Municipal Corporation Election : ਪੰਜਾਬ ਵਿੱਚ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਰੱਦ ਕੀਤੀਆਂ ਗਈਆਂ 30 ਵਾਰਡਾਂ ਦੀਆਂ ਚੋਣਾਂ ਹੁਣ ਮੁੜ ਕਰਵਾਈਆਂ ਜਾਣਗੀਆਂ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਅੱਜ 5 ਨਵੰਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਸਕਦਾ ਹੈ।

Continues below advertisement

ਮਿਲੀ ਜਾਣਕਾਰੀ ਮੁਤਾਬਕ ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਲਈ ਚੋਣਾਂ ਦੋ ਪੜਾਵਾਂ ਵਿੱਚ ਹੋਣਗੀਆਂ। ਪਹਿਲੇ ਪੜਾਅ ਤਹਿਤ 28 ਵਾਰਡਾਂ ਵਿੱਚ 22 ਨਵੰਬਰ ਨੂੰ ਵੋਟਾਂ ਪੈਣਗੀਆਂ, ਜਦਕਿ ਬਾਕੀ 2 ਵਾਰਡਾਂ ਵਿੱਚ 29 ਨਵੰਬਰ ਨੂੰ ਵੋਟਿੰਗ ਹੋਣ ਦੀ ਸੰਭਾਵਨਾ ਹੈ।

ਇਨ੍ਹਾਂ ਚੋਣਾਂ ਦੀ ਨਿਗਰਾਨੀ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਾਬਕਾ ਜਸਟਿਸ ਰਾਜੀਵ ਸ਼ਰਮਾ ਦੀ ਅਗਵਾਈ ਹੇਠ ਕਮੇਟੀ ਬਣਾਈ ਗਈ ਹੈ। ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਇਹ ਚੋਣਾਂ ਕਮੇਟੀ ਦੀ ਦੇਖ-ਰੇਖ ਹੇਠ ਕਰਵਾਈਆਂ ਜਾਣਗੀਆਂ।

Continues below advertisement

ਜ਼ਿਕਰਯੋਗ ਹੈ ਕਿ ਦਸੰਬਰ 2024 ਵਿੱਚ ਹੋਈਆਂ ਪਟਿਆਲਾ ਨਗਰ ਨਿਗਮ ਚੋਣਾਂ ਦੌਰਾਨ ਵੱਡੇ ਪੱਧਰ 'ਤੇ ਬੇਨਿਯਮੀਆਂ ਦੇ ਆਰੋਪ ਲੱਗੇ ਸਨ। ਵਿਰੋਧੀ ਪਾਰਟੀਆਂ ਨੇ ਜਾਅਲੀ ਵੋਟਾਂ ਪੈਣ ਅਤੇ ਆਪਣੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਰੋਕਣ ਦੇ ਇਲਜ਼ਾਮ ਲਗਾਏ ਸਨ। ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਫਾੜਨ ਦੇ ਆਰੋਪ ਵੀ ਸਾਹਮਣੇ ਆਏ ਸਨ।

ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਅਦਾਲਤ ਨੇ ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸੇਵਾ-ਮੁਕਤ ਜੱਜ ਜਸਟਿਸ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਫੈਕਟ ਫਾਈਂਡਿੰਗ ਕਮਿਸ਼ਨ ਬਣਾਇਆ ਸੀ। 

ਕਮਿਸ਼ਨ ਦੀ ਰਿਪੋਰਟ ਦੇ ਆਧਾਰ 'ਤੇ ਸੁਪਰੀਮ ਕੋਰਟ ਨੇ 30 ਵਾਰਡਾਂ ਦੀਆਂ ਚੋਣਾਂ ਰੱਦ ਕਰਕੇ ਮੁੜ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਸਨ।ਹੁਣ ਇਨ੍ਹਾਂ ਹੁਕਮਾਂ ਤੋਂ ਬਾਅਦ ਪਟਿਆਲਾ ਦੇ 30 ਵਾਰਡਾਂ ਵਿੱਚ ਮੁੜ ਚੋਣਾਂ ਹੋਣ ਜਾ ਰਹੀਆਂ ਹਨ। ਸਾਰਿਆਂ ਦੀਆਂ ਨਜ਼ਰਾਂ ਅੱਜ ਜਾਰੀ ਹੋਣ ਵਾਲੇ ਨੋਟੀਫਿਕੇਸ਼ਨ ਅਤੇ ਚੋਣ ਪ੍ਰੋਗਰਾਮ 'ਤੇ ਟਿਕੀਆਂ ਹੋਈਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।