Patiala News: ਮਰਨ ਵਰਤ 'ਤੇ ਬੈਠੇ ਕਿਸਾਨ ਲੀਡਰ ਡੱਲੇਵਾਲ ਦੇ ਹੱਕ 'ਚ ਨਿੱਤਰੀ ਕੈਪਟਨ ਦੀ ਧੀ ਜੈ ਇੰਦਰ, ਕਿਸਾਨਾਂ ਨਾਲ ਧਰਨੇ 'ਚ ਬੈਠਣ ਦਾ ਐਲਾਨ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਤੇ ਆਲ ਇੰਡੀਆ ਜਾਟ ਮਹਾਸਭਾ ਦੀ ਮਹਿਲਾ ਸੂਬਾਈ ਪ੍ਰਧਾਨ ਤੇ ਭਾਜਪਾ ਲੀਡਰ ਜੈ ਇੰਦਰ ਕੌਰ ਪਿਛਲੇ ਕਈ ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ
Patiala News : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਤੇ ਆਲ ਇੰਡੀਆ ਜਾਟ ਮਹਾਸਭਾ ਦੀ ਮਹਿਲਾ ਸੂਬਾਈ ਪ੍ਰਧਾਨ ਤੇ ਭਾਜਪਾ ਲੀਡਰ ਜੈ ਇੰਦਰ ਕੌਰ ਪਿਛਲੇ ਕਈ ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਪ੍ਰਦਰਸ਼ਨ ਕਰ ਰਹੇ ਹੋਰ ਕਿਸਾਨਾਂ ਦੀ ਹਮਾਇਤ ਵਿੱਚ ਨਿੱਤਰੇ ਹਨ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੀ ਵਾਅਦਾ-ਖ਼ਿਲਾਫ਼ੀ ਦੇ ਰੋਸ ਵਜੋਂ ਹੀ ਕਿਸਾਨ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ।
ਜੈ ਇੰਦਰ ਕੌਰ ਨੇ ਐਲਾਨ ਕੀਤਾ ਕਿ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ’ਤੇ ਉਹ ਵੀ ਕਿਸਾਨਾਂ ਦੇ ਨਾਲ ਧਰਨੇ ਵਿੱਚ ਬੈਠਣਗੇ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿੱਚ ਕਿਸਾਨ ਪਿਛਲੇ ਕਈ ਦਿਨਾਂ ਤੋਂ ਧਰਨਿਆਂ ’ਤੇ ਬੈਠੇ ਹਨ। ਸਰਕਾਰ ਪਰਾਲੀ ਪ੍ਰਬੰਧਨ ਲਈ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਵਾਅਦਾ ਕਰਕੇ ਖਰੀ ਨਹੀਂ ਉੱਤਰੀ। ਪਰਾਲੀ ਸਾੜਨ ਦੇ ਦੋਸ਼ ਹੇਠ ਕਿਸਾਨਾਂ ਖ਼ਿਲਾਫ਼ ਪਰਚੇ ਦਰਜ ਕੀਤੇ ਗਏ ਹਨ।
ਦੱਸ ਦਈਏ ਕਿ ਕਿਸਾਨੀ ਮੰਗਾਂ ਮੰਨਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਜ਼ਿਲ੍ਹਾ ਪ੍ਰਧਾਨ ਜ਼ੋਰਾਵਰ ਸਿੰਘ ਬਲਬੇੜਾ ਦੀ ਅਗਵਾਈ ਹੇਠ ਰਾਜਪੁਰਾ ਰੋਡ ’ਤੇ ਧਰੇੜੀ ਜੱਟਾਂ ਟੌਲ ਪਲਾਜ਼ਾ ’ਤੇ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨਾਂ ਨੇ ਬੁੱਧਵਾਰ ਨੂੰ ਜ਼ੀਰਕਪੁਰ-ਬਠਿੰਡਾ ਹਾਈਵੇਅ ’ਤੇ ਤਿੰਨ ਘੰਟਿਆਂ ਲਈ ਆਵਾਜਾਈ ਬੰਦ ਰੱਖੀ। ਪੁਲਿਸ ਨੇ ਆਵਾਜਾਈ ਬਹਾਲ ਰੱਖਣ ਲਈ ਬਦਲਵੇਂ ਰਸਤਿਆਂ ਦਾ ਪ੍ਰਬੰਧ ਕੀਤਾ।
ਯੂਨੀਅਨ ਦੇ ਸੂਬਾਈ ਵਿੱਤ ਸਕੱਤਰ ਨੰਬਰਦਾਰ ਮਾਨ ਸਿੰਘ ਰਾਜਪੁਰਾ, ਜ਼ਿਲ੍ਹਾ ਪ੍ਰਧਾਨ ਜ਼ੋਰਾਵਰ ਸਿੰਘ ਬਲਬੇੜਾ, ਸਵਰਨ ਸਿੰਘ ਧਰੇੜੀ ਸਮੇਤ ਹੋਰਨਾਂ ਆਗੂਆਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ, ਪਰ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਹ ਸੰਘਰਸ਼ ’ਤੇ ਡਟੇ ਰਹਿਣਗੇ।
ਦੱਸਣਯੋਗ ਹੈ ਕਿ 16 ਨਵੰਬਰ ਨੂੰ ਲਾਏ ਇਸ ਧਰਨੇ ਦੌਰਾਨ ਪਹਿਲੇ ਤਿੰਨ ਦਿਨ ਸੱਤ-ਸੱਤ ਘੰਟੇ ਆਵਾਜਾਈ ਠੱਪ ਰੱਖੀ ਗਈ। ਇਸ ਦੌਰਾਨ ਦੋ ਕਿਸਾਨ ਆਗੂਆਂ ਵੱਲੋਂ ਰੱਖਿਆ ਗਿਆ ਮਰਨ ਵਰਤ ਵੀ ਹਾਈਕਮਾਨ ਦੀ ਹਦਾਇਤ ’ਤੇ ਖੋਲ੍ਹ ਦਿੱਤਾ ਗਿਆ, ਪਰ ਹੁਣ ਯੂਨੀਅਨ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੀ ਵੀ ਸਰਕਾਰ ਵੱਲੋਂ ਪ੍ਰਵਾਹ ਨਾ ਕੀਤੇ ਜਾਣ ਦੇ ਰੋਸ ਵਿੱਚ ਉਨ੍ਹਾਂ 22 ਤੇ 23 ਨਵੰਬਰ ਨੂੰ ਆਵਜਾਈ ਠੱਪ ਕੀਤੀ।