Patiala News: ਬੀਜੇਪੀ ਖਿਲਾਫ ਗੁੱਸੇ ਦੀ ਪ੍ਰਨੀਤ ਕੌਰ ਸ਼ਿਕਾਰ! ਕਿਸਾਨ ਮੰਗ ਰਹੇ ਇੱਕ-ਇੱਕ ਡੰਡੇ ਦਾ ਹਿਸਾਬ
Patiala News: ਲੋਕ ਸਭਾ ਹਲਕਾ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਨੂੰ ਕਿਸਾਨਾਂ ਦੇ ਵਿਰੋਧ ਦਾ ਲਗਾਤਾਰ ਸਾਹਮਣਾ ਕਰਨਾ ਪੈ ਰਿਹਾ ਹੈ।
Patiala News: ਲੋਕ ਸਭਾ ਹਲਕਾ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਨੂੰ ਕਿਸਾਨਾਂ ਦੇ ਵਿਰੋਧ ਦਾ ਲਗਾਤਾਰ ਸਾਹਮਣਾ ਕਰਨਾ ਪੈ ਰਿਹਾ ਹੈ। ਅਹਿਮ ਗੱਲ ਹੈ ਕਿ ਕੁਝ ਸਮਾਂ ਪਹਿਲਾਂ ਜਿੱਥੇ ਕਾਂਗਰਸੀ ਸੰਸਦ ਮੈਂਬਰ ਵਜੋਂ ਉਨ੍ਹਾਂ ਦਾ ਸਵਾਗਤ ਹੁੰਦਾ ਸੀ, ਉੱਥੇ ਹੀ ਬੀਜੇਪੀ ਦੀ ਉਮੀਦਵਾਰ ਬਣਨ ਮਗਰੋਂ ਉਨ੍ਹਾਂ ਨੂੰ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਹਰਿਆਣਾ ਦੀਆਂ ਸਰਹੱਦਾਂ ਉਪਰ ਕਿਸਾਨਾਂ ਨਾਲ ਕੀਤੀ ਗਈ ਸਖਤੀ ਦਾ ਗੁੱਸਾ ਹੁਣ ਪ੍ਰਨੀਤ ਕੌਰ ਨੂੰ ਸਹਿਣਾ ਪੈ ਰਿਹਾ ਹੈ।
ਹਾਸਲ ਜਾਣਕਾਰੀ ਮੁਤਾਬਕ ਵੀਰਵਾਰ ਨੂੰ ਪਾਤੜਾਂ ਫੇਰੀ ਦੌਰਾਨ ਫੇਰ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਨੇ ਪ੍ਰਨੀਤ ਕੌਰ ਨੂੰ ਕਾਲੀਆਂ ਝੰਡੀਆਂ ਦਿਖਾਉਂਦਿਆਂ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪੁਲਿਸ ਵੱਲੋਂ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਪਰ ਫਿਰ ਵੀ ਕਿਸਾਨਾਂ ਨੇ ਜੰਮ ਕੇ ਵਿਰੋਧ ਕੀਤਾ।
ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਦੇ ਆਗੂਆਂ ਦਾ ਦੋਸ਼ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਪੂਰੀਆਂ ਕਰਨ ਦੀ ਬਜਾਏ ਕਿਸਾਨਾਂ ਦੇ ਜ਼ਖਮਾਂ ਉੱਤੇ ਲੂਣ ਛਿੜਕਿਆ ਹੈ। ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਗੱਡੀ ਹੇਠ ਕੁਚਲਣ ਵਾਲੇ ਅਜੇ ਮਿਸ਼ਰਾ ਟੈਨੀ ਨੂੰ ਸਜ਼ਾਵਾਂ ਦੇਣ ਦੀ ਬਜਾਏ ਟਿਕਟਾਂ ਦੇ ਕੇ ਨਿਵਾਜਿਆ ਹੈ। ਲੋਕ ਸਭਾ ਚੋਣਾਂ ਤੱਕ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਭਾਜਪਾ ਉਮੀਦਵਾਰਾਂ ਦਾ ਡਟਵਾਂ ਵਿਰੋਧ ਜਾਰੀ ਰਹੇਗਾ।
ਉਧਰ, ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਇੱਕ ਨੂੰ ਆਪਣੀ ਗੱਲ ਕਹਿਣ ਦਾ ਅਧਿਕਾਰ ਹੈ। ਹੁਣ ਉਨ੍ਹਾਂ ਦੇ ਆਪਣੇ ਭੈਣ ਭਰਾ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ ਜਿਨ੍ਹਾਂ ਲਈ ਉਨ੍ਹਾਂ ਵਕਾਲਤ ਕਰਕੇ ਐਕਸਪ੍ਰੈਸਵੇਅ ਲਈ ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਦਿਵਾਉਣ ਤੇ ਇਲਾਕੇ ਨੂੰ ਹੜ੍ਹ ਤੋਂ ਬਚਾਉਣ ਲਈ ਪਿੱਲਰ ਤੇ ਸੜਕਾਂ ਬਣਵਾਉਣ ਦੇ ਮਸਲੇ ਹੱਲ ਕਰਵਾਏ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇੱਕ ਮੌਕਾ ਹੋਰ ਦਿੱਤਾ ਜਾਵੇ ਤਾਂ ਕਿ ਉਹ ਕਿਸਾਨਾਂ ਦੇ ਵਕੀਲ ਬਣ ਕੇ ਕਿਸਾਨਾਂ ਦੀਆਂ ਮੰਗਾਂ ਹੱਲ ਕਰਵਾ ਸਕਣ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਪਟਿਆਲਾ ਤੋਂ ਵਾਇਆ ਸਮਾਣਾ, ਪਾਤੜਾਂ, ਮੂਨਕ ਤੇ ਜਾਖਲ ਰੇਲਵੇ ਲਾਈਨ ਦਾ ਚਾਰ ਵਾਰ ਸਰਵੇ ਕਰਵਾਇਆ ਹੈ ਪਰ ਉਨ੍ਹਾਂ ਨੂੰ ਸਫਲਤਾ ਨਾ ਮਿਲਣ ’ਤੇ ਅਫਸੋਸ ਹੈ।