Patiala News: ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਤੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਭਗਵੰਤ ਮਾਨ ਸਰਕਾਰ ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿਆਸੀ ਵਿਰੋਧੀਆਂ ਤੇ ਉਨ੍ਹਾਂ ਨਾਲ ਸਬੰਧ ਰੱਖਣ ਵਾਲੇ ਵਪਾਰੀ ਭਾਈਚਾਰੇ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੁਖਲਾਹਟ ’ਚ ਆਈ ‘ਆਪ’ ਸਰਕਾਰ ਵੱਲੋਂ ਵਿਰੋਧੀ ਰਾਜਸੀ ਧਿਰਾਂ ਨਾਲ ਖੜ੍ਹਨ ਵਾਲੇ ਵਪਾਰੀ ਤੇ ਹੋਰ ਕਾਰੋਬਾਰੀਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।


ਦੱਸ ਦਈਏ ਕਿ ਅਧਿਕਾਰਤ ਤੌਰ ’ਤੇ ਪ੍ਰਨੀਤ ਕੌਰ ਭਾਵੇਂ ਕਾਂਗਰਸ ਦੇ ਸੰਸਦ ਮੈਂਬਰ ਵਜੋਂ ਕਾਰਜਸ਼ੀਲ ਹਨ, ਪਰ ਇੱਥੋਂ ਦੇ ਮੇਅਰ ਸੰਜੀਵ ਬਿੱਟੂ ਤੇ ਦੋ ਦਰਜਨ ਤੋਂ ਵੱਧ ਕੌਂਸਲਰਾਂ ਦੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਭਾਜਪਾ ’ਚ ਸ਼ਾਮਲ ਹੋਣ ਮਗਰੋਂ ਨਗਰ ਨਿਗਮ ਪਟਿਆਲਾ ’ਚ ਭਾਜਪਾ ਦਾ ਕਬਜ਼ਾ ਹੋ ਗਿਆ ਹੈ। 


ਪ੍ਰਨੀਤ ਕੌਰ ਨੇ ਪਟਿਆਲਾ ਪ੍ਰਸ਼ਾਸਨ ’ਤੇ ਤਿੱਖਾ ਹਮਲਾ ਕਰਦਿਆਂ ਸਥਾਨਕ ਪ੍ਰਸ਼ਾਸਨ ’ਤੇ ਰਾਜ ਸਰਕਾਰ ਦੀ ਸ਼ਹਿ ’ਤੇ ਆਪਣੇ ਰਾਜਸੀ ਵਿਰੋਧੀ ਤੇ ਉਨ੍ਹਾਂ ਨਾਲ ਸਬੰਧ ਰੱਖਣ ਵਾਲੇ ਵਪਾਰੀ ਭਾਈਚਾਰੇ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉੱਪਲ ਨੂੰ ਮੰਗ ਪੱਤਰ ਵੀ ਸੌਂਪਿਆ ਜਿਸ ਦੌਰਾਨ ਮੇਅਰ ਸਮੇਤ ਕਈ ਉਹ ਕੌਂਸਲਰ ਵੀ ਮੌਜੂਦ ਸਨ, ਜੋ ਪਿਛਲੇ ਦਿਨੀਂ ਭਾਜਪਾ ’ਚ ਸ਼ਾਮਲ ਹੋਏ ਹਨ। 



ਇਸ ਦੌਰਾਨ ਪ੍ਰਨੀਤ ਕੌਰ ਨੇ ਖਾਸ ਕਰਕੇ ਕੁਝ ਦੁਕਾਨਾਂ ਆਦਿ ਸੀਲ ਕਰਨ ਦਾ ਮੁੱਦਾ ਉਭਾਰਿਆ। ਉਨ੍ਹਾਂ ਦਾ ਕਹਿਣਾ ਸੀ ਕਿ ਅਜਿਹਾ ਸਭ ਪ੍ਰਸਾਸਨ ਵੱਲੋਂ ਵਿਰੋਧੀਆਂ ਨੂੰ ਤੰਗ ਕਰਨ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਇਹ ਵੀ ਤਰਕ ਸੀ ਕਿ ਜੇਕਰ ਕਿਤੇ ਕੋਈ ਦੁਕਾਨ ਆਦਿ ਨਕਸ਼ੇ ਤੋਂ ਬਿਨਾਂ ਵੀ ਬਣੀ ਹੈ ਤਾਂ ਉਸ ਸਬੰਧੀ ਨਿਰਧਾਰਤ ਨਿਯਮਾਂ ਤਹਿਤ ਫੀਸ ਭਰਵਾ ਕੇ ਉਸ ਨੂੰ ਕਾਨੂੰਨ ਤੇ ਨਿਯਮਾਂ ਮੁਤਾਬਿਕ ਦਾਇਰੇ ’ਚ ਲਿਆਂਦਾ ਜਾ ਸਕਦਾ ਹੈ। 


ਉਨ੍ਹਾਂ ਦਾ ਕਹਿਣਾ ਸੀ ਕਿ ਬਦਲਾਖੋਰੀ ਦੀ ਇਸ ਕਾਰਵਾਈ ਦੌਰਾਨ 250 ਵਪਾਰਕ ਦੁਕਾਨਾਂ ਨੂੰ ਸੀਲ ਕੀਤਾ ਗਿਆ ਹੈ। ਉਨ੍ਹਾਂ ਸ਼ਹਿਰ ਦੇ ਹਰ ਵਾਰਡ ਵਿੱਚ ਸਟਰੀਟ ਲਾਈਟਾਂ ਦੀ ਘਾਟ ਤੇ ਪਟਿਆਲਾ ਦੀ ਸਵੱਛਤਾ ਦਰਜਾਬੰਦੀ ਵਿੱਚ ਭਾਰੀ ਗਿਰਾਵਟ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਵਿੱਚੋਂ ਹੀ ਸਾਲ 2024 ’ਚ ਵੀ ਕੋਈ ਵਿਅਕਤੀ ਆਉਣ ਵਾਲੀਆਂ ਲੋਕ ਸਭਾ ਚੋਣਾ ਜ਼ਰੂਰ ਲੜੇਗਾ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: