Patiala News: ਪੰਜਾਬ ਪੁਲਿਸ ਵੱਲੋਂ ‘ਭਗੌੜੇ’ ਐਲਾਨੇ ਗਏ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ। ਪੰਜਾਬ ਭਰ ਵਿੱਚ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਸੰਬਧਤ ਸਰਗਰਮ ਆਗੂਆਂ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਪਟਿਆਲਾ ਪੁਲਿਸ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਨੈਸ਼ਨਲ ਹਾਈਵੇ 44 ਨੂੰ ਜਾਮ ਕਰਨ ਦੀ ਕਾਲ ਦੇਣ ਵਾਲੇ ਹਰਿਆਣਾ ਦੇ ਪਿੰਡ ਜਲਵੇੜਾ ਦੇ ਵਾਸੀ ਨਵਦੀਪ ਸਿੰਘ ਤੇ ਪਿੰਡ ਪਜੋਖੜਾ ਸਾਹਿਬ ਦੇ ਰਹਿਣ ਵਾਲੇ ਸਿਮਰਨ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ।


ਇਹ ਵੀ  ਪੜ੍ਹੋ : ਫ਼ਾਜ਼ਿਲਕਾ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਨਾਲ ਸੰਬਧਤ ਇੱਕ ਵਿਅਕਤੀ ਨੂੰ ਕੀਤਾ ਕਾਬੂ

ਐਸਐਸਪੀ ਵਰੁਣ ਸ਼ਰਮਾ ਮੁਤਾਬਕ ਇਨ੍ਹਾਂ ਦੋਵੇਂ ਨੌਜਵਾਨਾਂ ਨੂੰ ਪਟਿਆਲਾ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਨੌਜਵਾਨਾਂ ਵੱਲੋਂ ਸ਼ੰਭੂ ਬਾਰਡਰ 'ਤੇ ਹਾਈਵੇ ਜਾਮ ਕਰਨ ਦੀ ਕਾਲ ਦਿੱਤੀ ਸੀ ਪਰ ਸ਼ੰਭੂ ਪੁਲੀਸ ਵੱਲੋਂ ਪਹਿਲਾਂ ਹੀ ਇਨ੍ਹਾਂ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਨਵਦੀਪ ਸਿੰਘ ਦੀ ਕਾਲ 'ਤੇ ਇੱਕਾ ਦੁੱਕਾ ਨੌਜਵਾਨ ਇਕੱਠੇ ਹੋਣ ਲੱਗੇ ਤਾਂ ਪੁਲਿਸ ਵੱਲੋਂ ਸੰਭੂ ਟੋਲ ਪਲਾਜ਼ਾ 'ਤੇ ਸਖ਼ਤਾਈ ਵਧਾਈ ਗਈ ਤੇ ਨਾਲ ਹੀ ਹਰਿਆਣਾ ਪੁਲਿਸ ਵੱਲੋਂ ਵੀ ਦੂਜੀ ਸਾਈਡ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਲਾ ਦਿੱਤੀ।

ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਨੂੰ ਵੀ ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ਭੇਜਿਆ

ਉਧਰ ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਵੀ ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਹਰਜੀਤ ਸਿੰਘ ਤੇ ਅੰਮ੍ਰਿਤਪਾਲ ਸਿੰਘ ਦੇ ਡਰਾਈਵਰ ਨੇ ਐਤਵਾਰ ਰਾਤ ਨੂੰ ਜਲੰਧਰ ਦੇ ਮਹਿਤਪੁਰ ਇਲਾਕੇ ਦੇ ਗੁਰਦੁਆਰੇ ਨੇੜੇ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ। ਇਸ ਮਗਰੋਂ ਹਰਜੀਤ ਸਿੰਘ ਨੂੰ ਡਿੱਬਰੂਗੜ੍ਹ ਲਿਜਾਇਆ ਜਾ ਰਿਹਾ ਹੈ। ਐਸਐਸਪੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ। ਪੁਲਿਸ ਹੁਣ ਤੱਕ ਅੰਮ੍ਰਿਤਪਾਲ ਸਿੰਘ ਦੇ 112 ਸਮਰਥਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ।

ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਨੂੰ ‘ਭਗੌੜਾ’ ਐਲਾਨੇ ਜਾਣ ਦੇ ਮੱਦੇਨਜ਼ਰ ਖੁਫੀਆ ਏਜੰਸੀਆਂ ਨੂੰ ਲੱਗਦਾ ਹੈ ਕਿ ਉਹ ਭਾਰਤ-ਨੇਪਾਲ ਸਰਹੱਦ ਜਾਂ ਪੰਜਾਬ ਵਿੱਚ ਕੌਮਾਂਤਰੀ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਸਕਦਾ ਹੈ। ਭਾਰਤ-ਨੇਪਾਲ ਸਰਹੱਦ ਦੀ ਸੁਰੱਖਿਆ ਸਸ਼ਤਰ ਸੀਮਾ ਬਲ ਵੱਲੋਂ ਕੀਤੀ ਜਾਂਦੀ ਹੈ ਤੇ ਪੰਜਾਬ ਵਿੱਚ ਕੌਮਾਂਤਰੀ ਸਰਹੱਦ ਦੀ ਰਾਖੀ ਬੀਐਸਐਫ ਕਰ ਰਹੀ ਹੈ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।