Patiala News: ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਿਸ ਪੂਰੀ ਤਰ੍ਹਾਂ ਅਲਰਟ, ਡੀਜੀਪੀ ਗੌਰਵ ਯਾਦਵ ਖੁਦ ਲੈ ਰਹੇ ਜਾਇਜ਼ਾ
Patiala News: ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਿਸ ਪੂਰੀ ਤਰ੍ਹਾਂ ਅਲਰਟ ਹੈ। ਡੀਜੀਪੀ ਗੌਰਵ ਯਾਦਵ ਖੁਦ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ।
Patiala News: ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਿਸ ਪੂਰੀ ਤਰ੍ਹਾਂ ਅਲਰਟ ਹੈ। ਡੀਜੀਪੀ ਗੌਰਵ ਯਾਦਵ ਖੁਦ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਤੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਹਮੇਸ਼ਾ ਤਤਪਰ ਹੈ। ਉਹ ਮੰਗਲਵਾਰ ਨੂੰ ਚਾਰ ਜ਼ਿਲ੍ਹਿਆਂ ’ਤੇ ਆਧਾਰਤ ਪਟਿਆਲਾ ਰੇਂਜ ਦੇ ਪੁਲਿਸ ਅਧਿਕਾਰੀਆਂ ਦੀ ਉਚ ਪੱਧਰੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਹਦਾਇਤ ਹੈ ਕਿ ਪੰਜਾਬ ਪੁਲਿਸ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾਵੇ, ਤਾਂ ਜੋ ਇਹ ਦੇਸ਼ ਦੀ ਸਰਵੋਤਮ ਪੁਲਿਸ ਫੋਰਸ ਵਜੋਂ ਉੱਭਰ ਸਕੇ।
ਮੇਜ਼ਬਾਨ ਹੋਣ ਨਾਤੇ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਜਿਥੇ ਮੀਟਿੰਗ ਦੇ ਮੁੱਖ ਪ੍ਰਬੰਧਕ ਰਹੇ, ਉਥੇ ਹੀ ਉਨ੍ਹਾਂ ਸੁਤੰਤਰਤਾ ਦਿਵਸ ਸਬੰਧੀ ਆਪਣੇ ਜ਼ਿਲ੍ਹੇ ਪਟਿਆਲਾ ’ਚ ਹੋਣ ਵਾਲੇ ਸੂਬਾਈ ਸਮਾਗਮ ਸਬੰਧੀ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧਾਂ ਬਾਰੇ ਵੀ ਜਾਣੂ ਕਰਵਾਇਆ ਜਿਸ ’ਤੇ ਡੀਜੀਪੀ ਨੇ ਤਸੱਲੀ ਪ੍ਰਗਟਾਈ।
ਹੜ੍ਹਾਂ ਦੌਰਾਨ ਰਾਹਤ ਕਾਰਜਾਂ ਵਜੋਂ ਨਿਭਾਈ ਗਈ ਭੂਮਿਕਾ ਲਈ ਵੀ ਡੀਜੀਪੀ ਗੌਰਵ ਯਾਦਵ ਨੇ ਐਸਐਸਪੀ ਵਰੁਣ ਸ਼ਰਮਾ ਤੇ ਉਨ੍ਹਾਂ ਦੀ ਟੀਮ ਦੀ ਪਿੱਠ ਥਾਪੜੀ। ਰਾਹਤ ਕਾਰਜਾਂ ਦੌਰਾਨ ਕਿਸ਼ਤੀ ਪਲਟਣ ਕਾਰਨ ਐਸਪੀ ਸਰਫਰਾਜ ਆਲਮ, ਡੀਐਸਪੀ ਗੁਰਦੇਵ ਧਾਲੀਵਾਲ ਤੇ ਇੰਸਪੈਕਟਰ ਹਰਜਿੰਦਰ ਢਿੱਲੋਂ ਦੇ ਜ਼ਖ਼ਮੀ ਹੋਣ ਦੀ ਘਟਨਾ ਦੀ ਚਰਚਾ ਵੀ ਹੋਈ।
ਮੀਟਿੰਗ ’ਚ ਪਟਿਆਲਾ ਰੇਂਜ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ ਸਣੇ ਪਟਿਆਲਾ, ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਦੇ ਐਸਐਸਪੀ’ਜ਼ ਵਰੁਣ ਸ਼ਰਮਾ, ਸੁਰਿੰਦਰ ਲਾਂਬਾ, ਸੰਦੀਪ ਮਲਿਕ ਤੇ ਗੁਰਸ਼ਰਨਦੀਪ ਸਿੰਘ ਗਰੇਵਾਲ ਮੌਜੂਦ ਸਨ। ਇਸ ਦੌਰਾਨ ਡੀਜੀਪੀ ਨੇ ਪੁਲਿਸ ਮੁਲਾਜ਼ਮਾਂ ਦੀ ਭਲਾਈ ਲਈ ਬਣਾਈ ਕੰਟੀਨ ਦਾ ਉਦਘਾਟਨ ਵੀ ਕੀਤਾ, ਜਿੱਥੇ ਉਹ ਰਿਆਇਤੀ ਦਰਾਂ ’ਤੇ ਰੋਜ਼ਾਨਾ ਲੋੜ ਦੀਆਂ ਵਸਤੂਆਂ ਖਰੀਦ ਸਕਦੇ ਹਨ।
ਇਸੇ ਤਰ੍ਹਾਂ ਡੀਜੀਪੀ ਗੌਰਵ ਯਾਦਵ ਨੇ ਮੁਹਾਲੀ ਦਾ ਦੌਰਾ ਕਰਕੇ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਮੁਹਾਲੀ ਵਿੱਚ ਤਿੰਨ ਜ਼ਿਲ੍ਹਿਆਂ ਮੁਹਾਲੀ, ਰੂਪਨਗਰ ਤੇ ਸ੍ਰੀ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪੁਲੀਸ ਮੁਖੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਰੂਪਨਗਰ ਰੇਂਜ ਦੇ ਆਈਜੀ ਗੁਰਪ੍ਰੀਤ ਸਿੰਘ ਭੁੱਲਰ, ਮੁਹਾਲੀ ਦੇ ਐਸਐਸਪੀ ਡਾ. ਸੰਦੀਪ ਗਰਗ, ਰੂਪਨਗਰ ਦੇ ਐਸਐਸਪੀ ਵਿਵੇਕਸ਼ੀਲ ਸੋਨੀ ਤੇ ਸ੍ਰੀ ਫਤਹਿਗੜ੍ਹ ਸਾਹਿਬ ਦੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਹਾਜ਼ਰ ਸਨ।