Patiala News: ਰੋਡ ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਐਕਸਪ੍ਰੈੱਸਵੇਅ ਦੇ ਚੱਲ ਰਹੇ ਕੰਮ ਨੂੰ ਬੰਦ ਕਰਵਾ ਕੇ ਅਣਮਿਥੇ ਸਮੇਂ ਦਾ ਧਰਨਾ ਸ਼ੁਰੂ ਕਰ ਦਿੱਤਾ ਹੈ। ਐਕਸਪ੍ਰੈੱਸਵੇਅ ਲਈ ਕਿਸਾਨਾਂ ਦੀਆਂ ਐਕੁਆਇਰ ਕੀਤੀਆਂ ਜ਼ਮੀਨਾਂ ਦਾ ਮੁਆਵਜ਼ਾ ਵਧਾਉਣ, ਆਰਬਿਟਰੇਟਰ ਕਮ ਕਮਿਸ਼ਨ ਨੂੰ ਬਦਲੇ ਜਾਣ ਤੇ ਕੀਤੇ ਵਾਅਦੇ ਅਨੁਸਾਰ ਪੂਰਾ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਲਾਏ ਗਏ ਧਰਨੇ ਵਿੱਚ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਨੇ ਮਸਲੇ ਦਾ ਹੱਲ ਨਾ ਕੀਤੇ ਜਾਣ ’ਤੇ ਸਮੁੱਚੇ ਪੰਜਾਬ ਵਿੱਚ ਐਕਸਪ੍ਰੈੱਸਵੇਅ ਦਾ ਚੱਲ ਰਿਹਾ ਕੰਮ ਬੰਦ ਕਰਵਾ ਦੇਣ ਦੀ ਚਿਤਾਵਨੀ ਦਿੱਤੀ ਹੈ।
ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਗਲੋਲੀ ਤੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਰੰਕਾਰ ਸਿੰਘ ਸ਼ੁਤਰਾਣਾ ਨੇ ਕਿਹਾ ਕਿ ਐਕਸਪ੍ਰੈੱਸਵੇਅ ਲਈ ਐਕੁਆਇਰ ਕੀਤੀਆਂ ਗਈਆਂ ਜ਼ਮੀਨਾਂ ਦਾ ਸਰਕਾਰ ਨੇ ਬਹੁਤ ਹੀ ਘੱਟ ਮੁਆਵਜ਼ਾ ਤੈਅ ਕੀਤਾ ਸੀ ਪਰ ਪੂਰਾ ਮੁੱਲ ਲੈਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਪ੍ਰਸ਼ਾਸਨ ਨੇ ਆਰਬਿਟਰੇਟਰ ਕਮ ਕਮਿਸ਼ਨ ਕੋਲ ਕੇਸ ਪਾਉਣ ਤੇ ਉਨ੍ਹਾਂ ਪੂਰਾ ਮੁਆਵਜ਼ਾ ਦੁਆਉਣ ਦਾ ਯਕੀਨ ਦਵਿਾਇਆ ਸੀ ਪਰ ਹੁਣ ਤੱਕ ਉਸ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਹੁੰਦਾ।
ਰੋਡ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕੋਆਡੀਨੇਟਰ ਹਰਮਨਪ੍ਰੀਤ ਸਿੰਘ ਸੰਗਰੂਰ ਨੇ ਕਿਹਾ ਕਿ ਜੇਕਰ ਸਰਕਾਰ ਨੇ ਮਸਲੇ ਦਾ ਹੱਲ ਨਾ ਕੀਤਾ ਤਾਂ ਸਮੁੱਚੇ ਪੰਜਾਬ ਵਿੱਚ ਐਕਸਪ੍ਰੈਸਵੇਅ ਦਾ ਕੰਮ ਬੰਦ ਕਰਵਾ ਦਿੱਤਾ ਜਾਵੇਗਾ। ਕਿਸਾਨ ਯੂਨੀਅਨ ਏਕਤਾ ਅਜ਼ਾਦ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਕਿਸਾਨਾਂ ਦੇ ਸੰਘਰਸ਼ ਦਾ ਪੂਰਾ ਸਾਥ ਦੇ ਕੇ ਉਨ੍ਹਾਂ ਨੂੰ ਪੂਰਾ ਮੁਆਵਜ਼ਾ ਦਵਿਾ ਕੇ ਹੀ ਰਹੇਗੀ। ਐਸਡੀਐਮ ਨਵਦੀਪ ਕੁਮਾਰ ਨੇ ਕਿਹਾ ਕਿ ਧਰਨਾਕਾਰੀਆਂ ਦੀ ਮੁਸ਼ਕਲ ਸੁਣਨ ਲਈ ਨੈਸ਼ਨਲ ਹਾਈਵੇਅ ਤੇ ਨਾਇਬ ਤਹਿਸੀਲਾਦਰ ਪਾਤੜਾਂ ਦੀ ਡਿਊਟੀ ਲਾ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।