Patiala News: ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿੱਤੀ ਸਾਲ 2022-23 'ਚ ਸੂਬੇ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ (ਏ.ਆਈ.ਐਫ) 'ਚ ਚੰਗਾ ਪ੍ਰਦਰਸ਼ਨ ਕਰਦਿਆਂ ਮਾਰਚ 2023 ਤਕ 2877 ਕਰੋੜ ਦੇ ਨਿਵੇਸ਼ ਨੂੰ ਆਕਰਸ਼ਿਤ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਉਕਤ ਨਿਵੇਸ਼ 'ਚੋਂ 1395 ਕਰੋੜ ਕਰਜ਼ਾ ਰਾਸ਼ੀ ਹੈ ਜਿਸ ਵਿਚੋਂ ਏ.ਆਈ.ਐਫ ਸਕੀਮ ਤਹਿਤ 2155 ਪ੍ਰੋਜੈਕਟਾਂ ਲਈ 720 ਕਰੋੜ ਮਨਜ਼ੂਰ ਕੀਤੇ ਗਏ ਹਨ ਅਤੇ ਪਿਛਲੇ ਸਾਲ ਦੀ ਤੁਲਨਾ 'ਚ 2022-23 'ਚ 450 ਫ਼ੀਸਦੀ ਵੱਧ ਨਿਵੇਸ਼ ਆਕਰਸ਼ਿਤ ਹੋਇਆ ਹੈ। ਜਦਕਿ ਅਰਜ਼ੀਆਂ ਦੀ ਪ੍ਰਾਪਤੀ ਵਿਚ 950 ਫ਼ੀਸਦੀ ਦਾ ਭਾਰੀ ਵਾਧਾ ਹੋਇਆ ਹੈ ਤੇ ਸਕੀਮ ਅਧੀਨ ਮਨਜ਼ੂਰ ਰਕਮ ਵਿਚ 400 ਫੀਸਦੀ ਵਾਧਾ ਦੇਖਣ ਨੂੰ ਮਿਲਿਆ ਹੈ ।
ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਸਕੀਮ ਤਹਿਤ ਕੁੱਲ 4713 ਕਰੋੜ ਰੁਪਏ ਦੇ ਫ਼ੰਡ ਮਨਜ਼ੂਰ ਹੋਏ ਹਨ, ਜਿਸ ਅਧੀਨ ਪਟਿਆਲਾ, ਬਠਿੰਡਾ, ਸੰਗਰੂਰ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਜ਼ਿਲਿਆਂ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਸੂਬੇ ਭਰ 'ਚ ਪਟਿਆਲਾ ਨਿਵੇਸ਼ ਪੱਖੋਂ ਤੀਜੇ ਸਥਾਨ 'ਤੇ ਹੈ, ਜਿਥੇ ਕੁਲ 350 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਅਧੀਨ 335.66 ਕਰੋੜ ਦਾ ਨਿਵੇਸ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁੱਲ 169.37 ਕਰੋੜ ਦੀ ਕਰਜ਼ਾ ਰਾਸ਼ੀ ਵਿਚੋਂ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਅਧੀਨ ਪ੍ਰੋਜੈਕਟਾਂ ਲਈ 97.79 ਕਰੋੜ ਰੁਪਏ ਦੇ ਫ਼ੰਡ ਦੀ ਮਨਜ਼ੂਰੀ ਦਿੱਤੀ ਗਈ l
ਇਸ ਸਬੰਧੀ ਡਿਪਟੀ ਡਾਇਰੈਕਟਰ ਬਾਗਬਾਨੀ ਨਰਿੰਦਰ ਪਾਲ ਸਿੰਘ ਮਾਨ ਨੇ ਦੱਸਿਆ ਕਿ ਫ਼ੰਡ ਪ੍ਰਾਪਤ ਕਰਨ 'ਚ ਬਾਗਬਾਨੀ ਵਿਭਾਗ, ਨਾਬਾਰਡ, ਵਿੱਤੀ ਸੰਸਥਾਵਾਂ, ਸਹਾਇਕ ਵਿਭਾਗਾਂ ਅਤੇ ਹਿੱਸੇਦਾਰਾਂ ਦੇ ਸਹਿਯੋਗ ਅਤੇ ਸਾਂਝੇ ਯਤਨ ਸ਼ਾਮਲ ਹਨ। ਇਸ ਵਿੱਤੀ ਸਾਲ ਦੌਰਾਨ ਇਨ੍ਹਾਂ ਅੰਕੜਿਆਂ ਦੇ ਹੋਰ ਸੁਧਾਰ ਅਤੇ ਵਾਧਾ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ (ਐ.ਆਈ.ਐਫ) ਦੀ ਰਕਮ ਪੂਰੇ ਭਾਰਤ ਵਿਚ 1 ਲੱਖ ਕਰੋੜ ਹੈ, ਜਿਸ ਦੀ ਵਰਤੋਂ ਪੈਦਾਵਾਰ ਦੀ ਮੈਨੇਜਮੈਂਟ ਅਤੇ ਕਮਿਊਨਿਟੀ ਫਾਰਮਿੰਗ ਐਸਟ ਤਿਆਰ ਕਰਨ ਨੂੰ ਕੀਤੀ ਜਾਵੇਗੀ। ਇਸ ਸਕੀਮ ਤਹਿਤ 2 ਕਰੋੜ ਦੇ ਕਰਜ਼ੇ ਤਕ 3 ਫ਼ੀਸਦੀ ਵਿਆਜ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਸਹਾਇਤਾ ਦਾ ਲਾਭ 7 ਸਾਲਾਂ ਤਕ ਲਾਈ ਮਿਲ ਸਕਦੀ ਹੈ ਅਤੇ ਹਰ ਲਾਭਪਾਤਰੀ 25 ਪ੍ਰੋਜੈਕਟ ਸਥਾਪਿਤ ਕਰ ਸਕਦਾ ਹੈ।