸਾਰੀਆਂ ਵਿਰਾਸਤੀ ਥਾਵਾਂ ਨੂੰ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੰਭਾਲੇਗੀ।
ਹਰਮੀਤ ਸਿੰਘ ਪਠਾਣਮਾਜਰਾ ਨੇ ਪਟਿਆਲਾ ਪ੍ਰਸ਼ਾਸਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਰਾਸਤੀ ਉਤਸਵ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਵਿਰਾਸਤੀ ਸੈਰ ਦਾ ਇਹ ਉਪਰਾਲਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਤੇ ਨੌਜਵਾਨਾਂ ਸਮੇਤ ਆਮ ਲੋਕਾਂ ਨੂੰ ਆਪਣੇ ਸ਼ਹਿਰ ਦੀ 260 ਸਾਲਾਂ ਤੋਂ ਵੀ ਪੁਰਾਣੀ ਪੁਰਾਣੀ ਵਿਰਾਸਤੀ ਹੋਂਦ ਦਾ ਪਤਾ ਲੱਗਿਆ ਹੈ ਅਤੇ ਇਨ੍ਹਾਂ ਨੇ ਅੱਜ ਉਨ੍ਹਾਂ ਸਥਾਨਾਂ ਨੂੰ ਦੇਖਿਆ ਅਤੇ ਇਸ ਦਾ ਇਤਿਹਾਸ ਜਾਣਿਆ ਹੈ, ਜਿਸ ਤੋਂ ਸਾਰੇ ਲੋਕ ਜਾਣੂ ਨਹੀਂ ਹੁੰਦੇ।
ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਵਿਰਾਸਤੀ ਸੈਰ ਦੇ ਸਥਾਨਾਂ ਉਪਰ ਨਗਰ ਨਿਗਮ ਨੇ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਿਊ ਆਰ ਕੋਡ ਵਾਲੇ ਬੋਰਡ ਲਗਾਏ ਹਨ, ਇਸ ਨਾਲ ਇਸ ਅਸਥਾਨ ਦੇ ਮਹੱਤਵ ਤੇ ਜਾਣਕਾਰੀ ਅੰਗਰੇਜ਼ੀ ਤੇ ਪੰਜਾਬੀ ਵਿੱਚ ਮਿਲ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੀ ਵਿਰਾਸਤੀ ਸੈਰ ਲਗਾਤਾਰ ਕਰਵਾਈ ਜਾਵੇਗੀ ਤਾਂ ਕਿ ਸਾਡੀ ਨਵੀਂ ਪੀੜ੍ਹੀ ਨੂੰ ਪਟਿਆਲਾ ਦੀ ਵਿਰਾਸਤ ਬਾਰੇ ਜਾਣੂ ਕਰਵਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨਮਨ ਮੜਕਣ ਅਤੇ ਪਟਿਆਲਾ ਫਾਊਂਡੇਸ਼ਨ ਦੇ ਚੀਫ਼ ਫੰਕਸ਼ਨਰੀ ਰਵੀ ਆਹਲੂਵਾਲੀਆ ਸਮੇਤ ਹੋਰ ਪਤਵੰਤੇ ਮੌਜੂਦ ਸਨ।
ਇਸ ਵਿਰਾਸਤੀ ਸੈਰ ਨੇ ਪਟਿਆਲਾ ਦੀਆਂ ਸ਼ਾਹੀ ਸਮਾਧਾਂ ਤੋਂ ਕਿਲਾ ਮੁਬਾਰਕ ਤੱਕ ਸ਼ਹਿਰ ਦੇ ਅੰਦਰ-ਅੰਦਰ ਬਣੇ ਹੋਏ ਵਿਰਾਸਤੀ ਰਸਤੇ ਤੋਂ ਹੁੰਦੇ ਹੋਏ ਪੁਰਾਣੇ ਸ਼ਹਿਰ ਦੀ ਸੈਰ ਕੀਤੀ। ਇਸ ਵਿਰਾਸਤੀ ਸੈਰ ਦੇ ਕਾਫ਼ਲੇ 'ਚ ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਅਕਸ਼ਿਤਾ ਗੁਪਤਾ, ਆਈ.ਏ.ਐਸ. ਅਧਿਕਾਰੀ ਮਾਨਸੀ, ਡੀ.ਐਸ.ਪੀ. ਸੰਜੀਵ ਸਿੰਗਲਾ, ਹੈਲਥ ਅਫ਼ਸਰ ਡਾ. ਜਸਬੀਰ ਕੌਰ, ਸਰਕਾਰੀ ਮਹਿੰਦਰਾ ਕਾਲਜ, ਡੀ.ਪੀ.ਐਸ. ਸਕੂਲ ਸਮੇਤ ਹੋਰ ਕਈ ਸਕੂਲਾਂ ਤੇ ਕਾਲਜਾਂ ਦੇ ਵੱਡੀ ਗਿਣਤੀ ਵਿਚ ਵਿਦਿਆਰਥੀ ਤੇ ਸ਼ਹਿਰ ਵਾਸੀ ਪੁੱਜੇ।